ਸੁਲਤਾਨਪੁਰ ਲੋਧੀ ਘਟਨਾ ’ਚ ਪੁਲਿਸ ਕਾਰਵਾਈ ’ਤੇ ਐਡਵੋਕੇਟ ਧਾਮੀ ਨੇ ਚੁੱਕੇ ਸਵਾਲ

By  Amritpal Singh November 24th 2023 05:27 PM

Punjab News: ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਨਵਾਬ ਕਪੂਰ ਸਿੰਘ ਛਾਉਣੀ ਨਿਹੰਗ ਸਿੰਘਾਂ ਸੁਲਤਾਨਪੁਰ ਲੋਧੀ ਵਿਖੇ ਵਾਪਰੀ ਘਟਨਾ ਦੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਪਾਸੋਂ ਜਾਂਚ ਰਿਪੋਰਟ ਲੈਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਵਿਚ ਪੁਲਿਸ ਦੀ ਭੂਮਿਕਾ ਠੀਕ ਨਹੀਂ ਸੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਚਾਹੀਦਾ ਸੀ ਕਿ ਉਹ ਦੋਹਾਂ ਧਿਰਾਂ ਨੂੰ ਬਿਠਾ ਕੇ ਮਸਲਾ ਹੱਲ ਕਰਦੀ, ਪਰੰਤੂ ਪੁਲਿਸ ਵੱਲੋਂ ਜਿਸ ਤਰੀਕੇ ਨਾਲ ਗੁਰਦੁਆਰਾ ਸਾਹਿਬ ਦੀ ਮਾਣ ਮਰਯਾਦਾ ਨੂੰ ਅੱਖੋਂ ਪਰੋਖੇ ਕਰਕੇ ਦਖ਼ਲ ਦਿੱਤਾ ਗਿਆ, ਉਸ ਨਾਲ ਪੰਜਾਬ ਸਰਕਾਰ ਦੀ ਕਾਰਜਸ਼ੈਲੀ ਸਵਾਲਾਂ ਦੇ ਘੇਰੇ ਵਿਚ ਆਈ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਪੱਧਰ ’ਤੇ ਫੇਲ੍ਹ ਹੋ ਰਹੀ ਹੈ ਅਤੇ ਖ਼ਾਸਕਰ ਕਾਨੂੰਨ ਵਿਵਸਥਾ ਨੂੰ ਸੰਭਾਲਣ ਵਿਚ ਬਿਲਕੁਲ ਸੰਜੀਦਗੀ ਨਹੀਂ ਦਿਖਾ ਰਹੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਮਾਮਲੇ ਸਿੱਧੇ ਤੌਰ ’ਤੇ ਸੰਗਤ ਦੀਆਂ ਭਾਵਨਾਵਾਂ ਨਾਲ ਜੁੜੇ ਹੋਏ ਹੁੰਦੇ ਹਨ ਪਰੰਤੂ ਭਗਵੰਤ ਮਾਨ ਦੀ ਸਰਕਾਰ ਇਸ ਨੂੰ ਆਮ ਲੈ ਰਹੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਗ੍ਰਹਿ ਮੰਤਰੀ ਹੁੰਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਗੁਰਦੁਆਰਾ ਸਾਹਿਬ ਵਿਚ ਦਖ਼ਲ ਅਤੇ ਮਰਯਾਦਾ ਦੀ ਉਲੰਘਣਾ ਲਈ ਸਿੱਧੇ ਤੌਰ ’ਤੇ ਜਿੰਮੇਵਾਰ ਹਨ। ਸੁਲਤਾਨਪੁਰ ਲੋਧੀ ਦੀ ਪੁਲਿਸ ਕਾਰਵਾਈ ਨਾਲ ਸਿੱਖਾਂ ਦਾ ਅਕਸ ਵੀ ਦੁਨੀਆਂ ਭਰ ਵਿਚ ਖਰਾਬ ਹੋਇਆ ਹੈ, ਜਿਸ ਲਈ ਮੁੱਖ ਮੰਤਰੀ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਭੈਭੀਤ ਨਾ ਹੋਣ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸਾਹਿਬਾਨ ਅੰਦਰ ਹੋਣ ਵਾਲੇ ਸਮਾਗਮਾਂ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ।

Related Post