ਇਟਲੀ 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਦੋ ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ ਅਜੈ ਕੁਮਾਰ

By  KRISHAN KUMAR SHARMA December 26th 2023 08:48 AM

ਕਪੂਰਥਲਾ: ਇਟਲੀ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ, ਜਿਥੇ ਕਪੂਰਥਲਾ ਦੇ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਹੋ ਗਈ ਹੈ। ਮ੍ਰਿਤਕ ਨੌਜਵਾਨ ਆਪਣੇ ਪਿੱਛੇ ਦੋ ਛੋਟੇ-ਛੋਟੇ ਬੱਚਿਆਂ ਨੂੰ ਛੱਡ ਗਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੋ ਮਹੀਨੇ ਪਹਿਲਾਂ ਹੀ ਆਪਣੇ ਅਤੇ ਪਰਿਵਾਰ ਦੇ ਚੰਗੇ ਭਵਿੱਖ ਲਈ ਵਿਦੇਸ਼ ਗਿਆ ਸੀ ਪਰ ਇਹ ਭਾਣਾ ਵਾਪਰ ਗਿਆ।

ਪਰਿਵਾਰ ਨੇ ਕਰਜ਼ਾ ਚੁੱਕ ਕੇ ਵਿਦੇਸ਼ ਭੇਜਿਆ ਸੀ ਅਜੈ ਕੁਮਾਰ

ਜਾਣਕਾਰੀ ਦਿੰਦਿਆਂ ਮ੍ਰਿਤਕ ਨੌੌਜਵਾਨ ਦੇ ਰਿਸ਼ਤੇਦਾਰ ਮਨਦੀਪ ਕੁਮਾਰ ਨੇ ਦੱਸਿਆ ਕਿ ਅਜੈ ਕੁਮਾਰ (36) ਪੁੱਤਰ ਗੁਰਧਿਆਨ ਵਾਸੀ ਨਡਾਲਾ (ਕਪੂਰਥਲਾ) ਉਸਦਾ ਜੀਜਾ ਹੈ ਅਤੇ ਉਹ ਦੋ ਮਹੀਨੇ ਪਹਿਲਾਂ ਹੀ ਇਟਲੀ ਗਿਆ ਸੀ। ਉਸ ਨੇ ਦੱਸਿਆ ਕਿ ਪਰਿਵਾਰ ਵੱਲੋਂ ਉਸ ਨੂੰ ਕਰਜ਼ਾ ਚੁੱਕ ਕੇ ਵਿਦੇਸ਼ ਭੇਜਿਆ ਗਿਆ ਸੀ।

ਉਸ ਨੇ ਦੱਸਿਆ ਕਿ ਲੰਘੇ ਦਿਨੀ ਉਹ ਆਪਣੇ ਸਾਥੀ ਰਕੇਸ਼ ਕੁਮਾਰ ਦੀ ਗੱਡੀ ਵਿੱਚ ਬੈਠ ਕੇ ਲਾਸੀਓ ਸੂਬੇ ਦੇ ਜ਼ਿਲ੍ਹਾ ਲਾਤੀਨਾ ਤੋਂ ਫਿਊਮੀਚੀਨੋ ਹਵਾਈ ਅੱਡੇ 'ਤੇ ਕਿਸੇ ਰਿਸ਼ਤੇਦਾਰ ਨੂੰ ਲੈਣ ਚਲੇ ਗਏ, ਜਿੱਥੇ ਗੱਡੀ ਚਾਲਕ ਨੇ ਹਵਾਈ ਅੱਡੇ ਨੇੜੇ ਪਾਰਕਿੰਗ ਦੇ ਪੈਸੇ ਬਚਾਉਣ ਖਾਤਿਰ ਗੱਡੀ ਨੋ ਪਾਰਕਿੰਗ 'ਚ ਲਗਾ ਕੇ ਰਿਸ਼ਤੇਦਾਰ ਦੀ ਫਲਾਈਟ ਦਾ ਇੰਤਜ਼ਾਰ ਕਰਨ ਲੱਗੇ।

ਸੜਕ ਪਾਰ ਕਰਨ ਲੱਗੇ ਵਾਪਰਿਆ ਹਾਦਸਾ

ਮਨਦੀਪ ਕੁਮਾਰ ਨੇ ਦੱਸਿਆ ਕਿ ਇਸ ਦੌਰਾਨ ਜਦੋਂ ਅਜੈ ਕੁਮਾਰ ਬਾਥਰੂਮ ਜਾਣ ਲਈ ਸੜਕ ਪਾਰ ਕਰਨ ਲੱਗਾ ਤਾਂ ਇੱਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਦੋ ਛੋਟੇ-ਛੋਟੇ ਬੱਚੇ ਹਨ। ਉਨ੍ਹਾਂ ਇਟਲੀ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਆਖਿਆ ਕਿ ਇਸ ਹਾਦਸੇ ਦੀ ਜਾਂਚ ਕੀਤੀ ਜਾਵੇ ਤੇ ਨੌਜਵਾਨ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਪਰਿਵਾਰ ਦੀ ਮਦਦ ਕੀਤੀ ਜਾਵੇ।

Related Post