ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ; ਨਗਰ ਕੀਰਤਨ ਕੋਹਲਾਪੁਰ ਤੋਂ ਪੂਨਾ ਮਹਾਰਾਸ਼ਟਰ ਲਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।

By  Aarti October 1st 2025 04:26 PM

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਗੁਰੂ ਦਰਬਾਰ ਬਾਬਾ ਨਾਨਕ ਕੋਹਲਾਪੁਰ ਤੋਂ ਆਪਣੇ ਅਗਲੇ ਪੜਾਅ ਪੂਨਾ ਮਹਾਰਾਸ਼ਟਰ ਲਈ ਰਵਾਨਾ ਹੋਇਆ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।

ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ। ਇਸੇ ਦੌਰਾਨ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਅਤੇ ਭਾਈ ਹਰਜੀਤ ਸਿੰਘ ਨੇ ਵੀ ਸੰਗਤਾਂ ਨਾਲ ਗੁਰ-ਇਤਿਹਾਸ ਦੀ ਸਾਂਝ ਪਾਈ। ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ।

ਨਗਰ ਕੀਰਤਨ ਪ੍ਰਤੀ ਸੰਗਤਾਂ ਵਿੱਚ ਵੱਡਾ ਉਤਸ਼ਾਹ ਸੀ ਅਤੇ ਰਸਤੇ ਵਿਚ ਵੱਖ-ਵੱਖ ਧਰਮਾਂ ਦੇ ਲੋਕਾਂ ਵੱਲੋਂ ਸ਼ਰਧਾ ਨਾਲ ਸਵਾਗਤ ਕੀਤਾ ਗਿਆ। ਇਸੇ ਦੌਰਾਨ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਬਲਦੇਵ ਸਿੰਘ ਕਲਿਆਣ, ਮੈਂਬਰ ਜਸਮੇਰ ਸਿੰਘ ਲਾਛੜੂ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਇੰਚਾਰਜ ਗੁਰਮੇਜ ਸਿੰਘ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਸੁਪਰਵਾਈਜ਼ਰ ਹਰਭਜਨ ਸਿੰਘ, ਹਰਵਿੰਦਰ ਸਿੰਘ ਵੇਰਕਾ, ਰਾਮ ਸਿੰਘ ਮੁੰਬਈ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਹਰਜੀਤ ਸਿੰਘ, ਚੰਦੀ ਰਾਮ ਦਰੜਾ, ਬਖਸ਼ਾ ਰਾਮ ਦਰੜਾ, ਰਾਧਾ ਕਿਸ਼ਨਾ,  ਵਿਰੇਂਦਰ ਸੂਰਜ, ਸੰਦੀਪ, ਰਮੇਸ਼ ਫੋਟੋ ਸਟੂਡੀਓ, ਗਾਂਧੀ ਨਗਰ ਦੀ ਪੰਚਾਇਤ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Related Post