PTC News
Search
🔍 Search

ਸੱਤਾ ਤਬਦੀਲੀ ਤੋਂ ਬਾਅਦ ਆਪ ਸਰਕਾਰ ਦੇ ਸਾਰੇ ਗਲਤ ਫੈਸਲਿਆਂ ਅਤੇ ਅਹੁਦੇ ਦੀ ਦੁਰਵਰਤੋਂ ਦੀ ਨਿਰਪੱਖ ਜਾਂਚ ਕਰਵਾਈ ਜਾਵੇਗੀ : ਪ੍ਰਤਾਪ ਸਿੰਘ ਬਾਜਵਾ

Savidhan Bachao Rally : ਪ੍ਰਤਾਪ ਬਾਜਵਾ ਨੇ ਸਰਕਾਰੀ ਤੰਤਰ ਦੀ ਦੁਰਵਰਤੋਂ, ਆਉਣ ਵਾਲੀਆਂ ਚੋਣਾਂ ਲਈ ਕਾਂਗਰਸ ਦੀ ਰਣਨੀਤੀ, ਸੰਭਾਵਿਤ ਸਿਆਸੀ ਗੱਠਜੋੜਾਂ ਅਤੇ ਸੂਬੇ ਦੀ ਕਾਨੂੰਨ ਵਿਵਸਥਾ ਸਮੇਤ ਕਈ ਅਹਿਮ ਮੁੱਦਿਆਂ ’ਤੇ ਆਪਣੀ ਗੱਲ ਰੱਖੀ।

By  KRISHAN KUMAR SHARMA November 26th 2026 03:51 PM -- Updated: November 26th 2026 04:12 PM

Savidhan Bachao Rally : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਸੂਬੇ ਦੀ ਮੌਜੂਦਾ ਆਮ ਆਦਮੀ ਪਾਰਟੀ (AAP) ਸਰਕਾਰ, ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (BJP) ’ਤੇ ਤਿੱਖਾ ਸਿਆਸੀ ਹਮਲਾ ਕੀਤਾ ਹੈ। ਅੰਮ੍ਰਿਤਸਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਜਵਾ ਨੇ ਸਰਕਾਰੀ ਤੰਤਰ ਦੀ ਦੁਰਵਰਤੋਂ, ਆਉਣ ਵਾਲੀਆਂ ਚੋਣਾਂ ਲਈ ਕਾਂਗਰਸ ਦੀ ਰਣਨੀਤੀ, ਸੰਭਾਵਿਤ ਸਿਆਸੀ ਗੱਠਜੋੜਾਂ ਅਤੇ ਸੂਬੇ ਦੀ ਕਾਨੂੰਨ ਵਿਵਸਥਾ ਸਮੇਤ ਕਈ ਅਹਿਮ ਮੁੱਦਿਆਂ ’ਤੇ ਆਪਣੀ ਗੱਲ ਰੱਖੀ।

ਸੰਵਿਧਾਨ ਅਤੇ ਲੋਕਤੰਤਰ ਦੀ ਰੱਖਿਆ ਲਈ ਕਾਂਗਰਸ (Congress) ਵਚਨਬੱਧ

ਆਪਣੇ ਸੰਬੋਧਨ ਦੀ ਸ਼ੁਰੂਆਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਦੇਸ਼ ਦੇ ਸੰਵਿਧਾਨ ਨਿਰਮਾਤਾਵਾਂ ਡਾ. ਭੀਮ ਰਾਓ ਅੰਬੇਡਕਰ, ਪੰਡਿਤ ਜਵਾਹਰ ਲਾਲ ਨਹਿਰੂ, ਸਰਦਾਰ ਵੱਲਭ ਭਾਈ ਪਟੇਲ ਅਤੇ ਮੌਲਾਨਾ ਅਬੁਲ ਕਲਾਮ ਆਜ਼ਾਦ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਕਾਂਗਰਸ ਪਾਰਟੀ ਹੀ ਸੀ, ਜਿਸ ਨੇ 1951 ਵਿੱਚ ਹਰ ਭਾਰਤੀ ਨੂੰ ਵੋਟ ਪਾਉਣ ਦਾ ਬੁਨਿਆਦੀ ਅਧਿਕਾਰ ਦਿੱਤਾ ਅਤੇ 1952 ਵਿੱਚ ਦੇਸ਼ ਦੀਆਂ ਪਹਿਲੀਆਂ ਆਮ ਚੋਣਾਂ ਕਰਵਾਈਆਂ ਗਈਆਂ। ਬਾਜਵਾ ਨੇ ਕਿਹਾ ਕਿ ਅੱਜ ਵੀ ਕਾਂਗਰਸ ਪਾਰਟੀ ਸੰਵਿਧਾਨ ਦੀ ਰੱਖਿਆ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਲਈ ਪੂਰੀ ਮਜ਼ਬੂਤੀ ਨਾਲ ਲੜਾਈ ਲੜ ਰਹੀ ਹੈ।

ਮੋਗਾ ਰੈਲੀ ਵਿੱਚ ਸਰਕਾਰੀ ਖਜ਼ਾਨੇ ਦੀ ਲੁੱਟ ਦਾ ਦੋਸ਼

ਮੋਗਾ ਵਿੱਚ ਹੋਣ ਵਾਲੀ ਆਮ ਆਦਮੀ ਪਾਰਟੀ ਦੀ ਰੈਲੀ ’ਤੇ ਨਿਸ਼ਾਨਾ ਸਾਧਦਿਆਂ ਬਾਜਵਾ ਨੇ ਇਸ ਨੂੰ ਸਰਕਾਰੀ ਖਜ਼ਾਨੇ ਦੀ ਖੁੱਲ੍ਹੀ ਲੁੱਟ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲੱਗਣ ਵਿੱਚ ਮਹਿਜ਼ ਇੱਕ ਮਹੀਨਾ ਬਾਕੀ ਹੈ ਅਤੇ ਅਜਿਹੇ ਸਮੇਂ ਵਿੱਚ ਇੱਕ ਸਿਆਸੀ ਪਾਰਟੀ ਦੇ ਪ੍ਰੋਗਰਾਮ ਨੂੰ ਸਰਕਾਰੀ ਰੂਪ ਦਿੱਤਾ ਜਾ ਰਿਹਾ ਹੈ। ਇਸ ਵਿੱਚ ਡੀਜੀਪੀ ਅਤੇ ਮੁੱਖ ਸਕੱਤਰ ਵਰਗੇ ਉੱਚ ਅਧਿਕਾਰੀ ਵੀ ਸ਼ਾਮਲ ਹੋ ਰਹੇ ਹਨ।

ਬਾਜਵਾ ਨੇ ਦੋਸ਼ ਲਾਇਆ ਕਿ ਇਸ ਰੈਲੀ ਲਈ ਕਰੀਬ ਢਾਈ ਹਜ਼ਾਰ ਸਰਕਾਰੀ ਬੱਸਾਂ ਦੀ ਦੁਰਵਰਤੋਂ ਕੀਤੀ ਗਈ ਹੈ ਅਤੇ ਕਰੋੜਾਂ ਰੁਪਏ ਦਾ ਸਰਕਾਰੀ ਡੀਜ਼ਲ ਫੂਕਿਆ ਜਾ ਰਿਹਾ ਹੈ। ਉਨ੍ਹਾਂ ਸਾਲ 2022 ਵਿੱਚ ਸਰਕਾਰ ਬਣਨ ਤੋਂ ਠੀਕ ਪਹਿਲਾਂ ਅੰਮ੍ਰਿਤਸਰ ਵਿੱਚ ਅਰਵਿੰਦ ਕੇਜਰੀਵਾਲ ਦੀ ਰੈਲੀ ਅਤੇ ਤਾਜ ਹੋਟਲ ਵਿੱਚ ਉਨ੍ਹਾਂ ਦੇ ਠਹਿਰਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਆਮ ਆਦਮੀ ਦੀ ਗੱਲ ਕਰਨ ਵਾਲੀ ਇਸ ਪਾਰਟੀ ਦਾ ਅਸਲੀ ਚਿਹਰਾ ਪਹਿਲੇ ਦਿਨ ਤੋਂ ਹੀ ਬੇਨਕਾਬ ਹੋ ਚੁੱਕਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸੂਬੇ ਵਿੱਚ ਨਵੀਂ ਸਰਕਾਰ ਬਣਨ ਤੋਂ ਬਾਅਦ ਅਹੁਦੇ ਦੀ ਦੁਰਵਰਤੋਂ ਅਤੇ ਭ੍ਰਿਸ਼ਟਾਚਾਰ ਦੇ ਇਨ੍ਹਾਂ ਸਾਰੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇਗੀ।

ਟਿਕਟਾਂ ਦੀ ਵੰਡ ਅਤੇ ‘ਆਪ’ ਨਾਲ ਗੱਠਜੋੜ ਬਾਰੇ ਸਥਿਤੀ ਸਪੱਸ਼ਟ

ਆਉਣ ਵਾਲੀਆਂ ਚੋਣਾਂ ਲਈ ਕਾਂਗਰਸ ਦੀਆਂ ਤਿਆਰੀਆਂ ਬਾਰੇ ਗੱਲ ਕਰਦਿਆਂ ਬਾਜਵਾ ਨੇ ਸੰਕੇਤ ਦਿੱਤਾ ਕਿ ਪਾਰਟੀ ਅਗਲੇ ਅੱਠ ਤੋਂ ਦਸ ਦਿਨਾਂ ਦੇ ਅੰਦਰ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਸਕਦੀ ਹੈ। ਉੱਥੇ ਹੀ ਆਮ ਆਦਮੀ ਪਾਰਟੀ ਨਾਲ ਕਿਸੇ ਵੀ ਤਰ੍ਹਾਂ ਦੇ ਚੋਣ ਗੱਠਜੋੜ ਦੀਆਂ ਸੰਭਾਵਨਾਵਾਂ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਕਾਂਗਰਸ ਦਾ ‘ਆਪ’ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਪਾਰਟੀ ਉਸ ਨੂੰ ਦੂਰੋਂ ਵੀ ਛੂਹਣਾ ਪਸੰਦ ਨਹੀਂ ਕਰੇਗੀ।

ਗੈਂਗਸਟਰਵਾਦ ਨੂੰ ਲੈ ਕੇ ਭਾਜਪਾ ਅਤੇ ‘ਆਪ’ ’ਤੇ ਮਿਲੀਭੁਗਤ ਦੇ ਦੋਸ਼

ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲ ਰਹੀਆਂ ਧਮਕੀਆਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਬਾਜਵਾ ਨੇ ਇਸ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਬਾਜਵਾ ਅਨੁਸਾਰ ਵੱਡੇ ਗੈਂਗਸਟਰ ਭਾਜਪਾ ਸ਼ਾਸਿਤ ਸੂਬਿਆਂ ਦੀਆਂ ਜੇਲ੍ਹਾਂ ਵਿੱਚ ਬੰਦ ਹਨ ਅਤੇ ਜਦੋਂ ਵੀ ਆਮ ਆਦਮੀ ਪਾਰਟੀ ਨੂੰ ਲੋੜ ਪੈਂਦੀ ਹੈ ਤਾਂ ਉਹ ਉਨ੍ਹਾਂ ਦੀ ਵਰਤੋਂ ਕਰ ਲੈਂਦੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਵਿੱਚ ਇਹ ਸਭ ਕੁਝ ਦੋਵਾਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਚੱਲ ਰਿਹਾ ਹੈ।

ਇਹ ਵੀ ਪੜ੍ਹੋ... WhatsApp 'ਚ ਆ ਰਿਹਾ ਵੱਡੇ ਕੰਮ ਦਾ ਨਵਾਂ ਫੀਚਰ ! 2 ਹਫ਼ਤੇ ਪਹਿਲਾਂ ਹੋ ਸਕਣਗੇ ਮੈਸੇਜ, ਸਮਝੋ ਕਿਵੇਂ ਕਰੇਗਾ ਕੰਮ ?

Supreme Court Guidlines : ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਹਾਈ ਫੈਟ, ਖੰਡ ਤੇ ਨਮਕ ਲਈ ਵੱਖਰੀਆਂ ਚੇਤਾਵਨੀਆਂ ਲਾਜ਼ਮੀ

Related Post