Nangal Nagar Council ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਭਰੀਆਂ ਨਾਮਜਦਗੀਆਂ

ਡਾ. ਚੀਮਾ ਨੇ ਕਿਹਾ ਕਿ ਸਰਕਾਰ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਦੀ ਬਜਾਏ ਧੱਕੇਸ਼ਾਹੀ ਰਾਹੀਂ ਚੋਣ ਪ੍ਰਕਿਰਿਆ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 11 ਤਰੀਕ ਨੂੰ ਚੋਣਾਂ ਦਾ ਐਲਾਨ ਕੀਤਾ ਗਿਆ ਅਤੇ 13 ਤਰੀਕ ਤੋਂ ਨਾਮਜ਼ਦਗੀਆਂ ਸ਼ੁਰੂ ਕਰ ਦਿੱਤੀਆਂ ਗਈਆਂ, ਜਿਸ ਕਾਰਨ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਤਿਆਰੀ ਲਈ ਲੋੜੀਂਦਾ ਸਮਾਂ ਨਹੀਂ ਮਿਲ ਸਕਿਆ।

By  Aarti May 16th 2026 03:42 PM

ਨੰਗਲ ਨਗਰ ਕੌਂਸਲ ਚੋਣਾਂ ਸਬੰਧੀ ਅੱਜ ਅਕਾਲੀ ਦਲ ਦੇ ਉਮੀਦਵਾਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਨਾਮਜ਼ਦਗੀਆਂ ਦਾਖਲ ਕਰਵਾਈਆਂ ਗਈਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾਕਟਰ ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ ਅਤੇ ਚੋਣ ਕਮਿਸ਼ਨ ’ਤੇ ਮਿਲੀਭੁਗਤ ਕਰਕੇ ਲੋਕਤੰਤਰ ਦਾ ਘਾਣ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਡਾਕਟਰ ਚੀਮਾ ਨੰਗਲ ਵਿਖੇ ਨਗਰ ਕੌਂਸਲ ਚੋਣਾਂ ਲਈ ਪਾਰਟੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਡਾ. ਚੀਮਾ ਨੇ ਕਿਹਾ ਕਿ ਸਰਕਾਰ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਦੀ ਬਜਾਏ ਧੱਕੇਸ਼ਾਹੀ ਰਾਹੀਂ ਚੋਣ ਪ੍ਰਕਿਰਿਆ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 11 ਤਰੀਕ ਨੂੰ ਚੋਣਾਂ ਦਾ ਐਲਾਨ ਕੀਤਾ ਗਿਆ ਅਤੇ 13 ਤਰੀਕ ਤੋਂ ਨਾਮਜ਼ਦਗੀਆਂ ਸ਼ੁਰੂ ਕਰ ਦਿੱਤੀਆਂ ਗਈਆਂ, ਜਿਸ ਕਾਰਨ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਤਿਆਰੀ ਲਈ ਲੋੜੀਂਦਾ ਸਮਾਂ ਨਹੀਂ ਮਿਲ ਸਕਿਆ।

ਉਨ੍ਹਾਂ ਸਵਾਲ ਉਠਾਇਆ ਕਿ ਮਹਿਜ਼ 18 ਤੋਂ 20 ਘੰਟਿਆਂ ਦੇ ਅੰਦਰ ਪਾਰਟੀਆਂ ਆਪਣੇ ਉਮੀਦਵਾਰ ਕਿਵੇਂ ਤੈਅ ਕਰ ਸਕਦੀਆਂ ਹਨ ਅਤੇ ਉਮੀਦਵਾਰ ਲੋੜੀਂਦੇ ‘ਨੋ ਡਿਊਜ਼’ ਸਰਟੀਫਿਕੇਟ ਕਿਵੇਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਦਾ ਸਟਾਫ ਹੜਤਾਲ ’ਤੇ ਹੋਣ ਕਾਰਨ ਉਮੀਦਵਾਰਾਂ ਨੂੰ ਭਾਰੀ ਦਿੱਕਤਾਂ ਅਤੇ ਮਾਨਸਿਕ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸੱਤਾਧਾਰੀ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਡਾ. ਚੀਮਾ ਨੇ ਕਿਹਾ ਕਿ ਸਰਕਾਰ ਭ੍ਰਿਸ਼ਟਾਚਾਰ ਦੀ ਦਲਦਲ ਵਿੱਚ ਫਸ ਚੁੱਕੀ ਹੈ। ਉਨ੍ਹਾਂ ਈਡੀ ਅਤੇ ਸੀਬੀਆਈ ਦੀਆਂ ਕਾਰਵਾਈਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਘਰਾਂ ਵਿੱਚੋਂ ਨੋਟਾਂ ਦੇ ਬੈਗ ਬਰਾਮਦ ਹੋ ਰਹੇ ਹਨ, ਉਹ ਅੱਜ ਲੋਕਤੰਤਰ ਦੀਆਂ ਗੱਲਾਂ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਆਪਣੇ ਵਿਧਾਇਕਾਂ ਨੂੰ ਟੁੱਟਣ ਤੋਂ ਬਚਾਉਣ ਲਈ ਚੋਣਾਂ ਵਿੱਚ ਗਲਤ ਤਰੀਕੇ ਅਪਣਾ ਰਹੀ ਹੈ।

ਡਾ. ਚੀਮਾ ਨੇ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਨੰਗਲ ਵਿੱਚ ਸੱਤ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਗਏ ਹਨ। ਉਨ੍ਹਾਂ ਕਿਹਾ ਕਿ ਰੋਪੜ, ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਵੀ ਪਾਰਟੀ ਪੂਰੀ ਮਜ਼ਬੂਤੀ ਨਾਲ ਚੋਣ ਲੜ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿੱਥੇ ਪਾਰਟੀ ਦੇ ਉਮੀਦਵਾਰ ਨਹੀਂ ਹਨ, ਉੱਥੇ ਸਥਾਨਕ ਇਕਾਈਆਂ ਦੀ ਸਲਾਹ ਅਨੁਸਾਰ ਸਾਫ਼-ਸੁਥਰੇ ਅਕਸ ਵਾਲੇ ਆਜ਼ਾਦ ਉਮੀਦਵਾਰਾਂ ਨੂੰ ਸਮਰਥਨ ਦਿੱਤਾ ਜਾਵੇਗਾ। ਇਸ ਮੌਕੇ ਸਥਾਨਕ ਆਗੂ ਗੁਰਦੀਪ ਸਿੰਘ ਬਾਵਾ, ਸੰਦੀਪ ਕਲੋਤਾ ਅਤੇ ਹੋਰ ਪਾਰਟੀ ਵਰਕਰ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ  : No Municipal Council polls in Kharar : ਖਰੜ ਨਗਰ ਕੌਂਸਲ ਚੋਣਾਂ 'ਤੇ ਲੱਗੀ ਰੋਕ; HC ਨੇ ਇਸ ਕਾਰਨ ਇੰਨ੍ਹਾਂ 6 ਪਿੰਡਾਂ ਲਈ ਸੁਣਾਇਆ ਫੈਸਲਾ

Related Post