Protest : ਆਮ ਆਦਮੀ ਕਲੀਨਿਕ ਦੇ ਕਰਮਚਾਰੀਆਂ ਦਾ ਹੱਲਾ ਬੋਲ, ਪੁਲਿਸ ਨਾਲ ਹੋਈ ਧੱਕਾ-ਮੁੱਕੀ, ਲੱਥੀਆਂ ਪੱਗਾਂ
ਸੰਗਰੂਰ ਵਿਖੇ CM ਰਿਹਾਇਸ਼ ਵੱਲ ਕੀਤਾ ਕੂਚ
Aam Aadmi Clinic employees protest : ਪੰਜਾਬ ਦੇ ਆਮ ਆਦਮੀ ਕਲੀਨਿਕਾਂ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। 25 ਨਵੰਬਰ ਨੂੰ ਸੂਬੇ ਭਰ ਦੇ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਸੰਗਰੂਰ ਵਿਖੇ ਇਕੱਠੇ ਹੋਏ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਰੋਸ ਮਾਰਚ ਕੀਤਾ।
ਸੀਐਮ ਦੀ ਕੋਠੀ ਵੱਲ ਵੱਧ ਰਹੇ ਆਮ ਆਦਮੀ ਕਲੀਨਿਕ ਦੇ ਕਰਮਚਾਰੀਆਂ ਤੇ ਪੁਲਿਸ ਵਿਚਾਲੇ ਮਾਹੌਲ ਤਣਾਅਪੂਰਨ ਬਣ ਗਿਆ। ਇਸ ਦੌਰਾਨ ਪ੍ਰਦਰਸ਼ਨ ਕਰਦੇ ਕਰਮਚਾਰੀਆਂ ਦੀਆਂ ਪੱਗਾਂ ਵੀ ਉਤਰੀਆਂ। ਸਿਹਤ ਕ੍ਰਾਂਤੀ ਲਿਆਉਣ ਵਾਲੇ ਆਮ ਆਦਮੀ ਕਲੀਨਿਕ ਕਰਮਚਾਰੀਆਂ ਨਾਲ ਜਬਰਦਸਤ ਧੱਕਾ ਮੁੱਕੀ ਕੀਤੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਸਰਕਾਰ ਵਲੋਂ ਉਨ੍ਹਾਂ ਨਾਲ ਕੀਤੇ ਵਾਅਦਿਆਂ ਤੋਂ ਹੁਣ ਸਰਕਾਰ ਮੁੱਕਰ ਰਹੀ ਹੈ। ਉਨ੍ਹਾਂ ਵਲੋਂ ਕਈ ਵਾਰ ਆਪਣੀਆਂ ਮੰਗ ਨੂੰ ਲੈ ਕੇ ਮੀਟਿੰਗਾਂ ਵੀ ਕੀਤੀਆਂ ਗਈਆਂ ਪ੍ਰੰਤੂ ਕੋਈ ਠੋਸ ਹੱਲ ਨਹੀਂ ਕੀਤਾ ਗਿਆ , ਜਿਸ ਕਾਰਨ ਮਜਬੂਰੀ ਕਰਕੇ ਉਨ੍ਹਾਂ ਨੂੰ ਸੰਘਰਸ਼ ਲਈ ਉਤਰਨਾ ਪਿਆ।
ਇਹ ਵੀ ਪੜ੍ਹੋ :
ਆਮ ਆਦਮੀ ਕਲੀਨਿਕ ਸਾਂਝਾ ਫਰੰਟ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਨਾਲ ਕਈ ਵਾਰ ਮੀਟਿੰਗਾਂ ਹੋਣ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ। ਇਸੇ ਕਾਰਨ ਉਨ੍ਹਾਂ ਨੂੰ ਸੜਕਾਂ 'ਤੇ ਉਤਰ ਕੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ ਹੈ।
ਪ੍ਰਦਰਸ਼ਨ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਰਿਹਾਇਸ਼ ਤੋਂ ਕਰੀਬ 500 ਮੀਟਰ ਪਹਿਲਾਂ ਹੀ ਬੈਰੀਕੇਡਿੰਗ ਕਰਕੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ। ਜਦੋਂ ਪ੍ਰਦਰਸ਼ਨਕਾਰੀ ਮੁਲਾਜ਼ਮ ਬੈਰੀਕੇਡ ਪਾਰ ਕਰਕੇ ਅੱਗੇ ਵਧਣ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਤਣਾਅਪੂਰਨ ਸਥਿਤੀ ਬਣ ਗਈ ਅਤੇ ਧੱਕਾ-ਮੁੱਕੀ ਵੀ ਹੋਈ।
ਇਸ ਪ੍ਰਦਰਸ਼ਨ ਦਾ ਅਸਰ ਸੂਬੇ ਦੀ ਸਿਹਤ ਸੇਵਾਵਾਂ 'ਤੇ ਵੀ ਪੈਣ ਦੀ ਸੰਭਾਵਨਾ ਹੈ। ਮੁਲਾਜ਼ਮਾਂ ਅਨੁਸਾਰ ਅੱਜ ਸੂਬੇ ਭਰ ਦੇ ਕਰੀਬ 1200 ਆਮ ਆਦਮੀ ਕਲੀਨਿਕ ਬੰਦ ਰਹਿਣਗੇ, ਕਿਉਂਕਿ ਇਨ੍ਹਾਂ ਵਿੱਚ ਕੰਮ ਕਰਨ ਵਾਲੇ ਮੁਲਾਜ਼ਮ ਸੰਗਰੂਰ ਵਿਖੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਹਨ। ਅਜਿਹੇ ਵਿੱਚ ਕਲੀਨਿਕਾਂ ਵਿੱਚ ਇਲਾਜ ਅਤੇ ਸਿਹਤ ਸੇਵਾਵਾਂ ਲੈਣ ਲਈ ਆਉਣ ਵਾਲੇ ਮਰੀਜ਼ਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਉੱਥੇ ਹੀ, ਮੁਲਾਜ਼ਮਾਂ ਵੱਲੋਂ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਦੇ ਸੰਕੇਤ ਵੀ ਦਿੱਤੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਆਪਣੀਆਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਆਮ ਆਦਮੀ ਕਲੀਨਿਕਾਂ ਦੇ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਗੱਲਬਾਤ ਕਰ ਰਹੇ ਹਨ। ਕਈ ਮੀਟਿੰਗਾਂ ਦੇ ਬਾਵਜੂਦ ਮੰਗਾਂ ਦਾ ਹੱਲ ਨਾ ਨਿਕਲਣ ਕਾਰਨ ਹੁਣ ਮੁਲਾਜ਼ਮਾਂ ਨੇ ਸੰਗਰੂਰ ਵਿਖੇ ਇਕੱਠੇ ਹੋ ਕੇ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਦਾ ਸੰਕੇਤ ਦਿੱਤਾ ਹੈ। ਹੁਣ ਦੇਖਣਾ ਹੋਵੇਗਾ ਕਿ ਮੁਲਾਜ਼ਮਾਂ ਦੇ ਇਸ ਵੱਡੇ ਰੋਸ ਪ੍ਰਦਰਸ਼ਨ ਤੋਂ ਬਾਅਦ ਸਰਕਾਰ ਵੱਲੋਂ ਕੀ ਕਦਮ ਚੁੱਕਿਆ ਜਾਂਦਾ ਹੈ।