Ludhiana Civil Hospital: ਲੁਧਿਆਣਾ ਦੇ ਸਿਵਲ ਹਸਪਤਾਲ ’ਚੋਂ ਚੋਰੀ ਹੋਇਆ 4 ਦਿਨਾਂ ਦਾ ਬੱਚਾ, ਪਰਿਵਾਰ ’ਚ ਭਾਰੀ ਰੋਸ
ਲੁਧਿਆਣਾ ਦੇ ਸਿਵਲ ਹਸਪਤਾਲ 'ਚ 4 ਦਿਨ ਪਹਿਲਾਂ ਜਨਮੇ ਬੱਚੇ ਦੀ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਜੋੜੇ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਡਾਕਟਰਾਂ ਤੇ ਨਰਸਾਂ 'ਤੇ ਗੰਭੀਰ ਇਲਜ਼ਾਮ ਲਗਾਏ ਹਨ।
ਨਵੀਨ ਸ਼ਰਮਾ (ਲੁਧਿਆਣਾ, 17 ਅਪ੍ਰੈਲ): ਲੁਧਿਆਣਾ ਦੇ ਸਿਵਲ ਹਸਪਤਾਲ 'ਚ 4 ਦਿਨ ਪਹਿਲਾਂ ਜਨਮੇ ਬੱਚੇ ਦੀ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਜੋੜੇ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਬਾਰੇ ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਡਾਕਟਰਾਂ ਤੇ ਨਰਸਾਂ 'ਤੇ ਗੰਭੀਰ ਇਲਜ਼ਾਮ ਲਗਾਏ ਹਨ।
ਇਸ ਦੌਰਾਨ ਪਰਿਵਾਰਕ ਮੈਂਬਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਔਰਤ ਦੀ ਡਿਲਵਰੀ 4 ਦਿਨ ਪਹਿਲਾਂ ਹੋਈ ਸੀ, ਜਿਸ ਤੋਂ ਬਾਅਦ ਇਕ ਔਰਤ ਨੇ ਸਪਰੇਅ ਕਰਕੇ ਬੱਚੇ ਨੂੰ ਬੇਹੋਸ਼ ਕਰ ਦਿੱਤਾ ਅਤੇ ਕਿਹਾ ਕਿ ਉਹ ਦੋ ਭੈਣਾਂ ਦਾ ਇਕਲੌਤਾ ਭਰਾ ਹੈ, ਇਸ ਦੌਰਾਨ ਉਨ੍ਹਾਂ ਨੇ ਹਸਪਤਾਲ ਪ੍ਰਸ਼ਾਸਨ 'ਤੇ ਗੰਭੀਰ ਇਲਜ਼ਾਮ ਲਗਾਏ ਹਨ। ਨਾਲ ਹੀ ਉਨ੍ਹਾਂ ਨੇ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਹੈ।
ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੱਸਿਆ ਕਿ ਇਸਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ ਅਤੇ ਸੀਸੀਟੀਵੀ ਵੀ ਮੁਹੱਈਆ ਕਰਵਾ ਦਿੱਤੇ ਗਏ ਹਨ ਤਾਂ ਜੋ ਦੋਸ਼ੀਆਂ ਨੂੰ ਜਲਦ ਤੋਂ ਜਲਦ ਫੜਿਆ ਜਾ ਸਕੇ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਦੋਸ਼ੀਆਂ ਦੀ ਪਛਾਣ ਕੀਤੀ ਜਾ ਰਹੀ ਹੈ, ਇਸ ਲਈ ਪੀੜਤ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
ਕਾਬਿਲੇਗੌਰ ਹੈ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤਰ੍ਹਾਂ ਦੀਆਂ ਦੋ ਘਟਨਾਵਾਂ ਪਹਿਲਾਂ ਵੀ ਸਾਹਮਣੇ ਆ ਚੁੱਕੀਆਂ ਹਨ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।