Amritsar News : 14 ਮਾਰਚ ਨੂੰ ਮਨਾਈ ਜਾਵੇਗੀ ਸ਼ਹੀਦ ਭਾਈ ਤਾਰਾ ਸਿੰਘ ਜੀ ਦੀ 300 ਸਾਲਾ ਸ਼ਹੀਦੀ ਸ਼ਤਾਬਦੀ : ਐਡਵੋਕੇਟ ਧਾਮੀ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਸ਼ਹੀਦ ਭਾਈ ਤਾਰਾ ਸਿੰਘ ਜੀ ਦੀ 300 ਸਾਲਾ ਸ਼ਹੀਦੀ ਸ਼ਤਾਬਦੀ 14 ਮਾਰਚ 2026 ਨੂੰ ਮਨਾਉਣ ਅਤੇ ਅਪ੍ਰੈਲ ਮਹੀਨੇ ਤੋਂ ਵਿਸ਼ੇਸ਼ ਤੌਰ ’ਤੇ ਅੰਮ੍ਰਿਤ ਸੰਚਾਰ ਲਹਿਰ ਹੋਰ ਪ੍ਰਚੰਡ ਕਰਨ ਸਮੇਤ ਹੋਰ ਮਾਮਲਿਆਂ ਨੂੰ ਵਿਚਾਰਿਆ ਗਿਆ

By  Shanker Badra January 30th 2026 06:25 PM

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਸ਼ਹੀਦ ਭਾਈ ਤਾਰਾ ਸਿੰਘ ਜੀ ਦੀ 300 ਸਾਲਾ ਸ਼ਹੀਦੀ ਸ਼ਤਾਬਦੀ 14 ਮਾਰਚ 2026 ਨੂੰ ਮਨਾਉਣ ਅਤੇ ਅਪ੍ਰੈਲ ਮਹੀਨੇ ਤੋਂ ਵਿਸ਼ੇਸ਼ ਤੌਰ ’ਤੇ ਅੰਮ੍ਰਿਤ ਸੰਚਾਰ ਲਹਿਰ ਹੋਰ ਪ੍ਰਚੰਡ ਕਰਨ ਸਮੇਤ ਹੋਰ ਮਾਮਲਿਆਂ ਨੂੰ ਵਿਚਾਰਿਆ ਗਿਆ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ 14 ਮਾਰਚ 2026 ਨੂੰ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ, ਪਿੰਡ ਵਾਂ, ਜ਼ਿਲ੍ਹਾ ਤਰਨ ਤਾਰਨ ਵਿਖੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਜਾ ਰਹੀ ਹੈ। 

ਉਨ੍ਹਾਂ ਦੱਸਿਆ ਕਿ ਇਸ ਸਬੰਧੀ 11 ਮਾਰਚ ਨੂੰ ਵਿਸ਼ੇਸ਼ ਤੌਰ ’ਤੇ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ 12 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭ ਹੋਵੇਗੀ, ਜਿਸ ਮਗਰੋਂ ਲਗਾਤਾਰ ਧਾਰਮਿਕ ਦੀਵਾਨ ਸਜਾਏ ਜਾਣਗੇ। ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼ਤਾਬਦੀ ਦਾ ਮੁੱਖ ਸਮਾਗਮ 14 ਮਾਰਚ ਨੂੰ ਹੋਵੇਗਾ, ਜਿਸ ਵਿਚ ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਅਤੇ ਸਿੱਖ ਕੌਮ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ। ਉਨ੍ਹਾਂ ਕਿਹਾ ਕਿ ਸ਼ਤਾਬਦੀ ਦਿਹਾੜੇ ਕੌਮ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੁੜਨ ਤੇ ਪ੍ਰਚਾਰਨ ਦਾ ਅਹਿਮ ਮੌਕਾ ਹੁੰਦੇ ਹਨ ਅਤੇ ਸੰਗਤਾਂ ਇਨ੍ਹਾਂ ਦਾ ਵੱਧ ਤੋਂ ਵੱਧ ਹਿੱਸਾ ਬਣਨ ਤਾਂ ਕਿ ਕੌਮੀ ਦਿਹਾੜੇ ਯਾਦਗਾਰੀ ਬਣ ਸਕਣ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਦੀ ਅੱਜ ਦੀ ਇਕੱਤਰਤਾ ਵਿਚ ਧਰਮ ਪ੍ਰਚਾਰ ਲਹਿਰ ਨੂੰ ਹੋਰ ਸਰਗਰਮ ਕਰਦਿਆਂ ਅਪ੍ਰੈਲ ਮਹੀਨੇ ਤੋਂ ਵਿਸ਼ੇਸ਼ ਤੌਰ ’ਤੇ ਅੰਮ੍ਰਿਤ ਸੰਚਾਰ ਸਮਾਗਮਾਂ ਦੀ ਲੜੀ ਹੋਰ ਤੇਜ਼ ਕਰਨ ਦਾ ਵੀ ਫੈਸਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਤਹਿਤ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਜਥੇ ਪਿੰਡ-ਪਿੰਡ ਜਾ ਕੇ ਸੰਗਤਾਂ ਨੂੰ ਅੰਮ੍ਰਿਤ ਛਕਣ ਲਈ ਪ੍ਰੇਰਿਤ ਕਰਨਗੇ। ਇਸ ਦੌਰਾਨ ਵਿਸ਼ੇਸ਼ ਤੌਰ ਗੁਰਮਤਿ ਸਮਾਗਮ ਵੀ ਆਯੋਜਤ ਕੀਤੇ ਜਾਣਗੇ।

Related Post