ਮਾਨ ਸਰਕਾਰ ਵੱਲੋਂ ਹਰਿਆਣਾ ਪੁਲਿਸ ਵਿਰੁੱਧ ਕੋਈ FIR ਨਾ ਕਰਨਾ ਭਾਜਪਾ ਪ੍ਰਤੀ ਵਫ਼ਾਦਾਰੀ

By  KRISHAN KUMAR SHARMA February 26th 2024 06:36 PM

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਭਕਰਨ ਸਿੰਘ ਦੇ ਕਤਲ ਮਾਮਲੇ 'ਤੇ ਕਾਨੂੰਨੀ ਕਾਰਵਾਈ ਨਾ ਕੀਤੇ ਜਾਣ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਚੁੱਪੀ ਭਾਜਪਾ ਪ੍ਰਤੀ ਉਨ੍ਹਾਂ ਦੀ ਅਣਕਹੀ ਵਫ਼ਾਦਾਰੀ ਨੂੰ ਦਰਸਾਉਂਦੀ ਹੈ। 

ਖਨੌਰੀ ਬਾਰਡਰ 'ਤੇ ਹਰਿਆਣਾ ਪੁਲਿਸ ਵੱਲੋਂ ਨੌਜਵਾਨ ਕਿਸਾਨ ਸ਼ੁਭਕਰਨ ਦਾ ਬੇਰਹਿਮੀ ਨਾਲ ਕਤਲ ਕੀਤੇ ਪੰਜ ਦਿਨ ਹੋ ਗਏ ਹਨ, ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਹਰਿਆਣਾ ਪੁਲਿਸ ਅਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਵਿਰੁੱਧ ਐਫਆਈਆਰ ਦਰਜ ਨਹੀਂ ਕੀਤੀ ਹੈ। ਬਾਜਵਾ ਨੇ ਕਿਹਾ ਕਿ ਇਹ 'ਆਪ' (AAP) ਦੀ ਆਪਣੇ ਆਕਾਵਾਂ ਪ੍ਰਤੀ ਵਫ਼ਾਦਾਰੀ ਨੂੰ ਦਰਸਾਉਂਦਾ ਹੈ। 

ਸੀਨੀਅਰ ਕਾਂਗਰਸੀ ਆਗੂ ਬਾਜਵਾ (Partap Bajwa) ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ (CM Mann) ਵੱਲੋਂ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ ਕਾਰਵਾਈ ਕਰਨ ਦਾ ਭਰੋਸਾ ਇਕ ਘਟੀਆ ਵਾਅਦੇ ਤੋਂ ਵੱਧ ਕੁਝ ਨਹੀਂ ਜਾਪਦਾ। ਉਨ੍ਹਾਂ ਨੇ ਇਸ ਮੁੱਦੇ 'ਤੇ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਵਿਰੁੱਧ ਇਕ ਸ਼ਬਦ ਵੀ ਨਹੀਂ ਬੋਲਿਆ। ਪੰਜਾਬ ਦੇ ਮੁੱਖ ਮੰਤਰੀ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਹਰਿਆਣਾ ਪੁਲਿਸ ਵਿਰੁੱਧ ਐਫਆਈਆਰ ਦਰਜ ਕਰਨ ਤੋਂ ਕਿਹੜੀ ਚੀਜ਼ ਰੋਕ ਰਹੀ ਸੀ। 

ਕਿਸਾਨ ਯੂਨੀਅਨ ਦੇ ਵਰਕਰ ਸ਼ੁਭਕਰਨ ਸਿੰਘ ਦੀ ਲਾਸ਼ ਦੀ ਰਾਖੀ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਮੁਰਦਾਘਰ ਵਿੱਚ ਕਰ ਰਹੇ ਹਨ। ਬਾਜਵਾ ਨੇ ਕਿਹਾ ਕਿ ਇਹ ਸਾਬਤ ਕਰਦਾ ਹੈ ਕਿ ਕਿਸਾਨਾਂ ਨੂੰ ਆਮ ਆਦਮੀ ਪਾਰਟੀ ਸਰਕਾਰ ਦੇ ਇਰਾਦਿਆਂ 'ਤੇ ਬਿਲਕੁਲ ਵੀ ਭਰੋਸਾ ਨਹੀਂ ਹੈ। 

ਵਿਰੋਧੀ ਧਿਰ (Punjab Congress) ਦੇ ਆਗੂ ਨੇ ਕਿਹਾ ਕਿ ਪਰਿਵਾਰ ਅਤੇ ਕਿਸਾਨ ਯੂਨੀਅਨਾਂ ਪਹਿਲਾਂ ਹੀ 'ਆਪ' ਸਰਕਾਰ ਵੱਲੋਂ ਪੇਸ਼ ਕੀਤੇ ਗਏ ਮੁਆਵਜ਼ੇ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਚੁੱਕੀਆਂ ਹਨ ਜਦੋਂ ਤੱਕ ਕਿ ਹਰਿਆਣਾ ਸਰਕਾਰ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਨਹੀਂ ਹੋ ਜਾਂਦੀ। 

ਬਾਜਵਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ਼ੁਭਕਰਨ ਸਿੰਘ ਦੀ ਭੈਣ ਨੂੰ ਨੌਕਰੀ ਤੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਕੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ।

Related Post