Punjabi Youth Died in Dubai : ਪੰਜਾਬੀ ਨੌਜਵਾਨ ਦੀ ਦੁਬਈ ਚ ਮੌਤ, ਪਿੰਡ ਭੰਗਵਾਂ ਦਾ ਰਹਿਣ ਵਾਲਾ ਸੀ ਗੁਰਜੰਟ ਸਿੰਘ
Punjabi Youth Died in Dubai : ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਪਰਿਵਾਰ ਵੱਲੋਂ ਦੱਸਣ ਮੁਤਾਬਿਕ ਗੁਰਜੰਟ ਦੀ ਸਿਹਤ ਖਰਾਬ ਹੋਣ 'ਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਦਿਮਾਗ ਦੀ ਨਾੜੀ ਫ਼ਟਣ ਕਾਰਨ ਬੀਤੀ 24 ਜੁਲਾਈ ਨੂੰ ਉਸਦੀ ਮੌਤ ਹੋ ਗਈ ਸੀ।
Punjabi Youth Died in Dubai : ਅੰਮ੍ਰਿਤਸਰ ਜ਼ਿਲ੍ਹੇ ਦੇ ਕਸਬਾ ਮਜੀਠਾ (Majitha News) ਨੇੜਲੇ ਪਿੰਡ ਭੰਗਵਾਂ ਨਾਲ ਸਬੰਧਿਤ 30 ਸਾਲਾ ਨੌਜਵਾਨ ਗੁਰਜੰਟ ਸਿੰਘ ਪੁੱਤਰ ਪਿਆਰਾ ਸਿੰਘ ਦਾ ਮ੍ਰਿਤਕ ਸਰੀਰ ਬੀਤੀ ਦੇਰ ਰਾਤ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪੁੱਜਣ ਉਪਰੰਤ ਸਰਬੱਤ ਦਾ ਭਲਾ ਟਰੱਸਟ (Sarbat da bhala Charitable Trust) ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਭੇਜਿਆ ਗਿਆ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ (Sp Singh Oberoi) ਨੇ ਦੱਸਿਆ ਗੁਰਜੰਟ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਕਰੀਬ ਪਿਛਲੇ 6 ਸਾਲਾਂ ਤੋਂ ਦੁਬਈ ਵਿਖੇ ਮਿਹਨਤ ਮਜ਼ਦੂਰੀ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਦੱਸਣ ਮੁਤਾਬਿਕ ਸਿਹਤ ਖਰਾਬ ਹੋਣ 'ਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਦਿਮਾਗ ਦੀ ਨਾੜੀ ਫ਼ਟਣ ਕਾਰਨ ਬੀਤੀ 24 ਜੁਲਾਈ ਨੂੰ ਉਸਦੀ ਮੌਤ ਹੋ ਗਈ ਸੀ।
ਉਨ੍ਹਾਂ ਦੱਸਿਆ ਕਿ ਬੀਤੀ ਦੇਰ ਰਾਤ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਪੀੜ੍ਹਤ ਪਰਿਵਾਰ ਦੀ ਹਾਜ਼ਰੀ 'ਚ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਹਰਜਿੰਦਰ ਸਿੰਘ ਹੇਰ ਵੱਲੋਂ ਪ੍ਰਾਪਤ ਕਰਕੇ ਟਰੱਸਟ ਦੀ 'ਮੁਫ਼ਤ ਐਂਬੂਲੈਂਸ ਸੇਵਾ' ਰਾਹੀਂ ਉਸ ਦੇ ਘਰ ਤੱਕ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਗੁਰਜੰਟ ਦਾ ਮ੍ਰਿਤਕ ਸਰੀਰ ਭਾਰਤ ਭੇਜਣ 'ਤੇ ਆਇਆ ਖਰਚ ਆਦਿ ਉਸ ਦੀ ਬੀਮਾ ਕੰਪਨੀ ਵੱਲੋਂ ਕੀਤਾ ਗਿਆ ਹੈ।
ਡਾ. ਓਬਰਾਏ ਨੇ ਇਹ ਵੀ ਦੱਸਿਆ ਕਿ ਗੁਰਜੰਟ ਆਪਣੇ ਪਿੱਛੇ ਬਜ਼ੁਰਗ ਮਾਪਿਆਂ ਤੋਂ ਇਲਾਵਾ ਆਪਣੀ ਪਤਨੀ, ਦੋ ਸਾਲਾ ਪੁੱਤਰ ਅਤੇ ਆਪਣੀਆਂ ਤਿੰਨ ਭੈਣਾਂ ਨੂੰ ਰੋਂਦਿਆਂ ਕੁਰਲਾਂਦਿਆਂ ਛੱਡ ਗਿਆ ਹੈ। ਉਨ੍ਹਾਂ ਕਿਹਾ ਕਿ ਟਰੱਸਟ ਦੀ ਅੰਮ੍ਰਿਤਸਰ ਜ਼ਿਲ੍ਹਾ ਟੀਮ ਵੱਲੋਂ ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਤੋਂ ਜਾਣੂ ਕਰਵਾਉਣ ਉਪਰੰਤ ਗੁਰਜੰਟ ਦੇ ਪਰਿਵਾਰ ਨੂੰ ਲੋੜ ਅਨੁਸਾਰ ਮਹੀਨਾਵਾਰ ਪੈਨਸ਼ਨ ਵੀ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਡਾ.ਉਬਰਾਏ ਦੀ ਸਰਪ੍ਰਸਤੀ ਹੇਠ ਹੁਣ ਤੱਕ 420 ਦੇ ਕਰੀਬ ਬਦਨਸੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ ਅਤੇ ਪਿਛਲੇ ਕੁਝ ਅਰਸੇ ਤੋਂ ਹਵਾਈ ਅੱਡਾ ਅੰਮ੍ਰਿਤਸਰ ਤੋਂ ਮਿਤ੍ਰਕ ਸਰੀਰ ਘਰਾਂ ਤੱਕ ਪਹੁੰਚਣ ਲਈ ਮੁਫ਼ਤ ਐਂਬੂਲੈਂਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ।