ਮੁੱਖ ਮੰਤਰੀ, ਸੁਖਬੀਰ ਸਿੰਘ ਬਾਦਲ ਖਿਲਾਫ ਦੋਸ਼ਾਂ ਦੇ ਮਾਮਲੇ 'ਚ ਕੇਸ ਦਰਜ ਕਰਨ ਜਾਂ ਫਿਰ ਮੁਆਫੀ ਮੰਗਣ: ਅਕਾਲੀ ਦਲ

By  KRISHAN KUMAR SHARMA February 29th 2024 08:50 PM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਵੀਰਵਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ ਲਗਾਏ ਦੋਸ਼ਾਂ ਲਈ ਮੁਆਫੀ ਮੰਗਣ ਜਾਂ ਫਿਰ ਇਹ ਝੂਠੇ ਦੋਸ਼ਾਂ ਲਈ ਮਾਣਹਾਨੀ ਦੇ ਮੁਕੱਦਮੇ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।

ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸੁਖਬੀਰ ਸਿੰਘ ਬਾਦਲ (Sukhbir Singh Badal) ਅਤੇ ਸੁਖ ਵਿਲਾਸ ਹੋਟਲ ਨੂੰ ਝੂਠੇ ਦੋਸ਼ ਸਿਰਫ ਤੇ ਸਿਰਫ ਹਰਿਆਣਾ ਪੁਲਿਸ ਵੱਲੋਂ ਗੋਲੀ ਮਾਰ ਕੇ ਸ਼ਹੀਦ ਕੀਤੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ਵਿਚ ਗਲਤ ਦਰਜ ਕੀਤੀ ਗਈ ਜ਼ੀਰੋ ਐਫਆਈਆਰ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਲਗਾਏ ਗਏ ਹਨ।

ਅਕਾਲੀ ਦਲ ਦੇ ਬੁਲਾਰੇ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹਾ ਪਹਿਲੀ ਵਾਰ ਨਹੀਂ ਹੈ ਕਿ ਮੁੱਖ ਮੰਤਰੀ ਨੇ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਅਜਿਹੀ ਤਰਕੀਬ ਖੇਡੀ ਹੋਵੇ। ਉਨ੍ਹਾਂ ਕਿਹਾ ਕਿ ਪਹਿਲਾਂ ਭਗਵੰਤ ਮਾਨ ਨੇ ਜਦੋਂ ਇਹ ਦੋਸ਼ ਲਗਾਏ ਸਨ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਕ ਖਿਡਾਰੀ ਤੋਂ 2 ਕਰੋੜ ਰੁਪਏ ਰਿਸ਼ਵਤ ਮੰਗੀ ਸੀ ਤਾਂ ਉਦੋਂ ਵੀ ਅਜਿਹੀ ਹੀ ਹਰਕਤ ਕੀਤੀ ਸੀ। ਉਨ੍ਹਾਂ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਨੇ ਝੂਠਾ ਦਾਅਵਾ ਕੀਤਾ ਸੀ ਕਿ ਗੈਂਗਸਟਰ ਗੋਲਡੀ ਬਰਾੜ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਇਹ ਵੀ ਦਾਅਵਾ ਕੀਤਾ ਸੀ ਕਿ ਬੀ ਐਮ ਡਬਲਿਊ ਕੰਪਨੀ ਪੰਜਾਬ ਵਿਚ ਪਲਾਂਟ ਲਗਾਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਸਾਰੇ ਝੂਠੇ ਦਾਅਵੇ ਕਰਨ ਦਾ ਮਕਸਦ ਲੋਕਾਂ ਦਾ ਸੂਬੇ ਦੇ ਭਖਵੇਂ ਮੁੱਦਿਆਂ ਤੋਂ ਧਿਆਨ ਪਾਸੇ ਕਰਨਾ ਹੈ।

'ਮਾਣਹਾਨੀ ਦੇ ਮੁਕੱਦਮੇ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਮੁੱਖ ਮੰਤਰੀ'

ਅਕਾਲੀ ਦਲ ਦੇ ਬੁਲਾਰੇ ਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਉਹ ਦੱਸਣ ਕਿ ਉਹ ਬੇਵੱਸ ਕਿਉਂ ਹਨ ਤੇ ਉਨ੍ਹਾਂ ਨੇ ਲਗਾਏ ਦੋਸ਼ਾਂ ਦੇ ਮਾਮਲੇ ਵਿਚ ਕੇਸ ਦਰਜ ਕਰਨ ਦੇ ਹੁਕਮ ਕਿਉਂ ਨਹੀਂ ਦਿੱਤੇ ? ਉਨ੍ਹਾਂ ਕਿਹਾ ਕਿ ਵਿਜੀਲੈਂਸ ਵਿਭਾਗ ਵੀ ਮੁੱਖ ਮੰਤਰੀ ਦੇ ਅਧੀਨ ਹੈ। ਉਨ੍ਹਾਂ ਕਿਹਾ ਕਿ ਦੋ ਸਾਲਾਂ ਤੋਂ ਉਨ੍ਹਾਂ ਕੇਸ ਦਰਜ ਕਰਨ ਦੇ ਹੁਕਮ ਕਿਉਂ ਨਹੀਂ ਦਿੱਤੇ ?

ਐਡਵੋਕੇਟ ਕਲੇਰ ਨੇ ਮੁੱਖ ਮੰਤਰੀ (CM Mann) ਨੂੰ ਆਖਿਆ ਕਿ ਜਾਂ ਤਾਂ ਉਹ ਤੁਰੰਤ ਕੇਸ ਦਰਜ ਕਰਨ ਜਾਂ ਫਿਰ ਅਦਾਲਤ ਵਿਚ ਆਪਣੇ ਝੂਠਾਂ ਦਾ ਜਵਾਬ ਦੇਣ ਲਈ ਤਿਆਰ ਰਹਿਣ। ਉਨ੍ਹਾਂ ਕਿਹਾ ਕਿ ਕੇਸ ਦੇ ਅਸਲ ਤੱਥਾਂ ਸਮੇਤ ਭਲਕੇ ਪੂਰਾ ਵਿਸਥਾਰਿਤ ਜਵਾਬ ਵੱਖਰੇ ਤੌਰ ’ਤੇ ਦਿੱਤਾ ਜਾਵੇਗਾ।

Related Post