Punjab Weather Update : ਪੰਜਾਬ ਦੇ ਕਈ ਜ਼ਿਲ੍ਹਿਆਂ ਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ, ਜਾਣੋ ਅਗਲੇ ਦਿਨਾਂ ਦਾ ਹਾਲ
ਠੰਢ ਨੇ ਵੀ ਫੜਿਆ ਜ਼ੋਰ
Alert issued for dense fog in Punjab : ਪੰਜਾਬ ਵਿੱਚ ਸਰਦੀ ਦਾ ਅਸਰ ਲਗਾਤਾਰ ਵਧਦਾ ਜਾ ਰਿਹਾ ਹੈ। ਸਵੇਰ ਦੇ ਸਮੇਂ ਸੰਘਣੀ ਧੁੰਦ ਅਤੇ ਡਿੱਗਦੇ ਤਾਪਮਾਨ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਮੌਸਮ ਵਿਭਾਗ ਵੱਲੋਂ ਸੂਬੇ ਦੇ 13 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਉਂਦਿਆਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਚੇਤਾਵਨੀ 28 ਨਵੰਬਰ ਤੱਕ ਲਾਗੂ ਰਹੇਗੀ। ਦੂਜੇ ਪਾਸੇ, ਚੰਡੀਗੜ੍ਹ ਵਿੱਚ ਅੱਜ ਆਸਮਾਨ ਸਾਫ਼ ਰਹਿਣ ਦੀ ਉਮੀਦ ਹੈ।
ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਤੋਂ ਬਾਅਦ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ਵਿੱਚ ਫਰੀਦਕੋਟ ਸਭ ਤੋਂ ਠੰਢਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 7.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦਕਿ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 9.4 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 1.4 ਡਿਗਰੀ ਘੱਟ ਹੈ।
ਇਹ ਵੀ ਪੜ੍ਹੋ :
https://www.ptcnews.tv/news-in-punjabi/donates-121-kg-gold-to-tirupati-temple-4432192
ਇਨ੍ਹਾਂ ਜ਼ਿਲ੍ਹਿਆਂ ਵਿੱਚ ਧੁੰਦ ਦਾ ਯੈਲੋ ਅਲਰਟ
ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਫਤਹਿਗੜ੍ਹ ਸਾਹਿਬ ਅਤੇ ਪਟਿਆਲਾ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
9 ਜ਼ਿਲ੍ਹਿਆਂ ਵਿੱਚ ਤਾਪਮਾਨ 10 ਡਿਗਰੀ ਤੋਂ ਹੇਠਾਂ
ਉੱਤਰ ਵੱਲੋਂ ਪਹਾੜੀ ਇਲਾਕਿਆਂ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਕਾਰਨ ਪੰਜਾਬ ਦੇ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਹੇਠਾਂ ਦਰਜ ਕੀਤਾ ਗਿਆ ਹੈ।
ਤਾਪਮਾਨ ਦੇ ਅੰਕੜਿਆਂ ਮੁਤਾਬਕ ਫਰੀਦਕੋਟ ਵਿੱਚ 7.1 ਡਿਗਰੀ, ਬਠਿੰਡਾ ਵਿੱਚ 7.6 ਡਿਗਰੀ, ਪਠਾਨਕੋਟ ਵਿੱਚ 8.3 ਡਿਗਰੀ, ਲੁਧਿਆਣਾ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ 8.4 ਡਿਗਰੀ, ਫਿਰੋਜ਼ਪੁਰ ਅਤੇ ਪਟਿਆਲਾ ਵਿੱਚ 9.4 ਡਿਗਰੀ, ਜਦਕਿ ਹੁਸ਼ਿਆਰਪੁਰ ਵਿੱਚ 9.5 ਡਿਗਰੀ ਸੈਲਸੀਅਸ ਘੱਟੋ-ਘੱਟ ਤਾਪਮਾਨ ਦਰਜ ਕੀਤਾ ਗਿਆ।
3 ਦਸੰਬਰ ਤੱਕ ਮੌਸਮ ਰਹੇਗਾ ਖੁਸ਼ਕ
ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ ਪੰਜਾਬ ਵਿੱਚ 3 ਦਸੰਬਰ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਮੀਂਹ ਪੈਣ ਦੀ ਕੋਈ ਉਮੀਦ ਨਹੀਂ ਹੈ। ਉੱਤਰੀ ਅਤੇ ਪੂਰਬੀ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 24 ਤੋਂ 26 ਡਿਗਰੀ ਸੈਲਸੀਅਸ ਰਹਿ ਸਕਦਾ ਹੈ, ਜਦਕਿ ਸੂਬੇ ਦੇ ਬਾਕੀ ਹਿੱਸਿਆਂ ਵਿੱਚ ਇਹ 26 ਤੋਂ 28 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਦਿਨ ਦੇ ਸਮੇਂ ਤਾਪਮਾਨ ਆਮ ਨਾਲੋਂ ਵੱਧ ਰਹਿ ਸਕਦਾ ਹੈ, ਜਦਕਿ ਰਾਤ ਦਾ ਘੱਟੋ-ਘੱਟ ਤਾਪਮਾਨ ਆਮ ਦੇ ਨੇੜੇ ਰਹਿਣ ਦੀ ਉਮੀਦ ਹੈ। ਅਗਲੇ ਕੁਝ ਦਿਨਾਂ ਦੌਰਾਨ ਮੌਸਮ ਵਿੱਚ ਕਿਸੇ ਵੱਡੇ ਬਦਲਾਅ ਦੀ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ 29 ਨਵੰਬਰ ਤੋਂ 3 ਦਸੰਬਰ ਤੱਕ ਮੌਸਮ ਵਿਭਾਗ ਵੱਲੋਂ ਪੰਜਾਬ ਲਈ ਕੋਈ ਨਵੀਂ ਚੇਤਾਵਨੀ ਜਾਰੀ ਨਹੀਂ ਕੀਤੀ ਗਈ।
ਵਾਹਨ ਚਾਲਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ
ਸਵੇਰ ਦੇ ਸਮੇਂ ਸੰਘਣੀ ਧੁੰਦ ਕਾਰਨ ਕਈ ਇਲਾਕਿਆਂ ਵਿੱਚ ਦ੍ਰਿਸ਼ਟੀ ਘੱਟ ਹੋ ਸਕਦੀ ਹੈ। ਇਸ ਲਈ ਸੜਕਾਂ ਅਤੇ ਰਾਜਮਾਰਗਾਂ 'ਤੇ ਸਫ਼ਰ ਕਰਨ ਵਾਲੇ ਲੋਕਾਂ ਨੂੰ ਖ਼ਾਸ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਨੂੰ ਵੀ ਧੁੰਦ ਦੀ ਅਜਿਹੀ ਹੀ ਸਥਿਤੀ ਬਣੀ ਰਹਿ ਸਕਦੀ ਹੈ।