PTC News
Search
🔍 Search

Amritsar Police ਦੀ ਵੱਡੀ ਕਾਰਵਾਈ, ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਨੈੱਟਵਰਕਾਂ ਦਾ ਪਰਦਾਫਾਸ਼, 6 ਮੁਲਜ਼ਮ ਗ੍ਰਿਫ਼ਤਾਰ

ਸੋਸ਼ਲ ਮੀਡੀਆ ਰਾਹੀਂ ਹੁੰਦੀ ਸੀ ਗੱਲਬਾਤ, ਡਰੋਨ ਰਾਹੀਂ ਪੰਜਾਬ ਪਹੁੰਚਾਏ ਜਾਂਦੇ ਸਨ ਨਾਜਾਇਜ਼ ਹਥਿਆਰ

By  Jaswinder Kaur November 10th 2026 02:32 PM

Amritsar Police's major operation :  ਪੰਜਾਬ ਵਿੱਚ ਨਾਜਾਇਜ਼ ਹਥਿਆਰਾਂ ਦੀ ਤਸਕਰੀ ਅਤੇ ਅਪਰਾਧਿਕ ਨੈੱਟਵਰਕਾਂ ਖ਼ਿਲਾਫ਼ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ਵਿੱਚੋਂ 14 ਅਤਿ-ਆਧੁਨਿਕ ਪਿਸਤੌਲ ਬਰਾਮਦ ਕੀਤੇ ਗਏ ਹਨ। ਪੰਜਾਬ ਪੁਲਿਸ ਦੇ ਡੀਜੀਪੀ ਦਫ਼ਤਰ ਵੱਲੋਂ ਸੋਸ਼ਲ ਮੀਡੀਆ ਰਾਹੀਂ ਇਸ ਕਾਰਵਾਈ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਇਹ ਹੈਂਡਲਰ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਮੁਲਜ਼ਮਾਂ ਨਾਲ ਸੰਪਰਕ ਕਰਦੇ ਸਨ ਅਤੇ ਹਥਿਆਰਾਂ ਦੀ ਸਪਲਾਈ ਸਬੰਧੀ ਹਦਾਇਤਾਂ ਦਿੰਦੇ ਸਨ। ਪੁਲਿਸ ਜਾਂਚ ਮੁਤਾਬਕ ਡਰੋਨ ਰਾਹੀਂ ਨਾਜਾਇਜ਼ ਹਥਿਆਰਾਂ ਦੀਆਂ ਖੇਪਾਂ ਭਾਰਤ ਪਹੁੰਚਾਈਆਂ ਜਾਂਦੀਆਂ ਸਨ, ਜਿਸ ਤੋਂ ਬਾਅਦ ਮੁਲਜ਼ਮ ਇਨ੍ਹਾਂ ਨੂੰ ਅੱਗੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਤੱਕ ਪਹੁੰਚਾਉਂਦੇ ਸਨ।

ਇਹ ਵੀ ਪੜ੍ਹੋ : 

PRTC ਤੇ Punbus ਦੇ ਕੱਚੇ ਕਾਮਿਆਂ ਵੱਲੋਂ ਬਠਿੰਡਾ ਵਿਖੇ ਰੋਸ ਪ੍ਰਦਰਸ਼ਨ, 16, 17 ਅਤੇ 18 ਨਵੰਬਰ ਨੂੰ ਅਣਮਿੱਥੇ ਸਮੇਂ ਦੀ ਹੜਤਾਲ 'ਤੇ ਜਾਣ ਦੀ ਦਿੱਤੀ ਚਿਤਾਵਨੀ

ਪੁਲਿਸ ਦਾ ਮੰਨਣਾ ਹੈ ਕਿ ਇਸ ਨੈੱਟਵਰਕ ਰਾਹੀਂ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕੀਤੀ ਜਾ ਰਹੀ ਸੀ। ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਇਸ ਪੂਰੇ ਨੈੱਟਵਰਕ ਦੇ ਪਿੱਛੇ ਸਰਗਰਮ ਹੋਰ ਵਿਅਕਤੀਆਂ ਅਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਅਤੇ ਥਾਣਾ ਸਿਵਲ ਲਾਈਨਜ਼ ਵਿਖੇ ਦੋ ਵੱਖ-ਵੱਖ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਹੁਣ ਮੁਲਜ਼ਮਾਂ ਦੇ ਸੰਪਰਕਾਂ, ਹਥਿਆਰਾਂ ਦੀ ਸਪਲਾਈ ਦੇ ਸਰੋਤਾਂ ਅਤੇ ਇਹ ਹਥਿਆਰ ਅੱਗੇ ਕਿਹੜੇ ਵਿਅਕਤੀਆਂ ਤੱਕ ਪਹੁੰਚਾਏ ਗਏ, ਇਸ ਸਬੰਧੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਪੰਜਾਬ ਪੁਲਿਸ ਅਨੁਸਾਰ ਜਾਂਚ ਦਾ ਮੁੱਖ ਮਕਸਦ ਇਸ ਨੈੱਟਵਰਕ ਨਾਲ ਜੁੜੇ ਹੋਰ ਮੁਲਜ਼ਮਾਂ ਦੀ ਪਛਾਣ ਕਰਨਾ, ਹਥਿਆਰਾਂ ਦੀ ਤਸਕਰੀ ਦੀਆਂ ਪਿਛਲੀਆਂ ਅਤੇ ਅਗਲੀਆਂ ਕੜੀਆਂ ਦਾ ਪਤਾ ਲਗਾਉਣਾ ਅਤੇ ਇਸ ਪੂਰੇ ਗੈਰ-ਕਾਨੂੰਨੀ ਨੈੱਟਵਰਕ ਨੂੰ ਖ਼ਤਮ ਕਰਨਾ ਹੈ।

ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਸੰਗਠਿਤ ਅਪਰਾਧਿਕ ਗਿਰੋਹਾਂ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ। ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।

Related Post