ਭਾਈ ਅੰਮ੍ਰਿਤਪਾਲ ਖ਼ਿਲਾਫ਼ ਭੱਦੀ ਸ਼ਬਦਾਵਲੀ ਵਰਤਣ ਤੇ ਸ਼ਿਵ ਸੈਨਾ ਆਗੂ ਖ਼ਿਲਾਫ਼ ਮਾਮਲਾ ਦਰਜ

By  Ravinder Singh November 29th 2022 12:57 PM

ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਹਲਕਾ ਮੁਕੇਰੀਆਂ ਤੋਂ ਸ਼ਿਵ ਸੈਨਾ ਟਕਸਾਲੀ ਦੇ ਆਗੂ ਵੱਲੋਂ ਸੋਸ਼ਲ ਮੀਡੀਆ ਉਪਰ ਭਾਈ 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ਼ ਭੱਦੀ ਸ਼ਬਦਾਵਲੀ ਅਤੇ ਭੜਕਾਊ ਭਾਸ਼ਣ ਦੇ ਵਾਇਰਲ ਹੋਣ ਮਗਰੋਂ ਪੁਲਿਸ ਨੇ ਹਰਕਤ ਵਿਚ ਆਉਂਦਿਆਂ ਤੁਰੰਤ ਸ਼ਿਵ ਸੈਨਾ ਦੇ ਆਗੂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।


ਜਾਣਕਾਰੀ ਅਨੁਸਾਰ ਸ਼ਿਵ ਸੈਨਾ ਦੇ ਆਗੂ ਬੰਟੀ ਜੋਗੀ ਵੱਲੋਂ 'ਵਾਰਿਸ ਪੰਜਾਬ ਦੇ' ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਬਾਰੇ ਭੱਦੀ ਸ਼ਬਦਾਵਲੀ ਤੇ ਵਿਵਾਦਤ ਭਾਸ਼ਣ ਦੇ ਵਾਇਰਲ ਹੋਣ ਮਗਰੋਂ ਸਿੱਖ ਜਥੇਬੰਦੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਥਾਣਾ ਮੁਕੇਰੀਆਂ ਪੁਲਿਸ ਨੇ ਸ਼ਿਵ ਸੈਨਾ ਆਗੂ ਬੰਟੀ ਜੋਗੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਸਿੱਖ ਜਥੇਬੰਦੀਆਂ ਅਖੌਤੀ ਆਗੂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦੀ ਮੰਗ ਕਰ ਰਹੇ ਹਨ।

ਇਹ ਵੀ ਪੜ੍ਹੋ : ਅੰਮ੍ਰਿਤਸਰ ਵਿਜੀਲੈਂਸ ਦਫ਼ਤਰ ਵਿੱਚ ਪੇਸ਼ ਹੋਏ ਓਪੀ ਸੋਨੀ, ਮੰਗਿਆ ਜਾਇਦਾਦ ਦਾ ਵੇਰਵਾ

ਉਧਰ ਪੁਲਿਸ ਵੱਲੋਂ ਬੰਟੀ ਜੋਗੀ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਗ੍ਰਿਫਤਾਰੀ ਤੋਂ ਡਰਦਿਆਂ ਬੰਟੀ ਜੋਗੀ ਫ਼ਰਾਰ ਚੱਲ ਰਿਹਾ ਹੈ । ਜਾਣਕਾਰੀ ਦਿੰਦਿਆਂ ਮੁਕੇਰੀਆਂ ਤੋਂ ਸਿੱਖ ਆਗੂ ਭਾਈ ਪਰਮਜੀਤ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਉਕਤ ਆਗੂ ਨੂੰ 2 ਦਿਨਾਂ ਚ ਕਾਬੂ ਕਰਨ ਦੀ ਗੱਲ ਕਹੀ ਗਈ ਹੈ ਤੇ ਜੇਕਰ ਪੁਲਿਸ ਉਸਨੂੰ ਗ੍ਰਿਫਤਾਰ ਨਹੀਂ ਕਰਦੀ ਤਾਂ ਉਨ੍ਹਾਂ ਵੱਲੋਂ ਥਾਣੇ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਸਖਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਵਿਅਕਤੀ ਸਿੱਖ ਧਰਮ ਵਿਰੁੱਧ ਜਾਂ ਕਿਸੇ ਵੀ ਤਰ੍ਹਾਂ ਦੀ ਕੋਈ ਗਲਤ ਬਿਆਨਬਾਜ਼ੀ ਕਰੇਗਾ ਤਾਂ ਉਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Related Post