Amritsar News : ਅੰਮ੍ਰਿਤਸਰ ਚ ਸਰਹੱਦ ਪਾਰ ਤੋਂ ਚੱਲ ਰਹੇ ਨਾਰਕੋ ਤਸਕਰੀ ਗਿਰੋਹ ਦਾ ਪਰਦਾਫ਼ਾਸ਼, ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

Amritsar Police : ਪੁਲਿਸ ਨੇ ਮਾਮਲੇ ਸਬੰਧੀ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਪੁਲਿਸ ਥਾਣਾ ਗੇਟ ਹਕੀਮਾ, ਅੰਮ੍ਰਿਤਸਰ ਵਿੱਚ ਐਫਆਈਆਰ ਦਰਜ ਕਰ ਲਈ ਹੈ। ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਉਨ੍ਹਾਂ ਦੇ ਅੱਗੇ–ਪਿੱਛੇ ਦੇ ਸਾਰੇ ਲਿੰਕ ਖੰਗਾਲੇ ਜਾ ਰਹੇ ਹਨ।

By  KRISHAN KUMAR SHARMA December 18th 2025 03:15 PM -- Updated: December 18th 2025 03:18 PM

Amritsar Police : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਕਾਮਯਾਬੀ ਹਾਸਲ ਕੀਤੀ ਗਈ ਹੈ। ਪੁਲਿਸ ਨੇ ਅਗਲੇ–ਪਿਛਲੇ ਸਬੰਧਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਸਰਹੱਦ ਪਾਰ ਨਾਰਕੋ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 4.5 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤਾ ਗਿਆ।

ਪੁਲਿਸ ਅਧਿਕਾਰੀਆਂ ਮੁਤਾਬਕ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਦੇ ਜ਼ਰੀਏ ਇੱਕ ਵਿਦੇਸ਼ੀ ਹੈਂਡਲਰ ਨਾਲ ਲਗਾਤਾਰ ਸੰਪਰਕ ਵਿੱਚ ਸਨ। ਵਿਦੇਸ਼ੀ ਹੈਂਡਲਰ ਵੱਲੋਂ ਮਿਲਦੇ ਨਿਰਦੇਸ਼ਾਂ ਅਨੁਸਾਰ ਇਹ ਤਸਕਰ ਵੱਖ–ਵੱਖ ਥਾਵਾਂ ‘ਤੇ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪਹੁੰਚਾਉਣ ਦਾ ਕੰਮ ਕਰ ਰਹੇ ਸਨ। ਪੁਲੀਸ ਦਾ ਮੰਨਣਾ ਹੈ ਕਿ ਇਹ ਗਿਰੋਹ ਕਾਫ਼ੀ ਸਮੇਂ ਤੋਂ ਸਰਹੱਦੀ ਇਲਾਕਿਆਂ ਰਾਹੀਂ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਜੁੜਿਆ ਹੋਇਆ ਸੀ।

ਪੁਲਿਸ ਨੇ ਮਾਮਲੇ ਸਬੰਧੀ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਪੁਲਿਸ ਥਾਣਾ ਗੇਟ ਹਕੀਮਾ, ਅੰਮ੍ਰਿਤਸਰ ਵਿੱਚ ਐਫਆਈਆਰ ਦਰਜ ਕਰ ਲਈ ਹੈ। ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਉਨ੍ਹਾਂ ਦੇ ਅੱਗੇ–ਪਿੱਛੇ ਦੇ ਸਾਰੇ ਲਿੰਕ ਖੰਗਾਲੇ ਜਾ ਰਹੇ ਹਨ। ਨਾਲ ਹੀ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਨਾਰਕੋ ਨੈੱਟਵਰਕ ਨਾਲ ਹੋਰ ਕੌਣ–ਕੌਣ ਸ਼ਾਮਲ ਹੈ ਅਤੇ ਨਸ਼ੇ ਦੀ ਖੇਪ ਕਿੱਥੋਂ ਆ ਰਹੀ ਸੀ ਤੇ ਕਿੱਥੇ ਭੇਜੀ ਜਾਣੀ ਸੀ।

ਇਸ ਮੌਕੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਪੁਲੀਸ ਸੂਬੇ ਵਿੱਚ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਅਤੇ ਨਾਰਕੋ ਤਸਕਰੀ ਨਾਲ ਜੁੜੇ ਨੈੱਟਵਰਕ ਨੂੰ ਤੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਅਜਿਹੇ ਤੱਤਾਂ ਖ਼ਿਲਾਫ਼ ਸਖ਼ਤ ਕਾਰਵਾਈ ਅੱਗੇ ਵੀ ਜਾਰੀ ਰਹੇਗੀ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਬਚਾਇਆ ਜਾ ਸਕੇ।

Related Post