ਲੁਧਿਆਣਾ ਤੋਂ ਬਾਅਦ ਹੁਣ ਅੰਮ੍ਰਿਤਸਰ ਚ ਲਾਪਤਾ ਹੋਈਆਂ ਦੋ ਨਾਬਾਲਿਗ ਕੁੜੀਆਂ, ਕੋਚਿੰਗ ਲਈ ਗਈਆਂ ਸਨ ਦੋਵੇਂ, ਸੀਸੀਟੀਵੀ ਖੰਗਾਲ ਰਹੀ ਪੁਲਿਸ
Girl Missing in Amritsar : ਅੰਮ੍ਰਿਤਸਰ ਤੋਂ ਦੋ ਨਾਬਾਲਿਗ ਕੁੜੀਆਂ ਦੇ ਅਚਾਨਕ ਲਾਪਤਾ ਹੋਣ ਨਾਲ ਇਲਾਕੇ ਵਿੱਚ ਚਿੰਤਾ ਅਤੇ ਡਰ ਦਾ ਮਾਹੌਲ ਬਣ ਗਿਆ ਹੈ। ਦੋਵੇਂ ਕੁੜੀਆਂ ਦੀ ਉਮਰ 14 ਅਤੇ 17 ਸਾਲ ਦੱਸੀ ਜਾ ਰਹੀ ਹੈ ਅਤੇ ਉਹ ਫਤਿਹਗੜ੍ਹ ਚੂੜੀਆਂ ਰੋਡ ਸਥਿਤ ਬਾਬਾ ਦੀਪ ਸਿੰਘ ਕਾਲੋਨੀ ਦੀ ਰਹਿਣ ਵਾਲੀਆਂ ਹਨ।
Amritsar Missing Girls : ਅੰਮ੍ਰਿਤਸਰ ਵਿੱਚ ਨਾਬਾਲਿਗ ਕੁੜੀਆਂ ਦੇ ਲਾਪਤਾ ਹੋਣ ਦਾ ਇੱਕ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਵਿੱਚ ਹਾਲ ਹੀ ਦੌਰਾਨ 18 ਕੁੜੀਆਂ ਦੇ ਗਾਇਬ ਹੋਣ ਦੀਆਂ ਘਟਨਾਵਾਂ ਤੋਂ ਬਾਅਦ ਹੁਣ ਗੁਰੂ ਨਗਰੀ ਅੰਮ੍ਰਿਤਸਰ ਤੋਂ ਵੀ ਦੋ ਨਾਬਾਲਿਗ ਕੁੜੀਆਂ ਦੇ ਅਚਾਨਕ ਲਾਪਤਾ ਹੋਣ ਨਾਲ ਇਲਾਕੇ ਵਿੱਚ ਚਿੰਤਾ ਅਤੇ ਡਰ ਦਾ ਮਾਹੌਲ ਬਣ ਗਿਆ ਹੈ। ਦੋਵੇਂ ਕੁੜੀਆਂ ਦੀ ਉਮਰ 14 ਅਤੇ 17 ਸਾਲ ਦੱਸੀ ਜਾ ਰਹੀ ਹੈ ਅਤੇ ਉਹ ਫਤਿਹਗੜ੍ਹ ਚੂੜੀਆਂ ਰੋਡ ਸਥਿਤ ਬਾਬਾ ਦੀਪ ਸਿੰਘ ਕਾਲੋਨੀ ਦੀਆਂ ਰਹਿਣ ਵਾਲੀਆਂ ਹਨ। (Two Minor Missing in Amritsar)
ਕੋਚਿੰਗ ਲਈ ਗਈਆਂ ਦੋਵੇਂ ਕੁੜੀਆਂ ਘਰ ਨਹੀਂ ਮੁੜੀਆਂ
ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਦੋਵੇਂ ਕੁੜੀਆਂ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਪਿਊਟਰ ਕੋਚਿੰਗ (Computer Coaching) ਸੈਂਟਰ ਲਈ ਘਰੋਂ ਨਿਕਲੀਆਂ ਸਨ। ਪਰ ਜਦੋਂ ਕੋਚਿੰਗ ਦੀਆਂ ਕਲਾਸਾਂ ਸਮਾਪਤ ਹੋਣ ਤੋਂ ਬਾਅਦ ਵੀ ਉਹ ਘਰ ਵਾਪਸ ਨਾ ਪੁੱਜੀਆਂ ਤਾਂ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਭਾਲ ਸ਼ੁਰੂ ਕੀਤੀ। ਰਿਸ਼ਤੇਦਾਰਾਂ, ਦੋਸਤਾਂ ਅਤੇ ਜਾਣ-ਪਛਾਣ ਵਾਲਿਆਂ ਕੋਲ ਪੁੱਛਗਿੱਛ ਕਰਨ ਦੇ ਬਾਵਜੂਦ ਜਦੋਂ ਕੋਈ ਜਾਣਕਾਰੀ ਨਹੀਂ ਮਿਲੀ ਤਾਂ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।
'ਕੁੜੀਆਂ ਨੂੰ ਲਾਪਤਾ ਹੋਏ 24 ਘੰਟਿਆਂ ਤੋਂ ਵੱਧ ਦਾ ਹੋਇਆ ਸਮਾਂ'
ਪੀੜਤ ਪਰਿਵਾਰਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਘਟਨਾ ਨੂੰ ਇੱਕ ਦਿਨ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਪਰ ਅਜੇ ਤੱਕ ਕੁੜੀਆਂ ਦਾ ਕੋਈ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਸਾਰੇ ਮੈਂਬਰ ਬਹੁਤ ਚਿੰਤਤ ਹਨ ਅਤੇ ਲਗਾਤਾਰ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਅਰਦਾਸ ਕਰ ਰਹੇ ਹਨ। ਪਰਿਵਾਰਾਂ ਨੇ ਅੰਮ੍ਰਿਤਸਰ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੁੜੀਆਂ ਦੀ ਭਾਲ ਲਈ ਤੇਜ਼ੀ ਨਾਲ ਕਾਰਵਾਈ ਕੀਤੀ ਜਾਵੇ। ਇਸ ਘਟਨਾ ਨੇ ਇਲਾਕੇ ਦੇ ਲੋਕਾਂ ਵਿੱਚ ਵੀ ਚਿੰਤਾ ਵਧਾ ਦਿੱਤੀ ਹੈ।
ਸਥਾਨਕ ਵਸਨੀਕਾਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਸਮੇਂ ਦੌਰਾਨ ਨਾਬਾਲਿਗ ਬੱਚਿਆਂ ਦੇ ਲਾਪਤਾ ਹੋਣ ਦੀਆਂ ਘਟਨਾਵਾਂ ਵਧ ਰਹੀਆਂ ਹਨ, ਜਿਸ ਕਾਰਨ ਮਾਪਿਆਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ। ਲੋਕਾਂ ਨੇ ਪੁਲਿਸ ਤੋਂ ਅਜਿਹੇ ਮਾਮਲਿਆਂ ਵਿੱਚ ਹੋਰ ਸਖ਼ਤ ਅਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।
ਪੁਲਿਸ ਨੇ ਸੀਸੀਟੀਵੀ ਰਾਹੀਂ ਭਾਲ ਕੀਤੀ ਸ਼ੁਰੂ
ਉਧਰ, ਸਦਰ ਥਾਣਾ ਅੰਮ੍ਰਿਤਸਰ ਦੇ ਮੁਖੀ ਕਿਰਨਦੀਪ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਇਲਾਕੇ ਅਤੇ ਸੰਭਾਵਿਤ ਰਸਤਿਆਂ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਵੱਖ-ਵੱਖ ਪੁਲਿਸ ਟੀਮਾਂ ਨੂੰ ਕੁੜੀਆਂ ਦੀ ਭਾਲ ਲਈ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੁਲਿਸ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਅਤੇ ਜਲਦ ਹੀ ਕੁੜੀਆਂ ਦਾ ਪਤਾ ਲਗਾ ਲਿਆ ਜਾਵੇਗਾ।