ਅਕਾਲੀ ਦਲ ਵਿਧਾਨ ਸਭਾ ਤੇ ਸੰਸਦੀ ਚੋਣਾਂ 'ਚ ਔਰਤਾਂ ਨੂੰ ਦੇਵੇਗਾ 33 ਫੀਸਦੀ ਸੀਟਾਂ: ਸੁਖਬੀਰ ਸਿੰਘ ਬਾਦਲ

By  KRISHAN KUMAR SHARMA January 12th 2024 05:59 PM

ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨਕੀਤਾ  ਕਿ ਪਾਰਟੀ ਆਉਂਦੀਆਂ ਪੰਚਾਇਤ ਤੇ ਸਥਾਨਕ ਸਰਕਾਰ ਸੰਸਥਾਵਾਂ ਦੀਆਂ ਚੋਣਾਂ ਵਿਚ ਔਰਤਾਂ ਨੂੰ 50 ਫੀਸਦੀ ਸੀਟਾਂ ਦੇਵੇਗੀ ਅਤੇ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਵਿਚ 33 ਫੀਸਦੀ ਸੀਟਾਂ ਔਰਤਾਂ ਨੂੰ ਦਿੱਤੀਆਂ ਜਾਣਗੀਆਂ।

ਮਾਘੀ ਮੇਲੇ ’ਤੇ ਇਸਤਰੀ ਅਕਾਲੀ ਦਲ ਵੱਲੋਂ ਆਯੋਜਿਤ ਵਿਸ਼ਾਲ ਕਾਨਫਰੰਸ

ਮਾਘੀ ਮੇਲੇ ’ਤੇ ਔਰਤਾਂ ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸਾਡੀਆਂ ਭੈਣਾਂ ਨਾਲ ਸਬੰਧਤ ਸਾਰੀਆਂ ਸਮਾਜ ਭਲਾਈ ਪਹਿਲ ਕਦਮੀਆਂ ਨੂੰ ਹੁਲਾਰਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੀ ਆਮ ਆਦਮੀ ਪਾਰਟੀ ਸਰਕਾਰ ਨੇ ਸ਼ਗਨ ਸਕੀਮ ਬੰਦ ਕੀਤੀ ਹੈ, ਉਹ ਅਸੀਂ ਮੁੜ ਸ਼ੁਰੂ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ ਆਟਾ-ਦਾਲ ਸਕੀਮ ਤਹਿਤ ਦਾਲਾਂ ਵੀ ਦਿਆਂਗੇ, ਜਦੋਂਕਿ ਮੌਜੂਦਾ ਸਰਕਾਰ ਨੇ ਇਸ ਸਕੀਮ ਦੇ ਲਾਭਪਾਤਰੀਆਂ ਦੀ ਗਿਣਤੀ ਵਿਚ ਭਾਰੀ ਕਟੌਤੀ ਕੀਤੀ ਹੈ ਤੇ ਇਸਦੇ ਨਾਲ ਹੀ ਬੁਢਾਪਾ ਪੈਨਸ਼ਨ ਵਧਾ ਕੇ 2500 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ।

ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਵੱਲੋਂ ਬੀਬੀ ਹਰਗੋਬਿੰਦ ਕੌਰ ਦੀ ਲੀਡਰਸ਼ਿਪ ਵਿੱਚ ਆਯੋਜਿਤ ਮਹਿਲਾ ਕਾਨਫਰੰਸ ਨੂੰ ਲਾਮਿਸਾਲ ਹੁੰਗਾਰਾ ਮਿਲਣ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਕਾਨਫਰੰਸ ਵਿਚ ਮਹਿਲਾਵਾਂ ਇਕੱਤਰ ਹੋਈਆਂ ਹਨ, ਉਸ ਤੋਂ ਸਾਬਤ ਹੁੰਦਾ ਹੈ ਕਿ ਅਕਾਲੀ ਦਲ ਵਿੱਚ ਔਰਤਾਂ ਦਾ ਕਿੰਨਾ ਮਾਣ ਸਤਿਕਾਰ ਹੈ। ਉਨ੍ਹਾਂ ਨੇ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਮਾਈ ਭਾਗੋ ਦੀਆਂ ਵਾਰਸ ਬਣਨ ਅਤੇ ਇਕਜੁੱਟ ਹੋ ਕੇ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣ।

'ਜ਼ੀਰੋ ਬਿੱਲ ਦੇ ਨਾਂ 'ਤੇ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੀ ਮਾਨ ਸਰਕਾਰ'

ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ.ਪੀ. ਹਰਸਿਮਰਤ ਕੌਰ ਬਾਦਲ ਨੇ ਪੰਜਾਬ ਇਤਿਹਾਸ ਵਿੱਚ ਗੁਰੂ ਸਾਹਿਬਾਨ ਦੇ ਸਮੇਂ ਤੋਂ ਲੈ ਕੇ ਹੁਣ ਤੱਕ ਔਰਤਾਂ ਵੱਲੋਂ ਦਿੱਤੀਆਂ ਸ਼ਹਾਦਤਾਂ ਦਾ ਜ਼ਿਕਰ ਕੀਤਾ। ਉਨ੍ਹਾਂ ਇਹ ਵੀ ਦੱਸਿਆ ਕਿ ਕਿਵੇਂ ਆਪ ਸਰਕਾਰ ਜ਼ੀਰੋ ਬਿੱਲ ਦਾ ਰੌਲਾ ਪਾ ਕੇ ਪੰਜਾਬੀਆਂ ਨੂੰ ਮੂਰਖ ਬਣਾਉਣਾ ਚਾਹੁੰਦੀ ਹੈ ਜਦੋਂ ਕਿ ਇਸਨੇ ਸ਼ਗਨ ਸਕੀਮ, ਆਟਾ ਦਾਲ ਸਕੀਮ ਤੇ ਬੁਢਾਪਾ ਪੈਨਸ਼ਨ ਦੇ ਲਾਭਪਾਤਰੀਆਂ ਦੀ ਗਿਣਤੀ ਘਟਾ ਦਿੱਤੀ ਹੈ। ਉਹਨਾਂ ਕਿਹਾ ਕਿ ਜ਼ੀਰੋ ਬਿੱਲ ਸਿਰਫ ਨਾਅਰਾ ਹੀ ਸਾਬਤ ਹੋ ਰਿਹਾ ਹੈ ਕਿਉਂਕਿ ਲੋਕ ਵੱਡੇ ਬਿਜਲੀ ਬਿੱਲ ਆਉਣ ਦੀ ਸ਼ਿਕਾਇਤ ਕਰ ਰਹੇ ਹਨ।

Related Post