SGPC ਪ੍ਰਧਾਨ ਐਡਵੋਕੇਟ ਧਾਮੀ ਦਾ ਵੱਡਾ ਬਿਆਨ, ਕਿਹਾ-ਕਾਂਗਰਸ ਸਿੱਖ ਮਾਮਲਿਆਂ 'ਚ ਦਖ਼ਲ ਨਾ ਦੇਵੇ

By  Pardeep Singh January 2nd 2023 07:19 PM -- Updated: January 2nd 2023 07:21 PM

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸੀ ਆਗੂ  ਸੁਖਜਿੰਦਰ ਸਿੰਘ ਰੰਧਾਵਾ ਦੇ ਰਾਜਸਥਾਨ ਦੇ ਮੁੱਖ ਮੰਤਰੀ  ਅਸ਼ੋਕ ਗਹਿਲੋਤ ਨਾਲ ਮਿਲ ਕੇ ਰਾਜਸਥਾਨ ਗੁਰਦੁਆਰਾ ਕਮੇਟੀ ਬਣਾਉਣ ਦੇ ਮਨਸੂਬਿਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। 

ਐਡਵੋਕੇਟ ਧਾਮੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਸਿੱਖ ਮਾਮਲਿਆਂ ਵਿਚ ਬੇਲੋੜਾ ਦਖ਼ਲ ਦੇ ਕੇ ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਦੇ ਯਤਨ ਕਰਦੀ ਰਹੀ ਹੈ ਅਤੇ ਹੁਣ ਵੀ ਇਸ ਦੇ ਆਗੂ ਸਿੱਖ ਸ਼ਕਤੀ ਨੂੰ ਵੰਡਣ ਦੇ ਯਤਨਾਂ ਵਿਚ ਹਨ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਤਤਕਾਲੀ ਭੁਪਿੰਦਰ ਸਿੰਘ ਹੁੱਡਾ ਸਰਕਾਰ ਨੇ ਰਾਜਸੀ ਖੇਡ ਖੇਡਦਿਆਂ ਹਰਿਆਣਾ ਅੰਦਰ ਸਿੱਖ ਸ਼ਕਤੀ ਨੂੰ ਵੰਡਣ ਦੀ ਚਾਲ ਚੱਲੀ ਸੀ, ਇਸੇ ਚਾਲ ਤਹਿਤ ਤਤਕਾਲੀ ਸਰਕਾਰ ਨੇ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਬਣਾਈ। ਉਨ੍ਹਾਂ ਕਿਹਾ ਕਿ ਹੁਣ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨਾਲ ਮਿਲ ਕੇ ਰਾਜਸਥਾਨ ਵਿਚ ਵੀ ਵੱਖਰੀ ਗੁਰਦੁਆਰਾ ਕਮੇਟੀ ਬਣਾਉਣ ਦੀਆਂ ਯੋਜਨਾਵਾਂ ਬਣਾ ਰਹੇ ਹਨ, ਜੋ ਕਦੇ ਵੀ ਪ੍ਰਵਾਨ ਨਹੀਂ ਕੀਤੀਆਂ ਜਾਣਗੀਆਂ।

ਉਨ੍ਹਾਂ ਕਾਂਗਰਸ ਪਾਰਟੀ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਹ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖ਼ਲ ਦੇਣਾ ਬੰਦ ਕਰੇ। ਉਨ੍ਹਾਂ ਸਿੱਖ ਸੰਗਤਾਂ ਨੂੰ ਵੀ ਕਾਂਗਰਸ ਦੀਆਂ ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਵਾਲੀਆਂ ਚਾਲਾਂ ਤੋਂ ਸੁਚੇਤ ਹੋਣ ਦੀ ਅਪੀਲ ਕੀਤੀ।

Related Post