CM ਭਗਵੰਤ ਮਾਨ ਨੇ ਕਿਉਂ ਨਹੀਂ ਕਿਹਾ ਕਿ ਪੰਜਾਬ ਕੋਲ ਪਾਣੀ ਦੀ ਇਕ ਬੂੰਦ ਵੀ ਫਾਲਤੂ ਨਹੀਂ ਹੈ : ਪਰਮਬੰਸ ਸਿੰਘ ਰੋਮਾਣਾ
Shiromani Akali Dal : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਧੁਨਿਕ ਦੌਰ ਵਿਚ ਦਰਬਾਰਾ ਸਿੰਘ (ਸਾਬਕਾ ਕਾਂਗਰਸੀ ਮੁੱਖ ਮੰਤਰੀ) ਵਾਂਗੂ ਵਿਹਾਰ ਕਰ ਰਹੇ ਹਨ ਅਤੇ ਪਾਰਟੀ ਨੇ ਉਹਨਾਂ ’ਤੇ ਆਪਣੀ ਕੁਰਸੀ ਬਚਾਉਣ ਵਾਸਤੇ ਪੰਜਾਬ ਦੇ ਦਰਿਆਈ ਪਾਣੀਆਂ ਦੇ ਹੱਕਾਂ ਨਾਲ ਸਮਝੌਤਾ ਕਰਨ ਦੇ ਦੋਸ਼ ਲਗਾਏ
Shiromani Akali Dal : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਧੁਨਿਕ ਦੌਰ ਵਿਚ ਦਰਬਾਰਾ ਸਿੰਘ (ਸਾਬਕਾ ਕਾਂਗਰਸੀ ਮੁੱਖ ਮੰਤਰੀ) ਵਾਂਗੂ ਵਿਹਾਰ ਕਰ ਰਹੇ ਹਨ ਅਤੇ ਪਾਰਟੀ ਨੇ ਉਹਨਾਂ ’ਤੇ ਆਪਣੀ ਕੁਰਸੀ ਬਚਾਉਣ ਵਾਸਤੇ ਪੰਜਾਬ ਦੇ ਦਰਿਆਈ ਪਾਣੀਆਂ ਦੇ ਹੱਕਾਂ ਨਾਲ ਸਮਝੌਤਾ ਕਰਨ ਦੇ ਦੋਸ਼ ਲਗਾਏ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਜਿਵੇਂ ਸਾਬਕਾ ਮੁੱਖ ਮੰਤਰੀ ਦਰਬਾਰਾ ਸਿੰਘ ਨੇ ਉਦੋਂ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਹਿਣ ’ਤੇ ਪੰਜਾਬ ਦੇ ਦਰਿਆਈ ਪਾਣੀਆਂ ਦੇ ਹੱਕਾਂ ਨਾਲ ਸਮਝੌਤਾ ਮੌਜੂਦਾ ਦੌਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਉਸੇ ਤਰੀਕੇ ਵਿਹਾਰ ਕਰ ਰਹੇ ਹਨ ਅਤੇ ਉਹ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੇ ਹੁਕਮਾਂ ’ਤੇ ਸੂਬੇ ਦੇ ਪਾਣੀ ਹਰਿਆਣਾ ਨੂੰ ਦੇਣ ਵਾਸਤੇ ਤਿਆਰ ਹਨ।
ਉਹਨਾਂ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਉਹਨਾਂ ਨੇ ਉਹ ਇਕ ਲਾਈਨ ਕਿਉਂ ਨਹੀਂ ਬੋਲੀ ਜੋ ਪੰਜਾਬੀ ਸੁਣਨਾ ਚਾਹੁੰਦੇ ਸਨ ਕਿ ਸੂਬੇ ਕੋਲ ਇਕ ਬੂੰਦ ਵੀ ਪਾਣੀ ਦੀ ਫਾਲਤੂ ਨਹੀਂ ਹੈ ਤੇ ਹਰਿਆਣਾ ਨੂੰ ਕੋਈ ਪਾਣੀ ਨਹੀਂ ਦਿੱਤਾ ਜਾ ਸਕਦਾ। ਉਹਨਾਂ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਪੰਜਾਬ ਵਿਚ ਆਪ ਸਰਕਾਰ ਸਾਡੇ ਦਰਿਆਈ ਪਾਣੀ ਹਰਿਆਣਾ ਨੂੰ ਦੇਣ ਵਾਸਤੇ ਤਿਆਰ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਇਸ ਮੰਤਵ ’ਤੇ ਇਹ ਕਹਿ ਕੇ ਮੋਹਰ ਲਗਾ ਦਿੱਤੀ ਹੈ ਕਿ ਪਹਿਲਾਂ ਸਾਨੂੰ ਪਾਣੀ ਦਾ ਫੈਸਲਾ ਕਰ ਲੈਣ ਦਿਓ ਜੋ ਦੇਣਾ ਹੈ, ਸਤਲੁਜ ਯਮੁਨਾ ਲਿੰਕ ਨਹਿਰ ਤਾਂ ਅਸੀਂ ਬਣਾ ਦਿਆਂਗੇ।
ਅਕਾਲੀ ਦਲ ਦੇ ਆਗੂ ਨੇ ਸਪਸ਼ਟ ਕੀਤਾ ਕਿ ਅਕਾਲੀ ਦਲ ਇਸ ਸਾਜ਼ਿਸ਼ ਨੂੰ ਸਫਲ ਨਹੀਂ ਹੋਣ ਦੇਵੇਗਾ। ਉਹਨਾਂ ਕਿਹਾ ਕਿ ਅਸੀਂ ਪਾਣੀ ਦੀ ਇਕ ਬੂੰਦ ਵੀ ਪੰਜਾਬ ਤੋਂ ਹਰਿਆਣਾ ਨਹੀਂ ਜਾਣ ਦਿਆਂਗੇ। ਉਹਨਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਹਿਲਾਂ ਹੀ ਸਪਸ਼ਟ ਕਰਦਿਆਂ ਐਲਾਨ ਕੀਤਾ ਹੈ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਰਾਜਸਥਾਨ ਨਹਿਰ ਰਾਹੀਂ ਜਾਂਦਾ ਪਾਣੀ ਰੋਕ ਕੇ ਅਤੇ ਇਹ ਪਾਣੀ ਪੰਜਾਬ ਦੇ ਖੇਤਾਂ ਨੂੰ ਦੇ ਕੇ ਸੂਬੇ ਨਾਲ ਹੋਇਆ ਇਤਿਹਾਸਕ ਅਨਿਆਂ ਦੂਰ ਕੀਤਾ ਜਾਵੇਗਾ।
ਪਰਮਬੰਸ ਸਿੰਘ ਰੋਮਾਣਾ ਨੇ ਇਹ ਵੀ ਸਪਸ਼ਟ ਕੀਤਾ ਕਿ ਪੰਜਾਬ ਅਤੇ ਹਰਿਆਣਾ ਵਿਚਾਲੇ ਦਰਿਆਈ ਪਾਣੀਆਂ ਦੀ ਵੰਡ ਦਾ ਵਿਵਾਦ ਸਿਰਫ ਇਕੋ ਇਕ ਸਿਧਾਂਤ ਦੇ ਆਧਾਰ ’ਤੇ ਹੱਲ ਕੀਤਾ ਜਾ ਸਕਦਾ ਹੈ ਤੇ ਇਹ ਸਿਧਾਂਤ ਰਾਈਪੇਰੀਅਨ ਸਿਧਾਂਤ ਹੈ। ਉਹਨਾਂ ਕਿਹਾ ਕਿ ਇਸ ਸਿਧਾਂਤ ਦੇ ਮੁਤਾਬਕ ਪੰਜਾਬ ਆਪਣੇ ਦਰਿਆਈ ਪਾਣੀਆਂ ਦਾ ਇਕਲੌਤਾ ਮਾਲਕ ਹੈ। ਉਹਨਾਂ ਕਿਹਾ ਕਿ ਇਸੇ ਸਿਧਾਂਤ ਦੇ ਆਧਾਰ ’ਤੇ ਇਕ ਟ੍ਰਿਬਿਊਨਲ ਨੇ ਨਰਮਦਾ ਨਦੀ ਦਾ ਪਾਣੀ ਰਾਜਸਥਾਨ ਨੂੰ ਦੇਣ ਤੋਂ ਨਾਂਹ ਕਰ ਦਿੱਤੀ ਸੀ। ਉਹਨਾਂ ਕਿਹਾ ਕਿ ਇਕ ਦੇਸ਼ ਵਿਚ ਦੋ ਕਾਨੂੰਨ ਨਹੀਂ ਹੋ ਸਕਦੇ।
ਪਰਮਬੰਸ ਸਿੰਘ ਰੋਮਾਣਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਹਰਿਆਣਾ ਦੇ ਹਮਰੁਤਬਾ ਦੇ ਨਾਲ ਸਾਂਝੀ ਪ੍ਰੈਸ ਕਾਨਫਰੰਸ ਵਿਚ ਉਹਨਾਂ ਦੀ ਸਰਕਾਰ ਵੱਲੋਂ ਪੰਜਾਬ ਦੇ ਹਿੱਤ ਵੇਚਣ ਦੇ ਫੈਸਲੇ ਨੂੰ ਸਹੀ ਠਹਿਰਾਉਣ ਵਾਸਤੇ ਧਾਰਮਿਕ ਮਹਿਮਾਗਾਨ ਤੋੜ ਮਰੋੜ ਕੇ ਕਰਨ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਭਾਈ ਘਨੱਈਆ ਦੀ ਉਦਾਹਰਣ ਦਿੱਤੀ ਜੋ ਜੰਗ ਵਿਚ ਦੁਸ਼ਮਣਾ ਨੂੰ ਵੀ ਪਾਣੀ ਪਿਆਉਂਦੇ ਸਨ ਤਾਂ ਜੋ ਪਾਣੀ ਵੇਚਣ ਨੂੰ ਸਹੀ ਠਹਿਰਾਇਆ ਜਾ ਸਕੇ ਜਦੋਂ ਕਿ ਅਸਲੀਅਤ ਇਹ ਹੈ ਕਿ ਭਾਈ ਘਨੱਈਆ ਨੇ ਕਦੇ ਵੀ ਆਪਣਿਆਂ ਨੂੰ ਪਾਣੀ ਪਿਆਉਣ ਤੋਂ ਨਾਂਹ ਕਰ ਕੇ ਦੁਸ਼ਮਣਾਂ ਨੂੰ ਪਾਣੀ ਨਹੀਂ ਪਿਆਇਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਸਾਡੇ ਗੁਰੂ ਸਾਹਿਬਾਨ ਨੇ ਸਾਨੂੰ ਆਪਣੇ ਹੱਕਾਂ ਵਾਸਤੇ ਲੜਨਾ ਸਿਖਾਇਆ ਹੈ। ਉਹਨਾਂ ਕਿਹਾ ਕਿ ਅਸੀਂ ਆਪਣੇ ਦਰਿਆਈ ਹੱਕ ਖੋਹਣ ਵਾਸਤੇ ਝੂਠੇ ਬਿਰਤਾਂਤ ਸਿਰਜਣ ਦੀ ਆਗਿਆ ਨਹੀਂ ਦਿਆਂਗੇ।
ਪਰਮਬੰਸ ਸਿੰਘ ਰੋਮਾਣਾ ਨੇ ਇਹ ਵੀ ਸਪਸ਼ਟ ਕੀਤਾ ਕਿ ਮੁੱਖ ਮੰਤਰੀ ਨੇ ਇਹ ਵੀ ਝੂਠ ਬੋਲਿਆ ਕਿ ਐਸ ਵਾਈ ਐਲ ਦਾ ਮਸਲਾ ’ਬਜ਼ੁਰਗ’ ਨੇ ਖੜ੍ਹਾ ਕੀਤਾ ਸੀ ਤੇ ਉਹ ਉਸਨੂੰ ਹੱਲ ਕਰ ਰਹੇ ਹਨ ਜਦੋਂ ਕਿ ਅਸਲੀਅਤ ਇਹ ਹੈ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ 1979 ਵਿਚ ਸੁਪਰੀਮ ਕੋਰਟ ਵਿਚ ਕੇਸ ਦਾਇਰ ਕਰ ਕੇ ਪੰਜਾਬ ਪੁਨਰਗਠਨ ਐਕਟ ਦੀ ਧਾਰਾ 78 ਦੀ ਵੈਧਤਾ ਨੂੰ ਚੁਣੌਤੀ ਦਿੱਤੀ ਸੀ ਜਿਸ ਮਗਰੋਂ ਦਰਬਾਰਾ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਇਹ ਕੇਸ ਵਾਪਸ ਲੈ ਲਿਆ ਸੀ। ਉਹਨਾਂ ਕਿਹਾ ਕਿ 2016 ਵਿਚ ਫਿਰ ਤੋਂ ਮੁੱਖ ਮੰਤਰੀ ਵਜੋਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਐਸ ਵਾਈ ਐਲ ਨਹਿਰ ਦੀ ਉਸਾਰੀ ਲਈ ਜ਼ਮੀਨ ਐਕਵਾਇਰ ਕਰਨ ਦਾ ਨੋਟੀਫਿਕੇਸ਼ਨ ਡੀਨੋਟੀਫਾਈ ਕਰ ਕੇ ਜ਼ਮੀਨ ਅਸਲ ਮਾਲਕਾਂ ਨੂੰ ਵਾਪਸ ਦੇ ਦਿੱਤੀ। ਉਹਨਾਂ ਕਿਹਾ ਕਿ ਭਗਵੰਤ ਮਾਨ ਤਾਂ ਇਕ ਅਜਿਹੇ ਮਾਮਲੇ ਨੂੰ ਮੁੜ ਖੋਲ੍ਹਣ ਦਾ ਯਤਨ ਕਰ ਰਹੇ ਹਨ ਜੋ ਬੰਦ ਹੋ ਚੁੱਕਾ ਹੈ। ਉਹਨਾਂ ਕਿਹਾ ਕਿ ਉਹ ਇਹ ਦੱਸਣ ਕਿ ਕੀ ਹੁਣ ਐਸ ਵਾਈ ਐਲ ਨਹਿਰ ਹਵਾ ਵਿਚ ਉਸਾਰੀ ਜਾਵੇਗੀ ?
ਉਹਨਾਂ ਇਹ ਵੀ ਸਪਸ਼ਟ ਕੀਤਾ ਕਿ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਦੇ ਪਾਣੀ 2017 ਤੋਂ ਹਰਿਆਣਾ ਤੇ ਦਿੱਲੀ ਨੂੰ ਦੇਣ ਵਾਸਤੇ ਬਜ਼ਿੱਦ ਹਨ ਅਤੇ ਉਹਨਾਂ ਨੇ ਇਸ ਬਾਰੇ ਬਿਆਨ ਵੀ ਦਿੱਤੇ ਤੇ ਸੁਪਰੀਮ ਕੋਰਟ ਵਿਚ ਹਲਫੀਆ ਬਿਆਨ ਵੀ ਦਾਇਰ ਕੀਤਾ।ਉਹਨਾਂ ਕਿਹਾ ਕਿ ਭਾਵੇਂ ਜਿੰਨਾ ਮਰਜ਼ੀ ਜ਼ੋਰ ਲਗਾ ਲਓ ਅਕਾਲੀ ਦਲ ਇਸ ਸਾਜ਼ਿਸ਼ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਵੇਗਾ।