ਪੰਜਾਬ ਭਰ 'ਚ ਅਗਲੇ ਫਰਵਰੀ ਤੱਕ ਸਾਰੇ ਸਾਈਨ ਬੋਰਡਾਂ 'ਤੇ ਪੰਜਾਬੀ ਹੋਵੇ ਸਭ ਤੋਂ ਉੱਪਰ - ਮਾਨ

By  Jasmeet Singh November 19th 2022 02:53 PM

ਅੰਮ੍ਰਿਤਸਰ, 19 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬੇ ਦੇ ਸਾਰੇ ਸਾਈਨ ਬੋਰਡਾਂ 'ਤੇ ਪੰਜਾਬੀ ਭਾਸ਼ਾ ਸਭ ਤੋਂ ਉੱਪਰ ਹੋਣੀ ਚਾਹੀਦੀ ਹੈ ਅਤੇ ਹੋਰ ਭਾਸ਼ਾਵਾਂ ਇਸ ਤੋਂ ਬਾਅਦ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਸਮੂਹ ਸੰਸਥਾਵਾਂ ਤੇ ਅਦਾਰਿਆਂ ਨੂੰ ਪੰਜਾਬੀ ਭਾਸ਼ਾ ਨੂੰ ਤਰਜੀਹ ਦੇਣ ਲਈ ਕਿਹਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੌਮਾਂਤਰੀ ਭਾਸ਼ਾ ਦਿਵਸ ਮੌਕੇ 21 ਫਰਵਰੀ ਤੱਕ ਸੂਬੇ ਦੇ ਸਾਰੇ ਸਾਈਨ ਬੋਰਡਾਂ 'ਤੇ ਪੰਜਾਬੀ ਨੂੰ ਤਰਜੀਹ ਦਿੱਤੀ ਜਾਣੀ ਚਾਹੀਦਾ ਹੈ, ਉਸ ਤੋਂ ਬਾਅਦ ਹੋਰ ਭਾਸ਼ਾਵਾਂ ਵਿੱਚ ਲਿਖਿਆ ਜਾਵੇ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ 21 ਫਰਵਰੀ ਤੋਂ ਬਾਅਦ ਪ੍ਰਸ਼ਾਸਨ ਇਸ ਸਬੰਧੀ ਸਖ਼ਤੀ ਨਾਲ ਕੰਮ ਕਰੇਗਾ।

ਇਸ ਤੋਂ ਪਹਿਲਾਂ, ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਪੰਜਾਬ ਸਿਵਲ ਸੇਵਾਵਾਂ (ਸੇਵਾਵਾਂ ਦੀਆਂ ਜਨਰਲ ਅਤੇ ਆਮ ਸ਼ਰਤਾਂ) ਨਿਯਮ, 1994 ਅਤੇ ਪੰਜਾਬ ਰਾਜ (ਗਰੁੱਪ-ਡੀ) ਸੇਵਾ ਨਿਯਮ, 1963 ਦੇ ਨਿਯਮ 17 ਵਿੱਚ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਜਿਸ ਮੁਤਾਬਕ ਪੰਜਾਬ ਸਰਕਾਰ ਵਿੱਚ ਪੰਜਾਬੀ ਭਾਸ਼ਾ ਦਾ ਗਿਆਨ ਰੱਖਣ ਵਾਲੇ ਉਮੀਦਵਾਰਾਂ ਨੂੰ ਹੀ ਨਿਯੁਕਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਲੁਧਿਆਣਾ 'ਚ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿਚਾਲੇ ਝੜਪ, 5 ਜ਼ਖ਼ਮੀ

ਪੰਜਾਬ ਸਿਵਲ ਸਰਵਿਸਿਜ਼ (ਸੇਵਾ ਦੀਆਂ ਜਨਰਲ ਅਤੇ ਆਮ ਸ਼ਰਤਾਂ) ਨਿਯਮਾਂ ਦੇ ਨਿਯਮ 17 ਦੇ ਤਹਿਤ, ਇਹ ਵਿਵਸਥਾ ਕਰਨ ਲਈ ਸੋਧ ਕੀਤੀ ਗਈ ਸੀ ਕਿ ਗਰੁੱਪ-ਸੀ ਸੇਵਾਵਾਂ ਵਿੱਚ ਕਿਸੇ ਵੀ ਅਹੁਦੇ 'ਤੇ ਨਿਯੁਕਤ ਉਮੀਦਵਾਰ ਨੂੰ ਮੈਟ੍ਰਿਕ ਦੇ ਮਿਆਰ ਨਾਲ ਪੰਜਾਬੀ ਭਾਸ਼ਾ ਦੀ ਯੋਗਤਾ ਪ੍ਰੀਖਿਆ ਪਾਸ ਹੋਣੀ ਚਾਹੀਦੀ ਹੈ ਤੇ ਉਹ ਵੀ ਘੱਟੋ-ਘੱਟ 50 ਫੀਸਦੀ ਅੰਕਾਂ ਨਾਲ।

Related Post