ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ; ਬਰਖ਼ਾਸਤਗੀ ਦੇ ਹੁਕਮਾਂ ’ਤੇ ਲਾਈ ਰੋਕ

ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਜੀਤੀ ਸਿੱਧੂ ਨੂੰ ਮੇਅਰ ਅਤੇ ਕੌਂਸਲਰ ਦੇ ਅਹੁਦੇ ਤੋਂ ਬਰਦਾਸ਼ਤ ਕਰਨ ਦੇ ਹੁਕਮਾਂ ’ਤੇ ਰੋਕ ਲਾ ਦਿੱਤੀ ਹੈ।

By  Jasmeet Singh January 19th 2023 12:52 PM -- Updated: January 19th 2023 02:22 PM

ਚੰਡੀਗੜ੍ਹ, 19 ਜਨਵਰੀ: ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਜੀਤੀ ਸਿੱਧੂ ਨੂੰ ਮੇਅਰ ਅਤੇ ਕੌਂਸਲਰ ਦੇ ਅਹੁਦੇ ਤੋਂ ਬਰਖਾਸਤ ਕਰਨ ਦੇ ਹੁਕਮਾਂ ’ਤੇ ਰੋਕ ਲਾ ਦਿੱਤੀ ਹੈ। ਇਸ ਤੋਂ ਬਾਅਦ ਅਮਰਜੀਤ ਸਿੰਘ ਜੀਤੀ ਸਿੱਧੂ ਹੀ ਮੁਹਾਲੀ ਨਗਰ ਨਿਗਮ ਦੇ ਮੇਅਰ ਬਣੇ ਰਹਿਣਗੇ। ਕਾਬਲੇਗੌਰ ਹੈ ਕਿ ਬੀਤੇ ਦਿਨ ਅਦਾਲਤ ਨੇ ਇਸ ਮਾਮਲੇ ਨਾਲ ਸਬੰਧਤ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 20 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪਿਛਲੇ ਹਫ਼ਤੇ ਜੀਤੀ ਸਿੱਧੂ ਦੀ ਕੌਂਸਲਰਸ਼ਿਪ ਰੱਦ ਕਰ ਦਿੱਤੀ ਸੀ, ਜਿਸ ਨੂੰ ਜੀਤੀ ਸਿੱਧੂ ਨੇ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ, ਜਿਸ ’ਤੇ ਅੱਜ ਹਾਈ ਕੋਰਟ ਨੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ।



ਇਹ ਹੈ ਪੂਰਾ ਮਾਮਲਾ

ਸਥਾਨਕ ਸਰਕਾਰਾਂ ਵਿਭਾਗ ਨੇ ਅਰਮਜੀਤ ਸਿੰਘ ਜੀਤੀ ਸਿੱਧੂ ਨੂੰ 15 ਸਤੰਬਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ। ਜਿਸ ਵਿੱਚ ਕਿਹਾ ਗਿਆ ਕਿ ਉਨ੍ਹਾਂ ਉਸ ਸੁਸਾਇਟੀ ਨੂੰ ਕੰਮ ਦਿੱਤਾ ਹੈ ਜਿਸ ਦੇ ਉਹ ਖ਼ੁਦ ਮੈਂਬਰ ਹਨ। ਅਜਿਹਾ ਕਰਨਾ ਨਿਯਮਾਂ ਦੀ ਉਲੰਘਣਾ ਹੈ। ਇਸ 'ਤੇ ਉਨ੍ਹਾਂ ਨੂੰ 15 ਦਿਨਾਂ 'ਚ ਜਵਾਬ ਦੇਣ ਲਈ ਕਿਹਾ ਗਿਆ। ਇਸ ਤੋਂ ਬਾਅਦ ਮੇਅਰ ਨੇ ਸਰਕਾਰ ਨੂੰ ਆਪਣਾ ਜਵਾਬ ਪੇਸ਼ ਕਰਨ ਦੀ ਬਜਾਏ 15 ਦਿਨਾਂ ਦੀ ਮਿਆਦ ਖਤਮ ਹੋਣ ਤੋਂ 2 ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਨੋਟਿਸ ਨੂੰ ਖਾਰਜ ਕਰਨ ਦੀ ਅਪੀਲ ਕੀਤੀ ਸੀ।

ਭਰਾ ਬਲਬੀਰ ਸਿੰਘ ਸਿੱਧੂ ਵੱਲੋਂ ਖੁਸ਼ੀ ਦਾ ਪ੍ਰਗਟਾਵਾ

ਮੁਹਾਲੀ ਦੇ ਮੇਅਰ ਜੀਤੀ ਸਿੱਧੂ 'ਤੇ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਜੀਤੀ ਸਿੱਧੂ ਦੇ ਭਰਾ ਅਤੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਾਨੂੰਨ 'ਤੇ ਪੂਰਾ ਭਰੋਸਾ ਸੀ ਅਤੇ ਅੱਜ ਉਹ ਆਪਣੇ ਭਰਾ ਦੇ ਹੱਕ 'ਚ ਆਏ ਫੈਸਲੇ ਤੋਂ ਸੰਤੁਸ਼ਟ ਹੈ। ਸਰਕਾਰ ਵੱਲੋਂ ਜੀਤੀ ਸਿੱਧੂ ਨੂੰ ਹਟਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਹੋ ਗਿਆ ਹੈ। ਜਿਸ ਤਰ੍ਹਾਂ ਹਰ ਵਾਰਡ ਦੇ ਕੰਮ ਪਹਿਲਾਂ ਕੀਤੇ ਜਾ ਰਹੇ ਸਨ, ਉਸੇ ਤਰ੍ਹਾਂ ਹੀ ਕੰਮ ਜਾਰੀ ਰਹਿਣਗੇ। 


SGPC ਪ੍ਰਧਾਨ 'ਤੇ ਹੋਏ ਹਮਲੇ ਦੀ ਕੀਤੀ ਨਿੰਦਾ 

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ 'ਤੇ ਕੱਲ੍ਹ ਹੋਇਆ ਹਮਲਾ ਅਤਿ ਨਿੰਦਣਯੋਗ ਹੈ। ਜਿੱਥੋਂ ਤੱਕ ਕੇਂਦਰੀ ਏਜੰਸੀ ਬਾਰੇ ਇਹ ਦੋਸ਼ ਲਾਏ ਜਾ ਰਹੇ ਹਨ ਕਿ ਇਹ ਸਭ ਕੇਂਦਰੀ ਏਜੰਸੀਆਂ ਦੀ ਚਾਲ ਹੈ ਤਾਂ ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਸੱਚਾਈ ਨਹੀਂ ਹੈ, ਐਡਵੋਕੇਟ ਧਾਮੀ ਨੂੰ ਫਰੰਟ ’ਤੇ ਨਹੀਂ ਜਾਣਾ ਚਾਹੀਦਾ ਸੀ। ਉਨ੍ਹਾਂ 'ਤੇ ਹਮਲਾ ਮੁਹਾਲੀ ਪ੍ਰਸ਼ਾਸਨ ਅਤੇ ਖ਼ੁਫ਼ੀਆ ਏਜੰਸੀਆਂ ਦੀ ਨਾਕਾਮੀ ਹੈ। ਮਨਪ੍ਰੀਤ ਬਾਦਲ ਦੇ ਭਾਜਪਾ ਵਿੱਚ ਦਾਖ਼ਲੇ ਬਾਰੇ ਸਿੱਧੂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਤਾ ਲੱਗੇਗਾ ਕਿ ਉਨ੍ਹਾਂ ਦੇ ਆਉਣ ਨਾਲ ਕਿੰਨਾ ਕੁ ਫਾਇਦਾ ਹੁੰਦਾ ਹੈ।

Related Post