ਬੰਦੀ ਸਿੰਘਾਂ ਬਾਰੇ ਅਮਿਤ ਸ਼ਾਹ ਦਾ ਬਿਆਨ ਕੇਂਦਰ ਸਰਕਾਰ ਦੇ ਆਪਣੇ ਹੀ ਨੋਟੀਫਿਕੇਸ਼ਨ ਦੇ ਉਲਟ- ਐਡਵੋਕੇਟ ਧਾਮੀ

By  Jasmeet Singh December 21st 2023 04:28 PM

ਅੰਮ੍ਰਿਤਸਰ: ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ਅੰਦਰ ਬੰਦੀ ਸਿੰਘਾਂ ਬਾਰੇ ਦਿੱਤੇ ਗਏ ਬਿਆਨ `ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੇਸ਼ ਦੀਆਂ ਜੇਲ੍ਹਾਂ ਵਿੱਚ ਤਿੰਨ ਤਿੰਨ ਦਹਾਕਿਆਂ ਤੋਂ ਕੈਦ ਸਿੱਖ ਬੰਦੀਆਂ ਦੇ ਮਾਨਵ ਅਧਿਕਾਰ ਕਿਸੇ ਸੰਵਿਧਾਨਿਕ ਅਹੁਦੇਦਾਰ ਨੂੰ ਇਸ ਤਰ੍ਹਾਂ ਨਜ਼ਰਅੰਦਾਜ਼ ਨਹੀਂ ਕਰਨੇ ਚਾਹੀਦੇ।

ਉਨ੍ਹਾਂ ਕਿਹਾ ਕਿ ਸਿੱਖ ਪਹਿਲਾਂ ਹੀ ਮਹਿਸੂਸ ਕਰਦੇ ਹਨ ਕਿ ਉਨਾਂ ਨੂੰ ਆਪਣੇ ਹੀ ਦੇਸ਼ ਅੰਦਰ ਇਨਸਾਫ ਨਹੀਂ ਮਿਲ ਰਿਹਾ ਅਤੇ ਹੁਣ ਗ੍ਰਹਿ ਮੰਤਰੀ ਦੇ ਸੰਸਦ ਵਿੱਚ ਦਿੱਤੇ ਤਾਜ਼ਾ ਬਿਆਨ ਨੇ ਸਿੱਖਾਂ ਦੇ ਮਨਾ ਨੂੰ ਇੱਕ ਵਾਰ ਫਿਰ ਗਹਿਰੀ ਸੱਟ ਮਾਰੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਲਈ ਸਿੱਖਾਂ ਦੀਆਂ 90 ਫੀਸਦੀ ਕੁਰਬਾਨੀਆਂ ਸਰਕਾਰ ਨੂੰ ਕਦੇ ਨਹੀਂ ਭੁੱਲਣੀਆਂ ਚਾਹੀਦੀਆਂ। ਜਿਸ ਸੰਸਦ ਅੰਦਰ ਗ੍ਰਹਿ ਮੰਤਰੀ ਆਪਣਾ ਬਿਆਨ ਦੇ ਰਹੇ ਹਨ ਉਹ ਸੰਸਦ ਵੀ ਸਿੱਖਾਂ ਦੀਆਂ ਕੁਰਬਾਨੀਆਂ ਸਦਕਾ ਹੀ ਕਾਇਮ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸੰਵਿਧਾਨ ਦੇ ਦਾਇਰੇ ਅੰਦਰ ਹੈ। ਕੇਂਦਰ ਸਰਕਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਮੌਕੇ 2019 ਵਿੱਚ ਆਪਣੇ ਨੋਟੀਫਿਕੇਸ਼ਨ ਰਾਹੀਂ ਇਸ ਨੂੰ ਪ੍ਰਵਾਨ ਕਰ ਚੁੱਕੀ ਹੈ।ਸਰਕਾਰ ਨੂੰ ਚਾਹੀਦਾ ਹੈ ਕਿ ਉਹ 2019 ਵਾਲਾ ਆਪਣਾ ਨੋਟੀਫਿਕੇਸ਼ਨ ਲਾਗੂ ਕਰੇ।

ਐਡਵੋਕੇਟ ਧਾਮੀ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ਆਪਣੇ ਹੀ ਇਸ ਨੋਟੀਫਿਕੇਸ਼ਨ ਦੀ ਭਾਵਨਾ ਦੇ ਬਿਲਕੁਲ ਉਲਟ ਅਤੇ ਹੈਰਾਨੀਜਨਕ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਮਾਮਲਾ ਮਿਲ ਬੈਠ ਕੇ ਵਿਚਾਰਨ ਵਾਲਾ ਹੈ, ਜਿਸ ਲਈ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਗਠਤ ਕੀਤੀ ਗਈ 5 ਮੈਂਬਰੀ ਕਮੇਟੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਵਾਸਤੇ ਸਮਾਂ ਵੀ ਮੰਗਿਆ ਹੋਇਆ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਿੱਖ ਬੰਦੀਆਂ ਦੇ ਸੰਜੀਦਾ ਮਸਲੇ `ਤੇ ਗੱਲਬਾਤ ਵਿੱਚ ਆਉਣ।

ਅਮਿਤ ਸ਼ਾਹ ਆਪਣੇ ਬਿਆਨ ਨੂੰ ਇੱਕ ਵਾਰ ਵਾਚਣ ਨਹੀਂ ਤਾਂ ਸਿੱਖ ਕੌਮ BJP ਨੂੰ ਵੀ ਸਿੱਖ ਵਿਰੋਧੀ ਸਮਝੇਗੀ: ਭਾਈ ਗਰੇਵਾਲ

ਪਾਰਲੀਮੈਂਟ 'ਚ ਬੰਦੀ ਸਿੰਘਾਂ ਅਤੇ ਰਾਜੋਆਣਾ ਮਾਮਲੇ 'ਚ ਟਿੱਪਣੀ 'ਤੇ ਐੱਸ.ਜੀ.ਪੀ.ਸੀ. ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਿਹਾ ਹੈ ਕਿ ਉਨ੍ਹਾਂ ਨੂੰ ਬਿਆਨ ਦੇਣ ਤੋਂ ਪਹਿਲਾਂ ਜਾਂਚ ਲੈਣਾ ਚਾਹੀਦਾ ਹੈ, ਕਿਉਂਕਿ ਨਹੀਂ ਤਾਂ ਸਿੱਖ ਕੌਮ, ਕਾਂਗਰਸ ਤੋਂ ਬਾਅਦ ਭਾਜਪਾ ਨੂੰ ਵੀ ਸਿੱਖ ਵਿਰੋਧੀ ਸਮਝੇਗੀ। ਉਨ੍ਹਾਂ ਕਿਹਾ ਕਿ ਸ਼ਾਹ ਵੱਲੋਂ ਰਾਜੋਆਣਾ ਦੀ ਰਿਹਾਈ ਨੂੰ ਲੈ ਕੇ ਦਿੱਤੇ ਬਿਆਨ ਪੀਐਮ ਮੋਦੀ ਦੇ ਬਿਆਨਾਂ ਨੂੰ ਝੂਠਾ ਸਾਬਤ ਕਰ ਰਹੇ ਹਨ। 

ਦੱਸ ਦੇਈਏ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਨੇ ਬੰਦੀ ਸਿੰਘਾਂ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਮੁੱਦਾ ਚੁੱਕਿਆ ਪਰ ਉਸ ਭਾਸ਼ਣ ਤੋਂ ਬਾਅਦ ਅਮਿਤ ਸ਼ਾਹ ਨੇ ਸਿੱਖਾਂ ਦੇ ਅਹਿਮ ਮਸਲੇ ਉੱਤੇ ਟਿੱਪਣੀ ਕੀਤੀ ਅਤੇ ਕਿਹਾ ਕਿ ਜਿਸ ਨੂੰ ਆਪਣੇ ਕੀਤੇ ਦਾ ਅਹਿਸਾਸ ਨਹੀਂ ਉਸ ਨੂੰ ਰਹਿਮ ਦੀ ਅਪੀਲ ਕਿਵੇਂ ਦਿੱਤੀ ਜਾ ਸਕਦੀ ਹੈ।

ਭਾਈ ਗਰੇਵਾਲ ਨੇ ਕਿਹਾ ਕਿ ਅਮਿਤ ਸ਼ਾਹ ਨੇ ਪਾਰਲੀਮੈਂਟ ਵਿੱਚ ਸਿੱਖਾਂ ਖਿਲਾਫ ਟਿੱਪਣੀ ਕੀਤੀ ਹੈ ਅਤੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਤਬਦੀਲ ਦੀ ਗੱਲ 'ਤੇ ਅਸਹਿਮਤੀ ਦਿਖਾਈ ਹੈ, ਜਿਸ ਨਾਲ ਸਿੱਖ ਜਗਤ ਵਿੱਚ ਰੋਸ ਪਾਇਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦਾ ਮੁੱਦਾ ਪੂਰੇ ਵਿਸ਼ਵ ਵਿੱਚ ਭਖਿਆ ਹੋਇਆ, ਜਿਸ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਸਿੱਖਾਂ ਨੂੰ ਭਰੋਸਾ ਦਿੰਦੇ ਹੋਏ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਬਾਰੇ ਕਿਹਾ ਸੀ ਪਰ ਬੀਤੇ ਕੱਲ੍ਹ ਕੇਂਦਰੀ ਮੰਤਰੀ ਦੇ ਬਿਆਨ ਕਾਰਨ ਸਿੱਖ ਜਗਤ 'ਚ ਹੈਰਾਨੀ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਾਹ, ਪ੍ਰਧਾਨ ਮੰਤਰੀ ਦੇ ਵਾਅਦੇ ਨੂੰ ਝੁਠਲਾ ਰਹੇ ਹਨ, ਜਿਸ 'ਤੇ ਸਾਰਿਆਂ ਵੱਲੋਂ ਇਤਰਾਜ਼ ਜਤਾਇਆ ਗਿਆ ਹੈ।  

ਐੱਸ.ਜੀ.ਪੀ.ਸੀ. ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਸਪਸ਼ਟ ਤੌਰ 'ਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕੇਂਦਰੀ ਮੰਤਰੀ ਦੇ ਬਿਆਨ ਨੂੰ ਵੇਖੇ ਅਤੇ ਸਿੱਖ ਕੌਮ ਦੇ ਮਨਾਂ 'ਚ ਜੋ ਰੋਸ ਦੀ ਪੈਦਾ ਹੋਇਆ ਹੈ, ਉਸ ਨੂੰ ਬਿਨਾਂ ਦੇਰੀ ਦੂਰ ਕੀਤਾ ਜਾਵੇ।

Related Post