ਭਾਨਾ ਸਿੱਧੂ ਰਿਹਾਈ ਮਾਮਲਾ: ਪੰਜਾਬ 'ਚ ਸਮਰਥਕ ਸੜਕਾਂ 'ਤੇ ਉਤਰੇ, ਸਾਬਕਾ CM ਚੰਨੀ ਸਮੇਤ ਕਈ ਆਗੂ ਨਜ਼ਰਬੰਦ ਤੇ ਹਿਰਾਸਤ 'ਚ ਲਏ

By  KRISHAN KUMAR SHARMA February 3rd 2024 02:40 PM

bhana-sidhu-case-update: ਭਗਵੰਤ ਸਿੰਘ ਸਿੱਧੂ ਉਰਫ਼ ਭਾਨਾ ਸਿੱਧੂ ਦੀ ਰਿਹਾਈ ਨੂੰ ਲੈ ਕੇ ਪੰਜਾਬ ਭਰ 'ਚ ਪ੍ਰਦਰਸ਼ਨ ਤੇਜ਼ ਹੋ ਗਏ ਹਨ। ਭਾਨਾ ਦੇ ਹੱਕ ਵਿੱਚ ਸੜਕਾਂ 'ਤੇ ਆਏ ਸਮਰਥਕਾਂ ਦੇ ਹੜ੍ਹ ਨੇ ਪੰਜਾਬ ਸਰਕਾਰ ਨੂੰ ਕੰਬਣੀ ਛੇੜ ਦਿੱਤੀ ਹੈ, ਜਿਸ ਦੇ ਮੱਦੇਨਜ਼ਰ ਪੰਜਾਬ 'ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਅਤੇ ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ (Harmeet Singh Kadian) ਸਮੇਤ ਕਈ ਆਗੂਆਂ ਨੂੰ ਨਜ਼ਰਬੰਦ ਅਤੇ ਹਿਰਾਸਤ 'ਚ ਲਿਆ ਗਿਆ ਹੈ।

ਦੱਸ ਦਈਏ ਕਿ ਭਾਨਾ ਸਿੱਧੂ ਕੇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਲਗਾਤਾਰ ਕਿਰਕਿਰੀ ਹੋ ਰਹੀ ਹੈ। ਭਾਨਾ ਸਿੱਧੂ ਨੂੰ ਟਰੈਵਲ ਏਜੰਟ ਨੂੰ ਬਲੈਕਮੇਲ ਕਰਨ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਨੇ ਵੀ ਉਸ ਦਾ ਸਮਰਥਨ ਕੀਤਾ ਹੈ। ਭਾਨਾ ਸਿੱਧੂ ਨੂੰ ਬੀਤੇ ਦਿਨ ਮੋਹਾਲੀ ਅਦਾਲਤ ਨੇ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ। ਭਾਨਾ ਸਿੱਧੂ ਦੇ ਸਮਰਥਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਸ ਨੂੰ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ ਅਤੇ ਉਸ ਦੀ ਬਿਨਾਂ ਸ਼ਰਤ ਰਿਹਾਈ ਲਈ ਮੰਗ ਕੀਤੀ ਜਾ ਰਹੀ ਹੈ।

15 ਕਿਸਾਨ ਜਥੇਬੰਦੀਆਂ ਨੇ ਸ਼ਨੀਵਾਰ ਨੂੰ ਸੰਗਰੂਰ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਇਸ ਦਾ ਪਤਾ ਲੱਗਦਿਆਂ ਹੀ ਪੁਲੀਸ ਨੇ ਸੰਗਰੂਰ ਅਤੇ ਮਾਨਸਾ ਵਿੱਚ ਕਿਸਾਨ ਆਗੂਆਂ ਨੂੰ ਨਜ਼ਰਬੰਦ ਕਰ ਦਿੱਤਾ। ਇੰਨਾ ਹੀ ਨਹੀਂ ਸੰਗਰੂਰ ਜਾ ਰਹੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੂੰ ਵੀ ਰਸਤੇ ਵਿੱਚ ਰੋਕ ਲਿਆ ਗਿਆ। ਜਿਵੇਂ ਹੀ ਕਿਸਾਨ ਜਥੇਬੰਦੀਆਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਗੁੱਸੇ 'ਚ ਆ ਗਏ। ਉਨ੍ਹਾਂ ਅੰਮ੍ਰਿਤਸਰ, ਫ਼ਿਰੋਜ਼ਪੁਰ, ਬਠਿੰਡਾ ਸਮੇਤ ਕਈ ਜ਼ਿਲ੍ਹਿਆਂ ਦੇ ਟੋਲ ਪਲਾਜ਼ੇ ਬੰਦ ਕਰ ਦਿੱਤੇ ਅਤੇ ਲੁਧਿਆਣਾ-ਦਿੱਲੀ ਹਾਈਵੇਅ ਜਾਮ ਕਰ ਦਿੱਤਾ ਗਿਆ।

ਪੁਲਿਸ ਵੱਲੋਂ ਸੰਗਰੂਰ ਜਾਣ ਵਾਲੀਆਂ ਬੱਸਾਂ ਨੂੰ ਰੋਕ ਕੇ ਕਈ ਕਿਸਾਨ ਆਗੂਆਂ ਨੂੰ ਇਸ ਦੌਰਾਨ ਹਿਰਾਸਤ 'ਚ ਲਿਆ ਗਿਆ। ਇਸਤੋਂ ਇਲਾਵਾ ਬਰਨਾਲਾ ਦੇ ਬੜਬਰ ਟੋਲ ਪਲਾਜ਼ਾ 'ਤੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ ਵੀ ਹੋ ਗਈ, ਜਿਸ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਕਾਫੀਆਂ ਦੇ ਜ਼ਿਲ੍ਹਾਂ ਪ੍ਰਧਾਨ ਸਮੇਤ ਕਈ ਕਿਸਾਨ ਹਿਰਾਸਤ 'ਚ ਲਏ ਗਏ।

ਪੁਲਿਸ ਵੱਲੋਂ ਭਾਕਿਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਛੀਨੀਵਾਲ ਅਤੇ ਮਨਵੀਰ ਕੌਰ ਰਾਹੀ ਨੂੰ ਵੀ ਘਰ 'ਚ ਨਜ਼ਰਬੰਦ ਕੀਤਾ ਗਿਆ। ਇਸਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਂਕਾਰ ਸਿੰਘ ਬਰਾੜ, ਗੁਰਪ੍ਰੀਤ ਸਿੰਘ ਖੁੱਡੀ ਅਤੇ ਗੁਰਤੇਜ ਸਿੰਘ ਦਾਨਗੜ੍ਹ ਵੀ ਨਜ਼ਰਬੰਦ ਹਨ। 

ਭਾਨਾ ਦੇ ਸਮਰਥਨ 'ਚ ਆਏ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਭਾਨਾ ਸਿੱਧੂ ਸਿਰਫ਼ ਟਰੈਵਲ ਏਜੰਟਾਂ ਤੋਂ ਧੋਖਾਧੜੀ ਦਾ ਸ਼ਿਕਾਰ ਹੋਏ ਕਿਸਾਨਾਂ ਦੇ ਪੈਸੇ ਹੀ ਮੋੜਦਾ ਸੀ। ਪੰਜਾਬ ਦੀ 'ਆਪ' ਸਰਕਾਰ ਖਿਲਾਫ ਸੋਸ਼ਲ ਮੀਡੀਆ 'ਤੇ ਪੋਸਟਾਂ ਪਾਉਣ ਦੇ ਦੋਸ਼ 'ਚ ਉਨ੍ਹਾਂ ਖਿਲਾਫ ਬਦਲਾਖੋਰੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Related Post