ਬੇਅਦਬੀਆਂ ਦੇ ਮੁੱਦੇ ਤੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਵੱਲੋਂ CM ਭਗਵੰਤ ਮਾਨ ਨੂੰ ਘੇਰਿਆ, 2027 ’ਚ ਸਬਕ ਸਿਖਾਉਣ ਦੀ ਚਿਤਾਵਨੀ

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਬਸਪਾ ਪੰਜਾਬ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬੇਅਦਬੀ ਸਬੰਧੀ ਬਿੱਲ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਕਦਮ ਸਿਰਫ਼ ਲੋਕਾਂ ਦੀਆਂ ਅੱਖਾਂ ਵਿੱਚ ਧੂੜ ਪਾਉਣ ਲਈ ਚੁੱਕਿਆ ਗਿਆ ਹੈ।

By  Aarti April 13th 2026 04:00 PM

Bahujan Samaj Party Leaders : ਖਾਲਸਾ ਸਾਜਨਾ ਦਿਵਸ ਦੇ ਪਵਿੱਤਰ ਮੌਕੇ 'ਤੇ ਬਹੁਜਨ ਸਮਾਜ ਪਾਰਟੀ ਵੱਲੋਂ ਪਿੰਡ ਸ੍ਰੀ ਖਵਾਸਪੁਰਾ ਤੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਇੱਕ ਵਿਸ਼ਾਲ ਮਾਰਚ ਕੱਢਿਆ ਗਿਆ। ਮਾਰਚ ਦੌਰਾਨ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੇ ਹਿੱਸਾ ਲਿਆ ਅਤੇ ਅੰਤ ਵਿੱਚ ਤਖਤ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਗਟਾਇਆ ਗਿਆ।

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਬਸਪਾ ਪੰਜਾਬ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬੇਅਦਬੀ ਸਬੰਧੀ ਬਿੱਲ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਕਦਮ ਸਿਰਫ਼ ਲੋਕਾਂ ਦੀਆਂ ਅੱਖਾਂ ਵਿੱਚ ਧੂੜ ਪਾਉਣ ਲਈ ਚੁੱਕਿਆ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਪਿਛਲੇ ਸਵਾ ਚਾਰ ਸਾਲਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਮਾਮਲਿਆਂ ਵਿੱਚ ਕੋਈ ਢੰਗ ਦੀ ਕਾਰਵਾਈ ਨਹੀਂ ਕੀਤੀ, ਜਿਸ ਕਾਰਨ ਲੋਕਾਂ ਵਿੱਚ ਗੁੱਸਾ ਵਧ ਰਿਹਾ ਹੈ।

ਉਨ੍ਹਾਂ ਕਿਹਾ ਕਿ ਹੁਣ ਜਦੋਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਸਰਕਾਰ ਵੱਲੋਂ ਇਸ ਤਰ੍ਹਾਂ ਦੇ ਕਾਨੂੰਨ ਲਿਆ ਕੇ ਆਪਣੀ ਨਾਕਾਮੀ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦਕਿ ਇਸ ਤਰ੍ਹਾਂ ਦੇ ਕਾਨੂੰਨ ਪਹਿਲਾਂ ਵੀ ਮੌਜੂਦ ਹਨ। ਕਰੀਮਪੁਰੀ ਨੇ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਕੋਲ ਇਰਾਦੇ ਦੀ ਕਮੀ ਹੋਵੇ, ਤਾਂ ਕਿਸੇ ਵੀ ਕਾਨੂੰਨ ਦਾ ਕੋਈ ਲਾਭ ਨਹੀਂ ਹੁੰਦਾ।

ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ‘ਤੇ ਇਲਜ਼ਾਮ ਲਗਾਇਆ ਕਿ ਉਹ ਲੋਕਤਾਂਤਰਿਕ ਢੰਗ ਨਾਲ ਨਹੀਂ, ਸਗੋਂ ਤਾਨਾਸ਼ਾਹੀ ਰਵੱਈਏ ਨਾਲ ਸਰਕਾਰ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਨਾ ਤਾਂ ਸ਼੍ਰੋਮਣੀ ਕਮੇਟੀ ਨਾਲ ਅਤੇ ਨਾ ਹੀ ਬਹੁਜਨ ਸਮਾਜ ਨਾਲ ਇਸ ਸੰਵੇਦਨਸ਼ੀਲ ਮਸਲੇ ‘ਤੇ ਕੋਈ ਸਲਾਹ-ਮਸ਼ਵਰਾ ਕੀਤਾ ਗਿਆ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਕਰੀਮਪੁਰੀ ਨੇ ਇਹ ਵੀ ਇਲਜ਼ਾਮ ਲਾਇਆ ਕਿ ਸੂਬੇ ਵਿੱਚ ਸ਼ਹੀਦ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਵੰਸ਼ਜਾਂ ਨਾਲ ਹੋਏ ਤਸ਼ੱਦਦ ਵਰਗੀਆਂ ਘਟਨਾਵਾਂ ਦਰਸਾਉਂਦੀਆਂ ਹਨ ਕਿ ਸਰਕਾਰ ਇਨ੍ਹਾਂ ਮਸਲਿਆਂ ‘ਤੇ ਗੰਭੀਰ ਨਹੀਂ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬੇਅਦਬੀ ਦੇ ਮੁੱਦੇ ‘ਤੇ ਲੋਕਾਂ ਦਾ ਭਰੋਸਾ ਤੋੜਿਆ ਹੈ ਅਤੇ ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਲੋਕ ਇਸ ਦਾ ਕਰਾਰਾ ਜਵਾਬ ਦੇਣਗੇ। ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਵਰਕਰ ਵੀ ਵੱਡੀ ਗਿਣਤੀ ਵਿੱਚ ਮੌਜੂਦ ਰਹੇ।

ਇਹ ਵੀ ਪੜ੍ਹੋ  : Ajnala ’ਚ ਥਾਣਾ ਭਿੰਡੀ ਸੈਦਾ ਗ੍ਰੇਨੇਡ ਹਮਲੇ ਮਾਮਲੇ ’ਚ ਵੱਡੀ ਅਪਡੇਟ, 6 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ

Related Post