AAP ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਝਟਕਾ, ਹਾਈਕੋਰਟ ਨੇ ਛੇੜਛਾੜ ਮਾਮਲੇ ਚ 28 ਅਕਤੂਬਰ ਤੇ ਪਾਈ ਸੁਣਵਾਈ

AAP MLA Manjinder Singh Lalpura : ਸੁਣਵਾਈ ਦੌਰਾਨ ਲਾਲਪੁਰਾ ਦੇ ਵਕੀਲ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਸਜ਼ਾ 'ਤੇ ਰੋਕ ਨਹੀਂ ਲਗਾਈ ਜਾਂਦੀ, ਤਾਂ ਉਹ ਆਪਣੀ ਵਿਧਾਨ ਸਭਾ ਮੈਂਬਰਸ਼ਿਪ ਗੁਆ ਸਕਦੇ ਹਨ। ਹਾਈ ਕੋਰਟ ਨੇ ਕਿਹਾ ਕਿ ਉਹ ਅਗਲੀ ਸੁਣਵਾਈ 'ਤੇ ਇਸ ਮਾਮਲੇ 'ਤੇ ਫੈਸਲਾ ਲਵੇਗੀ।

By  KRISHAN KUMAR SHARMA October 13th 2025 05:21 PM -- Updated: October 13th 2025 05:23 PM

AAP MLA Manjinder Singh Lalpura : ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਸੋਮਵਾਰ ਵੱਡਾ ਝਟਕਾ ਲੱਗਿਆ, ਜਦੋਂ ਪੰਜਾਬ-ਹਰਿਆਣਾ ਹਾਈਕੋਰਟ (Punjab Haryana High Court) ਨੇ ਮਾਮਲੇ ਦੀ ਸੁਣਵਾਈ 28 ਅਕਤੂਬਰ 'ਤੇ ਪਾ ਦਿੱਤੀ। ਅੱਜ ਸੁਣਵਾਈ ਦੌਰਾਨ ਲਾਲਪੁਰਾ ਦੇ ਵਕੀਲ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਸਜ਼ਾ 'ਤੇ ਰੋਕ ਨਹੀਂ ਲਗਾਈ ਜਾਂਦੀ, ਤਾਂ ਉਹ ਆਪਣੀ ਵਿਧਾਨ ਸਭਾ ਮੈਂਬਰਸ਼ਿਪ ਗੁਆ ਸਕਦੇ ਹਨ। ਹਾਈ ਕੋਰਟ ਨੇ ਕਿਹਾ ਕਿ ਉਹ ਅਗਲੀ ਸੁਣਵਾਈ 'ਤੇ ਇਸ ਮਾਮਲੇ 'ਤੇ ਫੈਸਲਾ ਲਵੇਗੀ। ਹੁਣ 28 ਅਕਤੂਬਰ ਨੂੰ ਉਨ੍ਹਾਂ ਦੀ ਸਜ਼ਾ 'ਤੇ ਰੋਕ ਲਗਾਉਣ ਦੀ ਪਟੀਸ਼ਨ 'ਤੇ ਸੁਣਵਾਈ ਕਰੇਗਾ।

ਜ਼ਿਕਰਯੋਗ ਹੈ ਕਿ ਖਡੂਰ ਸਾਹਿਬ ਤੋਂ ਆਪ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਤਰਨ ਤਾਰਨ ਦੀ ਅਦਾਲਤ ਨੇ 12 ਸਾਲ ਪੁਰਾਣੇ ਉਸਮਾ ਕਾਂਡ ਮਾਮਲੇ 'ਚ 4 ਸਾਲ ਦੀ ਸਜ਼ਾ ਸੁਣਾਈ ਸੀ। ਅਦਾਲਤ ਵੱਲੋਂ ਮਨਜਿੰਦਰ ਸਿੰਘ ਲਾਲਪੁਰਾ ਸਮੇਤ 10 ਲੋਕਾਂ ਨੂੰ ਸਜ਼ਾ ਸੁਣਾਈ ਗਈ ਸੀ, ਜਿਸ ਵਿੱਚ ਮਨਜਿੰਦਰ ਸਿੰਘ ਲਾਲਪੁਰਾ ਸਮੇਤ 7 ਲੋਕਾਂ ਨੂੰ 4 ਸਾਲ ਸਜ਼ਾ ਅਤੇ ਜੁਰਮਾਨਾ ਲਗਾਇਆ ਗਿਆ ਅਤੇ ਤਿੰਨ ਦੋਸ਼ੀਆਂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਸਬੰਧੀ 10 ਸਤੰਬਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਸਮੇਤ 10 ਜਣਿਆਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਮੁਲਜ਼ਮਾਂ ਵਿੱਚ 6 ਪੁਲਿਸ ਕਰਮੀ ਵੀ ਸ਼ਾਮਲ ਹਨ, ਪਰ ਇੱਕ ਪੁਲੀਸ ਕਰਮੀ ਦੀ ਅਦਾਲਤੀ ਕਾਰਵਾਈ ਦੌਰਾਨ ਮੌਤ ਗਈ ਸੀ।

ਕੀ ਸੀ ਪੂਰਾ ਮਾਮਲਾ ?

ਇਹ ਗੱਲ ਧਿਆਨ ਦੇਣ ਯੋਗ ਹੈ ਕਿ 3 ਮਾਰਚ, 2013 ਨੂੰ, ਉਸਮਾਨ ਪਿੰਡ ਦੀ ਰਹਿਣ ਵਾਲੀ ਹਰਬਿੰਦਰ ਕੌਰ ਉਸਮਾਨ ਆਪਣੇ ਪਿਤਾ ਕਸ਼ਮੀਰ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੰਜਾਬ ਇੰਟਰਨੈਸ਼ਨਲ ਪੈਲੇਸ ਪਹੁੰਚੀ ਸੀ। ਉੱਥੇ ਮੌਜੂਦ ਟੈਕਸੀ ਡਰਾਈਵਰਾਂ ਨੇ ਹਰਬਿੰਦਰ ਕੌਰ ਉਸਮਾਨ ਨਾਲ ਛੇੜਛਾੜ ਕੀਤੀ।

ਜਦੋਂ ਉਸਨੇ ਵਿਰੋਧ ਕੀਤਾ ਤਾਂ ਟੈਕਸੀ ਡਰਾਈਵਰਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਮੌਕੇ 'ਤੇ ਪਹੁੰਚੀ ਪੁਲਿਸ ਨੇ ਸੜਕ ਦੇ ਵਿਚਕਾਰ ਪਰਿਵਾਰ 'ਤੇ ਵੀ ਹਮਲਾ ਕਰ ਦਿੱਤਾ। ਦੋਸ਼ੀ ਟੈਕਸੀ ਡਰਾਈਵਰਾਂ ਵਿੱਚੋਂ ਇੱਕ, ਮਨਜਿੰਦਰ ਸਿੰਘ ਲਾਲਪੁਰਾ, 2022 ਵਿੱਚ ਖਡੂਰ ਸਾਹਿਬ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਵਜੋਂ ਚੁਣਿਆ ਗਿਆ ਸੀ। ਪਿਛਲੇ ਮਹੀਨੇ, 10 ਸਤੰਬਰ ਨੂੰ, ਤਰਨਤਾਰਨ ਦੀ ਇੱਕ ਅਦਾਲਤ ਨੇ ਇਸ ਮਾਮਲੇ ਵਿੱਚ ਵਿਧਾਇਕ ਲਾਲਪੁਰਾ ਨੂੰ ਦੋਸ਼ੀ ਠਹਿਰਾਇਆ ਅਤੇ ਉਸਨੂੰ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ।

ਲਾਲਪੁਰਾ ਨੇ ਹੁਣ ਇਸ ਸਜ਼ਾ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਅੱਜ ਇੱਕ ਲੰਬੀ ਬਹਿਸ ਤੋਂ ਬਾਅਦ, ਹਾਈ ਕੋਰਟ ਨੇ ਲਾਲਪੁਰਾ ਨੂੰ ਕੋਈ ਰਾਹਤ ਦਿੱਤੇ ਬਿਨਾਂ ਸੁਣਵਾਈ 28 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ।

Related Post