Amritsar News : ਮੰਗਣੀ ਟੁੱਟਣ ਮਗਰੋਂ ਨੌਜਵਾਨ ਨੇ ਥਾਣੇ ਅੰਦਰ ਨਿਗਲੀ ਜ਼ਹਿਰੀਲੀ ਦਵਾਈ; ਹਾਲਤ ਗੰਭੀਰ

ਨੌਜਵਾਨ ਦੀ ਪਛਾਣ ਜੱਜ ਸਿੰਘ ਵਜੋਂ ਹੋਈ ਹੈ, ਜਿਸਦੀ ਉਮਰ ਕਰੀਬ 28 ਸਾਲ ਦੱਸੀ ਜਾ ਰਹੀ ਹੈ ਅਤੇ ਉਹ ਇਸ ਸਮੇਂ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਡਾਕਟਰਾਂ ਵੱਲੋਂ ਉਸਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

By  Aarti May 15th 2026 04:37 PM -- Updated: May 15th 2026 04:38 PM

Amritsar News :  ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ਸਥਿਤ ਨੰਗਲੀ ਭੱਠੇ ਇਲਾਕੇ ਵਿੱਚ ਇੱਕ ਨੌਜਵਾਨ ਵੱਲੋਂ ਥਾਣੇ ਦੀ  ਹਵਾਲਾਤ ਦੇ ਅੰਦਰ ਦਵਾਈ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ‘ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਇਨਸਾਫ ਦੀ ਮੰਗ ਕੀਤੀ ਹੈ। ਨੌਜਵਾਨ ਦੀ ਪਛਾਣ ਜੱਜ ਸਿੰਘ ਵਜੋਂ ਹੋਈ ਹੈ, ਜਿਸਦੀ ਉਮਰ ਕਰੀਬ 28 ਸਾਲ ਦੱਸੀ ਜਾ ਰਹੀ ਹੈ ਅਤੇ ਉਹ ਇਸ ਸਮੇਂ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਡਾਕਟਰਾਂ ਵੱਲੋਂ ਉਸਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। 

ਪੀੜਤ ਪਰਿਵਾਰ ਦੇ ਸਾਥੀ ਅਤੇ ਦਸ਼ਮੇਸ਼ ਧਰਨਾ ਦਲ ਨਾਲ ਜੁੜੇ ਜਗਜੀਤ ਸਿੰਘ ਨੇ ਦੱਸਿਆ ਕਿ ਜੱਜ ਸਿੰਘ ਦਾ ਇੱਕ ਸਾਲ ਪਹਿਲਾਂ ਇਲਾਕੇ ਦੀ ਇੱਕ ਲੜਕੀ ਨਾਲ ਰਿਸ਼ਤਾ ਹੋਇਆ ਸੀ। ਦੋਵੇਂ ਪਾਸਿਆਂ ਵਿੱਚ ਗੱਲਬਾਤ ਅਤੇ ਮਿਲਣਾ-ਜੁਲਣਾ ਵੀ ਹੁੰਦਾ ਰਿਹਾ, ਪਰ ਬਾਅਦ ਵਿੱਚ ਕੁੜੀ ਵਾਲਿਆਂ ਵੱਲੋਂ ਰਿਸ਼ਤਾ ਤੋੜ ਦਿੱਤਾ ਗਿਆ। ਪਰਿਵਾਰ ਦਾ ਇਲਜ਼ਾਮ ਹੈ ਕਿ ਇਸ ਤੋਂ ਬਾਅਦ ਨੌਜਵਾਨ ਨੂੰ ਲਗਾਤਾਰ ਮਾਨਸਿਕ ਤੌਰ ‘ਤੇ ਪਰੇਸ਼ਾਨ ਕੀਤਾ ਜਾ ਰਿਹਾ ਸੀ। ਉਹਨਾਂ ਦਾ ਕਹਿਣਾ ਹੈ ਕਿ ਮਾਮਲਾ ਥਾਣੇ ਤੱਕ ਪਹੁੰਚਿਆ, ਜਿੱਥੇ ਨੌਜਵਾਨ ਨੇ ਤਣਾਅ ਵਿੱਚ ਆ ਕੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ।

ਪਰਿਵਾਰ ਨੇ ਇਲਜ਼ਾਮ ਲਾਇਆ ਕਿ ਜਦੋਂ ਨੌਜਵਾਨ ਦੀ ਹਾਲਤ ਵਿਗੜੀ ਤਾਂ ਪੁਲਿਸ ਨੇ ਕੋਈ ਤੁਰੰਤ ਸਹਾਇਤਾ ਨਹੀਂ ਦਿੱਤੀ। ਉਹਨਾਂ ਕਿਹਾ ਕਿ ਪੁਲਿਸ ਨੇ ਪਹਿਲਾਂ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਅਤੇ ਨਾ ਹੀ ਪਰਿਵਾਰ ਨੂੰ ਢੰਗ ਨਾਲ ਜਾਣਕਾਰੀ ਦਿੱਤੀ ਗਈ। ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਨੂੰ ਅੰਦਰ ਜਾਣ ਤੱਕ ਨਹੀਂ ਦਿੱਤਾ ਗਿਆ ਅਤੇ ਸਿਰਫ ਇਹ ਕਿਹਾ ਗਿਆ ਕਿ ਪਹਿਲਾਂ ਨੌਜਵਾਨ ਦੀ ਜਾਨ ਬਚਾਈ ਜਾਵੇ।

ਇਸ ਮੌਕੇ ਮਿੱਠੂ ਨਾਂਅ ਦੇ ਇਕ ਹੋਰ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਰਿਸ਼ਤਾ ਟੁੱਟਣ ਤੋਂ ਬਾਅਦ ਦੋਵੇਂ ਪਾਸਿਆਂ ਵਿੱਚ ਤਣਾਅ ਬਣਿਆ ਹੋਇਆ ਸੀ ਅਤੇ ਕਈ ਵਾਰ ਫੋਨ ਰਾਹੀਂ ਵੀ ਧਮਕੀਆਂ ਮਿਲਦੀਆਂ ਰਹੀਆਂ। ਉਹਨਾਂ ਦਾ ਕਹਿਣਾ ਹੈ ਕਿ ਜੱਜ ਸਿੰਘ ਮਾਨਸਿਕ ਦਬਾਅ ਹੇਠ ਸੀ ਅਤੇ ਇਸੇ ਕਾਰਨ ਉਸ ਨੇ ਇਹ ਕਦਮ ਚੁੱਕਿਆ। ਪਰਿਵਾਰ ਦਾ ਇਹ ਵੀ ਇਲਜ਼ਾਮ ਹੈ ਕਿ ਥਾਣੇ ਵਿੱਚ ਮੌਜੂਦ ਪੁਲਿਸ ਕਰਮਚਾਰੀਆਂ ਨੇ ਸਮੇਂ ਸਿਰ ਮਦਦ ਨਹੀਂ ਕੀਤੀ।

ਪਰਿਵਾਰ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਵੇਲੇ ਨੌਜਵਾਨ ਹਸਪਤਾਲ ਵਿੱਚ ਇਲਾਜ ਅਧੀਨ ਹੈ ਅਤੇ ਪਰਿਵਾਰ ਉਸਦੀ ਸਿਹਤ ਲਈ ਦੁਆਵਾਂ ਕਰ ਰਿਹਾ ਹੈ। 

ਇਹ ਵੀ ਪੜ੍ਹੋ  : ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 17 ਮਈ ਨੂੰ ਪੰਥਕ ਜਥੇਬੰਦੀਆਂ, ਗ੍ਰੰਥੀ ਸਿੰਘਾਂ ਅਤੇ ਪ੍ਰਬੰਧਕ ਕਮੇਟੀਆਂ ਦੀ ਵਿਸ਼ੇਸ਼ ਇਕੱਤਰਤਾ

Related Post