25 ਅਕਤੂਬਰ ਨੂੰ ਪੰਜਾਬ ਭਰ ਚ ਫੂਕੇ ਜਾਣਗੇ ਝਾੜੂ, ਪਰਵਿੰਦਰ ਝੋਟਾ ਦੇ ਪਰਿਵਾਰ ਦਾ ਵੱਡਾ ਐਲਾਨ
CM ਮਾਨ ਤੇ DGP ਦੇ ਅਸਤੀਫੇ ਦੀ ਮੰਗ 'ਤੇ ਬਜਿੱਦ ਪਰਿਵਾਰ
Big Update on Parvinder Singh Jhota murder case : ਪਰਵਿੰਦਰ ਸਿੰਘ ਝੋਟਾ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਬਣਾਈ ਗਈ 3 ਮੈਂਬਰੀ ਕਮੇਟੀ ਨੇ ਪਰਿਵਾਰ ਅਤੇ ਇਨਸਾਫ਼ ਕਮੇਟੀ ਵੱਲੋਂ ਰੱਖੀਆਂ ਗਈਆਂ 14 ਮੰਗਾਂ ਵਿੱਚੋਂ ਕੁਝ ਸਬੰਧੀ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਲਿਖਤੀ ਜਵਾਬ ਦਿੱਤਾ ਹੈ। ਇਸ ਤੋਂ ਬਾਅਦ ਇਨਸਾਫ਼ ਕਮੇਟੀ ਵੱਲੋਂ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਜਾਣੀ ਸੀ।
ਇਸ ਦੌਰਾਨ ਇਨਸਾਫ਼ ਕਮੇਟੀ ਨੇ ਪ੍ਰੈੱਸ ਕਾਨਫਰੰਸ ਕਰਕੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਅਸਤੀਫ਼ਾ ਨਹੀਂ ਦਿੰਦੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਦੇ ਨਾਲ ਹੀ ਪਰਵਿੰਦਰ ਸਿੰਘ ਝੋਟੇ ਦੀ ਪਤਨੀ ਮਨਪ੍ਰੀਤ ਕੌਰ ਅਤੇ ਇਨਸਾਫ ਕਮੇਟੀ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਰੋਸ ਵਜੋਂ ਆਉਣ ਵਾਲੀ 25 ਅਕਤੂਬਰ ਨੂੰ ਸੂਬੇ ਦੇ ਹਰੇਕ ਪਿੰਡ ਵਿੱਚ ਝਾੜੂ ਫੂਕੇ ਜਾਣ। ਉਨ੍ਹਾਂ ਕਿਹਾ ਕਿ ਬੀਤੀ 21 ਅਕਤੂਬਰ ਨੂੰ ਹੋਈ ਮੀਟਿੰਗ ਵਿਚ ਪ੍ਰਸਾਸ਼ਨ ਨੇ ਮਾਨਸਾ ਦੇ DSP ਤੇ ਡਰੱਗ ਇੰਸਪੈਕਟਰ ਨੂੰ ਸਸਪੈਂਡ ਕਰਨ ਦੀ ਗੱਲ ਕਹੀ ਸੀ ਜਿਸ 'ਤੇ ਤੁਰੰਤ ਕੋਈ ਅਮਲ ਨਹੀਂ ਕੀਤਾ ਗਿਆ ਪਰ ਅੱਜ ਇਸ ਸਸਪੈਂਸ਼ਨ ਦਾ ਆਰਡਰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਸਵਾਲ ਕੀਤਾ ਕੀ ਅਜਿਹਾ ਕਰਕੇ ਪ੍ਰਸਾਸ਼ਨ ਝੋਟਾ ਦੇ ਪਰਿਵਾਰ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ? ਇਨ੍ਹਾਂ ਦੀ ਸਸਪੈਂਸ਼ਨ ਦੇ ਆਰਡਰ ਉਸੇ ਸਮੇਂ ਕਿਉਂ ਨਹੀਂ ਜਾਰੀ ਕੀਤੇ ਗਏ।
ਇਹ ਵੀ ਪੜ੍ਹੋ :
ਕਮੇਟੀ ਦੇ ਆਗੂਆਂ ਨੇ ਕਿਹਾ ਕਿ ਜਦੋਂ ਵੀ ਤਿੰਨ ਮੈਂਬਰੀ ਕਮੇਟੀ ਅੱਗੇ ਮੁੱਖ ਮੰਤਰੀ ਅਤੇ ਡੀਜੀਪੀ ਦੇ ਅਸਤੀਫ਼ਿਆਂ ਦੀ ਮੰਗ ਰੱਖੀ ਜਾਂਦੀ ਹੈ ਤਾਂ ਇਹ ਕਹਿ ਦਿੱਤਾ ਜਾਂਦਾ ਹੈ ਕਿ ਇਹ ਮਾਮਲਾ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਨਹੀਂ ਆਉਂਦਾ। ਉਨ੍ਹਾਂ ਕਿਹਾ ਕਿ ਜੇਕਰ ਇਹ ਮੰਗ ਤਿੰਨ ਮੈਂਬਰੀ ਕਮੇਟੀ ਦੇ ਅਧਿਕਾਰ ਖੇਤਰ ਵਿੱਚ ਨਹੀਂ ਆਉਂਦੀ ਤਾਂ ਸਰਕਾਰ ਉਸ ਅਥਾਰਟੀ ਜਾਂ ਵਿਭਾਗ ਦੀ ਵੱਖਰੀ ਕਮੇਟੀ ਬਣਾ ਕੇ ਭੇਜੇ, ਜਿਸ ਦੇ ਅਧਿਕਾਰ ਖੇਤਰ ਵਿੱਚ ਇਹ ਮਾਮਲਾ ਆਉਂਦਾ ਹੈ, ਤਾਂ ਜੋ ਇਸ ਮੰਗ ਬਾਰੇ ਚਰਚਾ ਕੀਤੀ ਜਾ ਸਕੇ।
">ਇਨਸਾਫ਼ ਕਮੇਟੀ ਨੇ ਮੁੜ ਦੁਹਰਾਇਆ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਪਰਵਿੰਦਰ ਸਿੰਘ ਝੋਟੇ ਦਾ ਨਾ ਤਾਂ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਨਾ ਹੀ ਸਸਕਾਰ ਕੀਤਾ ਜਾਵੇਗਾ। ਇਸ ਮੌਕੇ ਪਰਵਿੰਦਰ ਝੋਟੇ ਦੀ ਪਤਨੀ ਮਨਪ੍ਰੀਤ ਕੌਰ ਨੇ ਕਿਹਾ ਕਿ ਪਰਿਵਾਰ ਅਤੇ ਇਨਸਾਫ਼ ਕਮੇਟੀ ਵੱਲੋਂ ਪਹਿਲਾਂ ਤੋਂ ਹੀ ਪੰਜਾਬ ਦੇ ਮੁੱਖ ਮੰਤਰੀ ਅਤੇ ਡੀਜੀਪੀ ਦੇ ਅਸਤੀਫ਼ਿਆਂ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੰਗ ਸਬੰਧੀ ਵੀ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਜੇਕਰ ਸੂਬੇ ਨੂੰ ਕੋਈ ਚਲਾ ਰਿਹਾ ਹੈ ਤਾਂ ਉਹ ਮੁੱਖ ਮੰਤਰੀ ਮਾਨ ਅਤੇ ਡੀਜੀਪੀ ਹੀ ਹੈ ਅਤੇ ਇਸ ਲਈ ਇਸ ਕਤਲ ਲਈ ਉਹ ਹੀ ਜਿੰਮੇਵਾਰ ਹਨ। ਜਦੋਂ ਤੱਕ ਉਹਨਾਂ ਦਾ ਅਸਤੀਫਾ ਨਹੀਂ ਮਿਲਦਾ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ।