ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਰਹੀ ਬੇਸਿੱਟਾ
Punjab News: ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੇ ਵਫ਼ਦ ਦੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਹੋਈ।
Punjab News: ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੇ ਵਫ਼ਦ ਦੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਹੋਈ। ਇਸ ਮੀਟਿੰਗ ਦੀ ਅਗਵਾਈ ਯੂਨੀਅਨ ਦੀ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਕੀਤੀ। ਯੂਨੀਅਨ ਵੱਲੋਂ ਜਨਰਲ ਸਕੱਤਰ ਸੁਭਾਸ਼ ਰਾਣੀ, ਵਿੱਤ ਸਕੱਤਰ ਅੰਮ੍ਰਿਤਪਾਲ ਕੌਰ ਅਤੇ ਸੁਬਾਈ ਮੀਤ ਪ੍ਰਧਾਨ ਕ੍ਰਿਸ਼ਨਾ ਕੁਮਾਰੀ ਹਾਜ਼ਰ ਸਨ। ਵਿਭਾਗ ਵੱਲੋਂ ਡਾਇਰੈਕਟਰ ਸੀਨਾ ਅਗਰਵਾਲ ਅਤੇ ਡਿਪਟੀ ਡਾਇਰੈਕਟਰ ਸੁਮਨਦੀਪ ਵੀ ਮੌਜੂਦ ਰਹੇ।
ਮੀਟਿੰਗ ਦੌਰਾਨ ਯੂਨੀਅਨ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ। ਯੂਨੀਅਨ ਨੇ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ-ਭੱਤਾ ਤੁਰੰਤ ਦੁੱਗਣਾ ਕੀਤਾ ਜਾਵੇ, ਸਾਲਾਨਾ ਇੰਕਰੀਮੈਂਟ ਵਿੱਚ ਵਾਧਾ ਕੀਤਾ ਜਾਵੇ, ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਗ੍ਰੈਚੁਟੀ ਲਾਗੂ ਕਰਦੇ ਹੋਏ ਐਕਸ ਗਰੇਸ਼ੀਆ ਵਿੱਚ ਵਾਧਾ ਕੀਤਾ ਜਾਵੇ ਅਤੇ ਹੈਲਪਰਾਂ ਦੀ ਪ੍ਰਮੋਸ਼ਨ ਬੇਸਿਕ ਤਜਰਬੇ ਦੇ ਅਧਾਰ ਤੇ ਕੀਤੀ ਜਾਵੇ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਵਿੱਚ ਹੈਲਪਰ ਨੂੰ ਵੀ ਵਰਕਰ ਦੀ ਤਰ੍ਹਾਂ ਪ੍ਰਤੀ ਫਾਰਮ ਇੰਸੈਂਟਿਵ ਦਿਤਾ ਜਾਵੇ । ਇਸ ਤੋਂ ਇਲਾਵਾ ਦਸਵੀਂ ਪਾਸ ਹੈਲਪਰਾਂ ਦੇ ਤਜਰਬੇ ਨੂੰ ਮਾਨਤਾ ਦੇ ਕੇ ਉਨ੍ਹਾਂ ਨੂੰ ਵਰਕਰ ਵਜੋਂ ਤਰੱਕੀ ਦੇਣ ਦਾ ਮਾਮਲਾ ਵੀ ਜ਼ੋਰ ਨਾਲ ਉਠਾਇਆ ਗਿਆ।
ਯੂਨੀਅਨ ਨੇ ਕਿਹਾ ਕਿ ਆਂਗਣਵਾੜੀ ਮੁਲਾਜ਼ਮ ਸਾਲਾਂ ਤੋਂ ਨਿਗੂਣੇ ਮਾਣ-ਭੱਤੇ 'ਤੇ ਸਰਕਾਰ ਦੀਆਂ ਅਨੇਕਾਂ ਯੋਜਨਾਵਾਂ ਨੂੰ ਇਮਾਨਦਾਰੀ ਨਾਲ ਲਾਗੂ ਕਰ ਰਹੇ ਹਨ, ਪਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।
ਮੀਟਿੰਗ ਦੌਰਾਨ ਵਿੱਤ ਮੰਤਰੀ ਅਤੇ ਅਧਿਕਾਰੀਆਂ ਵੱਲੋਂ ਮੰਗਾਂ 'ਤੇ ਕੋਈ ਠੋਸ ਫ਼ੈਸਲਾ ਜਾਂ ਸਮਾਂਬੱਧ ਭਰੋਸਾ ਨਹੀਂ ਦਿੱਤਾ ਗਿਆ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸਿਰਫ਼ ਭਰੋਸੇ ਅਤੇ ਲਾਰੇ ਹੀ ਮਿਲੇ, ਜਿਸ ਕਾਰਨ ਮੀਟਿੰਗ ਪੂਰੀ ਤਰ੍ਹਾਂ ਬੇਸਿੱਟਾ ਰਹੀ।
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ 10 ਅਗਸਤ ਦੇ ਜੇਲ ਭਰੋ ਅੰਦੋਲਨ ਕੀਤਾ ਜਾਵੇਗਾ ਹੋਰ ਤੇਜ਼, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।