AAP ਵਿਧਾਇਕ ਲਾਲਪੁਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਦੀ ਮੰਗ ,ਐਡਵੋਕੇਟ ਐਚ.ਸੀ. ਅਰੋੜਾ ਨੇ ਸਪੀਕਰ ਨੂੰ ਲਿਖਿਆ ਪੱਤਰ

MLA Manjinder Singh Lalpura : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਤੋਂ ਵਿਧਾਇਕ ਵਜੋਂ ਮੈਂਬਰਸ਼ਿਪ ਖੁੱਸਣ ਦੀ ਤਲਵਾਰ ਲਟਕ ਰਹੀ ਹੈ। 'ਆਪ' ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਲਈ ਐਡਵੋਕੇਟ ਐਚ.ਸੀ. ਅਰੋੜਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇੱਕ ਪੱਤਰ ਲਿਖਿਆ ਹੈ

By  Shanker Badra November 19th 2025 08:42 PM

MLA Manjinder Singh Lalpura : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਤੋਂ ਵਿਧਾਇਕ ਵਜੋਂ ਮੈਂਬਰਸ਼ਿਪ ਖੁੱਸਣ ਦੀ ਤਲਵਾਰ ਲਟਕ ਰਹੀ ਹੈ। 'ਆਪ' ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਲਈ ਐਡਵੋਕੇਟ ਐਚ.ਸੀ. ਅਰੋੜਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇੱਕ ਪੱਤਰ ਲਿਖਿਆ ਹੈ।

ਉਨ੍ਹਾਂ ਕਿਹਾ ਕਿ ਮਨਜਿੰਦਰ ਸਿੰਘ ਲਾਲਪੁਰਾ ਨੂੰ 10 ਸਤੰਬਰ ਨੂੰ ਤਰਨਤਾਰਨ ਦੀ ਹੇਠਲੀ ਅਦਾਲਤ ਨੇ ਦੋਸ਼ੀ ਠਹਿਰਾਇਆ ਸੀ ਅਤੇ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਲੋਕ ਪ੍ਰਤੀਨਿਧਤਾ ਐਕਟ ਦੀ ਧਾਰਾ 8(3) ਦੇ ਤਹਿਤ ਜਦੋਂ ਕਿਸੇ ਵੀ ਸੰਸਦ ਮੈਂਬਰ ਜਾਂ ਵਿਧਾਇਕ ਨੂੰ ਕਿਸੇ ਵੀ ਮਾਮਲੇ ਵਿੱਚ ਦੋਸ਼ੀ ਕਰਾਰ ਜਾਂ ਦੋ ਜਾਂ ਵੱਧ ਸਾਲ ਦੀ ਸਜ਼ਾ ਸੁਣਾਈ ਜਾਂਦੀ ਹੈ ਤਾਂ ਉਸ ਦੀ ਮੈਂਬਰਸ਼ਿਪ ਤੁਰੰਤ ਰੱਦ ਕੀਤੀ ਜਾਂਦੀ ਹੈ। ਇਸ ਵਿਵਸਥਾ ਦੇ ਤਹਿਤ ਮਨਜਿੰਦਰ ਸਿੰਘ ਲਾਲਪੁਰਾ ਨੂੰ ਤੁਰੰਤ ਉਸਦੇ ਵਿਧਾਇਕ ਦੇ ਅਹੁਦੇ ਤੋਂ ਹਟਾਇਆ ਜਾਵੇ।

ਐਡਵੋਕੇਟ ਐਚ.ਸੀ. ਅਰੋੜਾ ਨੇ ਕਿਹਾ ਕਿ ਲਾਲਪੁਰਾ ਦੀ ਸਜ਼ਾ ਵਿਰੁੱਧ ਅਪੀਲ ਅਜੇ ਵੀ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ ਅਤੇ ਲਾਲਪੁਰਾ ਨੂੰ ਅਜੇ ਤੱਕ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਉਨ੍ਹਾਂ ਦੀ ਅਪੀਲ 'ਤੇ ਸੁਣਵਾਈ 17 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਲਈ ਐਡਵੋਕੇਟ ਐਚ.ਸੀ. ਅਰੋੜਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਉਹ ਇਸ ਵਿਵਸਥਾ ਦੇ ਤਹਿਤ ਸੱਤ ਦਿਨਾਂ ਦੇ ਅੰਦਰ ਲਾਲਪੁਰਾ ਨੂੰ ਉਨ੍ਹਾਂ ਦੇ ਵਿਧਾਇਕ ਦੇ ਅਹੁਦੇ ਤੋਂ ਹਟਾ ਦੇਣ। ਜੇਕਰ ਇਸ ਸਮਾਂ ਸੀਮਾ ਦੇ ਅੰਦਰ ਅਜਿਹਾ ਨਹੀਂ ਕੀਤਾ ਜਾਂਦਾ ਹੈ ਤਾਂ ਉਹ ਹਾਈ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕਰਨਗੇ।

 ਮਨਜਿੰਦਰ ਸਿੰਘ ਲਾਲਪੁਰਾ ਨੂੰ ਹਾਈਕੋਰਟ ਤੋਂ ਵੀ ਨਹੀਂ ਮਿਲੀ ਕੋਈ ਰਾਹਤ

ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਆਪਣੀ ਸਜ਼ਾ ਨੂੰ ਚੁਣੌਤੀ ਦਿੰਦੇ ਹੋਏ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਅਪੀਲ ਦਾਇਰ ਕੀਤੀ ਸੀ। ਉਨ੍ਹਾਂ ਨੇ ਆਪਣੀ ਸਜ਼ਾ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਵਕੀਲ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਸਜ਼ਾ ‘ਤੇ ਰੋਕ ਨਹੀਂ ਲਗਾਈ ਜਾਂਦੀ ਤਾਂ ਉਹ ਆਪਣੀ ਵਿਧਾਨ ਸਭਾ ਮੈਂਬਰਸ਼ਿਪ ਗੁਆ ਸਕਦੇ ਹਨ। ਬੀਤੇ ਦਿਨੀਂ ਅਦਾਲਤ ਨੇ ਲਾਲਪੁਰਾ ਵੱਲੋਂ ਪਾਈ ਗਈ ਪਟੀਸ਼ਨ ਖਾਰਜ ਕਰ ਦਿੱਤੀ ਸੀ।

ਕੀ ਸੀ ਪੂਰਾ ਮਾਮਲਾ 

 ਦੱਸ ਦਈਏ ਕਿ 3 ਮਾਰਚ 2013 ਨੂੰ ਉਸਮਾਨ ਪਿੰਡ ਦੀ ਵਸਨੀਕ ਹਰਬਿੰਦਰ ਕੌਰ ਉਸਮਾਨ ਆਪਣੇ ਪਿਤਾ ਕਸ਼ਮੀਰ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੰਜਾਬ ਇੰਟਰਨੈਸ਼ਨਲ ਪੈਲੇਸ ਪਹੁੰਚੀ ਸੀ। ਇਸ ਦੌਰਾਨ ਹਰਬਿੰਦਰ ਕੌਰ ਨੇ ਉੱਥੇ ਮੌਜੂਦ ਟੈਕਸੀ ਡਰਾਈਵਰਾਂ ’ਤੇ ਛੇੜਛਾੜ ਕੀਤੇ ਜਾਣ ਦਾ ਇਲਜ਼ਾਮ ਲਗਾਇਆ ਸੀ। ਪੀੜਤਾਂ ਨੇ ਦੱਸਿਆ ਕਿ ਜਦੋਂ ਉਸਨੇ ਵਿਰੋਧ ਕੀਤਾ ਤਾਂ ਟੈਕਸੀ ਡਰਾਈਵਰਾਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸੜਕ ਦੇ ਵਿਚਕਾਰ ਪਰਿਵਾਰ ‘ਤੇ ਵੀ ਹਮਲਾ ਕਰ ਦਿੱਤਾ।

ਪੀੜਤਾਂ ਨੇ ਇਹ ਵੀ ਦੱਸਿਆ ਕਿ ਮੁਲਜ਼ਮ ਟੈਕਸੀ ਡਰਾਈਵਰਾਂ ਵਿੱਚ ਮਨਜਿੰਦਰ ਸਿੰਘ ਲਾਲਪੁਰਾ ਵੀ ਸ਼ਾਮਲ ਸੀ, ਜੋ 2022 ਵਿੱਚ ਖਡੂਰ ਸਾਹਿਬ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਵਜੋਂ ਚੁਣੇ ਗਏ ਸਨ। ਇਸ ਮਹੀਨੇ ਦੀ 10 ਸਤੰਬਰ ਨੂੰ ਤਰਨਤਾਰਨ ਦੀ ਇੱਕ ਅਦਾਲਤ ਨੇ ਵਿਧਾਇਕ ਲਾਲਪੁਰਾ ਨੂੰ ਦੋਸ਼ੀ ਠਹਿਰਾਇਆ ਅਤੇ ਉਸਨੂੰ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਲਾਲਪੁਰਾ ਨੇ ਹੁਣ ਇਸ ਸਜ਼ਾ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ।

 

Related Post