Shaheed Baba Deep Singh Ji ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ

Amritsar News : ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਨਤਮਸਤਕ ਹੋ ਕੇ ਬਾਬਾ ਜੀ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਸਮੇਤ ਪ੍ਰਮੁੱਖ ਸਖਸ਼ੀਅਤਾਂ ਨੇ ਵੀ ਹਾਜ਼ਰੀ ਭਰੀ

By  Shanker Badra January 27th 2026 03:19 PM

Amritsar News : ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਨਤਮਸਤਕ ਹੋ ਕੇ ਬਾਬਾ ਜੀ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਸਮੇਤ ਪ੍ਰਮੁੱਖ ਸਖਸ਼ੀਅਤਾਂ ਨੇ ਵੀ ਹਾਜ਼ਰੀ ਭਰੀ।

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਆਏ ਹੁਕਮਨਾਮੇ ਦੀ ਕਥਾ ਕੀਤੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਦੀ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਸਰਵਨ ਕਰਵਾਇਆ ਅਤੇ ਸੰਗਤ ਨਾਲ ਸ਼ਹੀਦ ਬਾਬਾ ਦੀਪ ਸਿੰਘ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਕੀਤੀਆਂ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਬਾਬਾ ਜੀ ਦਾ ਜੀਵਨ ਗੁਰੂ ਭਰੋਸੇ ਦੀ ਮਿਸਾਲ ਹੈ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਆਪਣੇ ਹੱਥ ਨਾਲ ਲਿੱਖ ਕੇ ਤਖ਼ਤ ਸਾਹਿਬਾਨ ’ਤੇ ਪ੍ਰਕਾਸ਼ ਕਰਵਾਉਣ ਦੀ ਸੇਵਾ ਕੀਤੀ। ਬਾਬਾ ਦੀਪ ਸਿੰਘ ਜੀ ਨੂੰ ਦਮਦਮੀ ਟਕਸਾਲ ਦੇ ਪਹਿਲੇ ਮੁਖੀ ਹੋਣ ਦਾ ਵੀ ਮਾਣ ਪ੍ਰਾਪਤ ਹੈ। 

ਐਡਵੋਕੇਟ ਧਾਮੀ ਨੇ ਕਿਹਾ ਕਿ ਬਾਬਾ ਜੀ ਨੇ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਦਿਆਂ ਗੁਰੂਧਾਮਾਂ ਦੀ ਹੋ ਰਹੀ ਬੇਹੁਰਮਤੀ ਨੂੰ ਰੋਕਣ ਲਈ ਆਪਣੀ ਸ਼ਹਾਦਤ ਦਿੱਤੀ। ਉਨ੍ਹਾਂ ਸੰਗਤ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਿਆਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਅਤੇ ਗੁਰਬਾਣੀ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਆ। ਇਸੇ ਦੌਰਾਨ ਸਜੇ ਧਾਰਮਿਕ ਦੀਵਾਨਾਂ ਮੌਕੇ ਸਿੱਖ ਕੌਮ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਿਆ। ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ, ਜਿਸ ਵਿਚ 181 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ।

ਸਮਾਗਮਾਂ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਭਾਈ ਅਜਾਇਬ ਸਿੰਘ ਅਭਿਆਸੀ, ਓਐਸਡੀ ਸ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ, ਮੁੱਖ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾ, ਅਮਰਬੀਰ ਸਿੰਘ ਢੋਟ, ਮੈਨੇਜਰ ਨਰਿੰਦਰ ਸਿੰਘ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ ਨੇ ਵੀ ਹਾਜ਼ਰੀ ਭਰੀ।

Related Post