ਵੇਰਕਾ ਨੂੰ ਮਿਲਾਵਟੀ ਦੁੱਧ ਸਪਲਾਈ ਮਾਮਲਾ; HC ਨੇ ਪੰਜਾਬ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

By  KRISHAN KUMAR SHARMA February 20th 2024 11:08 AM

ਚੰਡੀਗੜ੍ਹ: ਪੰਜਾਬ--ਹਰਿਆਣਾ ਹਾਈਕੋਰਟ ਨੇ ਮੋਹਾਲੀ (Mohali) ਦੇ ਵੇਰਕਾ (Verka) ਮਿਲਕ ਪਲਾਂਟ ਨੂੰ ਮਿਲਾਵਟੀ ਦੁੱਧ (Milk) ਦੀ ਸਪਲਾਈ ਦੇ ਮਾਮਲੇ ਵਿੱਚ ਹੁਣ ਤੱਕ ਹੋਈ ਜਾਂਚ ਬਾਰੇ ਪੰਜਾਬ ਸਰਕਾਰ (Punjab Government) ਤੋਂ ਸਟੇਟਸ ਰਿਪੋਰਟ ਮੰਗੀ ਹੈ।

ਵਕੀਲ ਸੰਦੀਪ ਸਿੰਘ ਨੇ ਦੱਸਿਆ ਕਿ ਸੁਣਵਾਈ ਦੌਰਾਨ ਹਾਈ ਕੋਰਟ ਨੇ ਹੁਣ ਵੇਰਕਾ ਦੇ ਐਮਡੀ ਅਤੇ ਡਾਇਰੈਕਟਰ ਪ੍ਰਾਸੀਕਿਊਸ਼ਨ ਨੂੰ ਇਸ ਕੇਸ ਵਿੱਚ ਧਿਰ ਬਣਾਇਆ ਹੈ ਅਤੇ ਉਨ੍ਹਾਂ ਨੂੰ ਕੇਸ ਦੀ ਅਗਲੀ ਸੁਣਵਾਈ ’ਤੇ ਹਾਈ ਕੋਰਟ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

ਇਹ ਸੀ ਮਾਮਲਾ

ਦੱਸ ਦਈਏ ਕਿ ਮਾਮਲਾ ਜੁਲਾਈ 2015 ਦਾ ਹੈ, ਜਦੋਂ ਖਮਾਣੋਂ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੋਹਾਲੀ ਦੇ ਵੇਰਕਾ ਮਿਲਕ ਪਲਾਂਟ 'ਚ ਕੁਝ ਲੋਕ ਮਿਲਾਵਟੀ ਦੁੱਧ ਦੀ ਸਪਲਾਈ ਕਰ ਰਹੇ ਹਨ। ਪੁਲਿਸ ਨੇ ਦੁੱਧ ਦਾ ਟੈਂਕਰ ਵੀ ਫੜ ਕੇ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕੀਤਾ ਸੀ। ਪਰ ਇਸ ਮਾਮਲੇ 'ਚ ਪੁਲਿਸ ਨੇ ਅੱਗੇ ਬਣਦੀ ਕਾਰਵਾਈ ਨਹੀਂ ਕੀਤੀ, ਜਿਸ ਕਾਰਨ 2019 'ਚ ਖਮਾਣੋਂ ਦੀ ਅਦਾਲਤ ਵਲੋਂ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਗਿਆ ਸੀ, ਜਿਸ ਦੇ ਚੱਲਦਿਆਂ ਇਸ ਮਾਮਲੇ ਦੇ ਤਫਤੀਸ਼ੀ ਅਫਸਰ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ।

ਹੁਣ ਇਸ ਮਾਮਲੇ 'ਚ ਮੁਲਜ਼ਮਾਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ 'ਤੇ ਹਾਈਕੋਰਟ ਨੇ ਸਖਤ ਰੁਖ ਅਖਤਿਆਰ ਕਰਦੇ ਹੋਏ ਵੇਰਕਾ ਮਿਲਕ ਪਲਾਂਟ ਦੇ ਐਮ.ਡੀ ਅਤੇ ਡਾਇਰੈਕਟਰ ਪ੍ਰਾਸੀਕਿਊਸ਼ਨ ਨੂੰ ਅਗਲੇ ਦਿਨ ਅਦਾਲਤ 'ਚ ਪੇਸ਼ ਹੋਣ ਲਈ ਕਿਹਾ ਹੈ। ਇਸ ਮਾਮਲੇ ਦੀ ਸੁਣਵਾਈ 26 ਫਰਵਰੀ ਨੂੰ ਕਰਨ ਦੇ ਹੁਕਮ ਦਿੱਤੇ ਗਏ ਹਨ ਅਤੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਦੀ ਹੁਣ ਤੱਕ ਹੋਈ ਜਾਂਚ ਦੀ ਸਟੇਟਸ ਰਿਪੋਰਟ ਪੇਸ਼ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ।

Related Post