ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਹਾਈਕੋਰਟ ਨੇ ਲਗਾਇਆ 15 ਕਰੋੜ ਰੁਪਏ ਜੁਰਮਾਨਾ

By  Pardeep Singh November 29th 2022 09:38 PM -- Updated: November 29th 2022 09:40 PM

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ  ਵੱਡਾ ਝਟਕਾ ਦਿੰਦੇ ਹੋਏ ਭਾਰੀ ਜੁਰਮਾਨਾ ਲਗਾਇਆ ਹੈ। ਹਾਈਕੋਰਟ ਨੇ ਫਿਰੋਜ਼ਪੁਰ ਸਥਿਤ ਮਾਲਬਰੋਸ ਦੀ ਸ਼ਰਾਬ ਫੈਕਟਰੀ ਦੇ ਬਾਹਰ ਚੱਲ ਰਹੇ ਪ੍ਰਦਰਸ਼ਨ  ਨੂੰ ਲੈ ਕੇ ਅਹਿਮ ਫੈਸਲਾ ਦਿੱਤਾ ਹੈ।  ਹਾਈਕੋਰਟ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਧਰਨਾ ਖਤਮ ਕਰਵਾਉਣ ਵਿੱਚ ਨਾਕਾਮ ਰਹੀ ਹੈ ਇਸ ਲਈ ਹਾਈਕੋਰਟ ਨੇ ਸਰਕਾਰ ਨੂੰ 15 ਕਰੋੜ ਰੁਪਏ ਜੁਰਮਾਨਾ ਲਗਾਇਆ ਹੈ ਅਤੇ ਇਕ ਹਫਤੇ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਪਹਿਲਾ ਵੀ ਪੰਜਾਬ ਸਰਕਾਰ ਨੂੰ 5 ਕਰੋੜ ਰੁਪਏ ਜੁਰਮਾਨਾ ਲਗਾਇਆ ਸੀ।

ਇਸ ਤੋਂ ਇਲਾਵਾ ਅਦਾਲਤ ਨੇ ਪੰਜਾਬ ਦੇ ਵਧੀਕ ਗ੍ਰਹਿ ਸਕੱਤਰ ਦੇ ਨਾਲ ਏ.ਡੀ.ਜੀ.ਪੀ. (ਲਾਅ ਐਂਡ ਆਰਡਰ), ਡੀਸੀ ਫ਼ਿਰੋਜ਼ਪੁਰ ਅਤੇ ਐਸ.ਐਸ.ਪੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਕੋਰਟ ਨੇ ਕਿਹਾ ਕਿ ਕਿਉਂ ਨਾ ਤੁਹਾਡੇ ਖਿਲਾਫ ਅਦਾਲਤੀ ਹੁਕਮਾਂ ਦੀ ਉਲੰਘਣਾ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ।

ਇਹ ਪਟੀਸ਼ਨ ਮਾਲਬਰੋਸ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਨੇ ਹਾਈ ਕੋਰਟ ਵਿੱਚ ਦਾਇਰ ਕੀਤੀ ਸੀ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਪ੍ਰਦਰਸ਼ਨਕਾਰੀ ਉਨ੍ਹਾਂ ਦੀ ਯੂਨਿਟ ਦੇ ਬਾਹਰ ਬੈਠੇ ਹਨ ਅਤੇ ਯੂਨਿਟ ਨੂੰ ਬੰਦ ਕਰ ਦਿੱਤਾ ਗਿਆ ਹੈ। ਉਸ ਦੀ ਯੂਨਿਟ 'ਤੇ ਇਲਜ਼ਾਮ ਲਾਏ ਗਏ ਸਨ ਕਿ ਇਹ ਯੂਨਿਟ ਵਾਤਾਵਰਨ ਦੇ ਮਾਪਦੰਡਾਂ ਦੀ ਉਲੰਘਣਾ ਕਰਕੇ ਸਥਾਪਿਤ ਕੀਤਾ ਗਿਆ ਹੈ। ਜਦਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਇਨ੍ਹਾਂ ਦੀ ਜਾਂਚ ਕਰਕੇ ਮਨਜ਼ੂਰੀ ਦਿੱਤੀ ਹੈ।

ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਇਸ ਯੂਨਿਟ ਦੇ ਐਨ.ਜੀ.ਟੀ. ਨਿਗਰਾਨ ਕਮੇਟੀ ਤੋਂ ਜਾਂਚ ਦੀ ਮੰਗ ਕੀਤੀ ਪਰ ਐਨ.ਜੀ.ਟੀ ਨਿਗਰਾਨ ਕਮੇਟੀ ਦੀ ਜਾਂਚ ਵਿੱਚ ਸਭ ਕੁਝ ਠੀਕ ਪਾਇਆ ਗਿਆ। ਹੁਣ ਤੱਕ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਹਾਈਕੋਰਟ ਨੇ ਸੇਵਾਮੁਕਤ ਜਸਟਿਸ ਆਰ.ਕੇ. ਨਹਿਰੂ ਦੀ ਪ੍ਰਧਾਨਗੀ ਹੇਠ ਇਕ ਕਮੇਟੀ ਵੀ ਬਣਾਈ ਗਈ ਹੈ, ਜਿਸ ਵਿੱਚ ਇੱਕ ਸਰਕਾਰੀ ਨੁਮਾਇੰਦਾ ਅਤੇ ਇੱਕ ਸੀ.ਏ. ਸ਼ਾਮਲ ਕੀਤਾ ਗਿਆ ਹੈ। ਹਾਈ ਕੋਰਟ ਨੇ ਇਸ ਕਮੇਟੀ ਨੂੰ ਦੋ ਮਹੀਨਿਆਂ ਵਿੱਚ ਫੈਕਟਰੀ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਆਪਣੀ ਰਿਪੋਰਟ ਹਾਈ ਕੋਰਟ ਨੂੰ ਸੌਂਪਣ ਦੇ ਹੁਕਮ ਦਿੱਤੇ ਹਨ।

Related Post