Amritsar ਪੁਲਿਸ ਦੀ ਵੱਡੀ ਕਾਮਯਾਬੀ; ਕਾਰੋਬਾਰੀ ਤੇ ਫਾਇਰਿੰਗ ਕਰਨ ਵਾਲੇ ਦੋਵੇਂ ਸ਼ੂਟਰ ਕਾਬੂ

ਹਾਲਾਂਕਿ ਪੀੜਤ ਕਾਰੋਬਾਰੀ ਵੱਲੋਂ ਇਸ ਸਬੰਧੀ ਕੋਈ ਲਿਖਤੀ ਸ਼ਿਕਾਇਤ ਨਹੀਂ ਦਿੱਤੀ ਗਈ, ਪਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਆਪਣੇ ਪੱਧਰ 'ਤੇ ਜਾਂਚ ਸ਼ੁਰੂ ਕੀਤੀ ਅਤੇ ਥੋੜ੍ਹੇ ਸਮੇਂ ਵਿੱਚ ਹੀ ਦੋਵੇਂ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ।

By  Aarti July 6th 2026 04:10 PM

Amritsar News : ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਇੱਕ ਵੱਡੇ ਫਾਇਰਿੰਗ ਮਾਮਲੇ ਦਾ ਖੁਲਾਸਾ ਕੀਤਾ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ਹਿਰ ਦੇ ਇੱਕ ਕਾਰੋਬਾਰੀ ਨੂੰ ਗੈਂਗਸਟਰਾਂ ਵੱਲੋਂ ਧਮਕੀ ਭਰੀਆਂ ਕਾਲਾਂ ਕਰਨ ਤੋਂ ਬਾਅਦ ਉਸ ਦੀ ਦੁਕਾਨ ਦੇ ਬਾਹਰ ਫਾਇਰਿੰਗ ਕੀਤੀ ਗਈ ਸੀ। 

ਦੋਵੇਂ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਮਿਲੀ ਸਫ਼ਲਤਾ

ਹਾਲਾਂਕਿ ਪੀੜਤ ਕਾਰੋਬਾਰੀ ਵੱਲੋਂ ਇਸ ਸਬੰਧੀ ਕੋਈ ਲਿਖਤੀ ਸ਼ਿਕਾਇਤ ਨਹੀਂ ਦਿੱਤੀ ਗਈ, ਪਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਆਪਣੇ ਪੱਧਰ 'ਤੇ ਜਾਂਚ ਸ਼ੁਰੂ ਕੀਤੀ ਅਤੇ ਥੋੜ੍ਹੇ ਸਮੇਂ ਵਿੱਚ ਹੀ ਦੋਵੇਂ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਆਪਰੇਸ਼ਨ ਲਈ ਡੀਜੀਪੀ ਇਨਵੈਸਟੀਗੇਸ਼ਨ ਰਵਿੰਦਰ ਪਾਲ ਸਿੰਘ ਦੀ ਨਿਗਰਾਨੀ ਹੇਠ ਵਿਸ਼ੇਸ਼ ਟੀਮ ਬਣਾਈ ਗਈ, ਜਿਸ ਵਿੱਚ ਏਡੀਸੀਪੀ ਸਿਟੀ-2, ਏਸੀਪੀ ਨਾਰਥ ਅਤੇ ਸੀਆਈਏ ਸਟਾਫ ਦੇ ਅਧਿਕਾਰੀਆਂ ਨੇ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਟੀਮ ਦੀ ਲਗਾਤਾਰ ਮਿਹਨਤ ਅਤੇ ਤਕਨੀਕੀ ਜਾਂਚ ਦੇ ਆਧਾਰ 'ਤੇ ਦੋਵੇਂ ਮੁਲਜ਼ਮਾਂ ਤੱਕ ਪਹੁੰਚ ਕੀਤੀ ਗਈ।

ਮੁਲਜ਼ਮਾਂ ਦੀ ਹੋਈ ਪਛਾਣ 

ਭੁੱਲਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਾਜਨਪ੍ਰੀਤ (26) ਅਤੇ ਜਸ਼ਨਪ੍ਰੀਤ (19) ਵਜੋਂ ਹੋਈ ਹੈ, ਜੋ ਮਜੀਠਾ ਇਲਾਕੇ ਦੇ ਇੱਕੋ ਪਿੰਡ ਦੇ ਰਹਿਣ ਵਾਲੇ ਅਤੇ ਆਪਸ ਵਿੱਚ ਰਿਸ਼ਤੇਦਾਰ ਹਨ। ਸਾਜਨਪ੍ਰੀਤ ਖ਼ਿਲਾਫ਼ ਪਹਿਲਾਂ ਕੋਈ ਮਾਮਲਾ ਦਰਜ ਨਹੀਂ ਸੀ, ਜਦਕਿ ਜਸ਼ਨਪ੍ਰੀਤ ਖ਼ਿਲਾਫ਼ 2024 ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਮੁਹਾਲੀ ਵੱਲੋਂ ਕਮਰਸ਼ੀਅਲ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦਾ ਕੇਸ ਦਰਜ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਜਦੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਉਨ੍ਹਾਂ ਦੇ ਪਿੰਡ ਪਹੁੰਚੀ ਤਾਂ ਸਾਜਨਪ੍ਰੀਤ ਨੇ ਪੁਲਿਸ ਨੂੰ ਦੇਖ ਕੇ ਘਰ ਦੀ ਛੱਤ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੇ ਪੈਰ ਵਿੱਚ ਫਰੈਕਚਰ ਹੋ ਗਿਆ ਅਤੇ ਉਸ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਪੁਲਿਸ ਕਮਿਸ਼ਨਰ ਨੇ ਖੁਲਾਸਾ ਕੀਤਾ ਕਿ ਦੂਜਾ ਮੁਲਜ਼ਮ ਜਸ਼ਨਪ੍ਰੀਤ ਹੀ ਫਾਇਰਿੰਗ ਦੀ ਘਟਨਾ ਵਿੱਚ ਮੋਟਰਸਾਈਕਲ ਚਲਾ ਰਿਹਾ ਸੀ। ਉਸ ਨੂੰ ਗ੍ਰਿਫ਼ਤਾਰ ਕਰਕੇ ਸਿਵਲ ਲਾਈਨ ਥਾਣੇ ਲਿਆਂਦਾ ਜਾ ਰਿਹਾ ਸੀ ਤਾਂ ਰਸਤੇ ਵਿੱਚ ਉਸ ਨੇ ਪੁਲਿਸ ਮੁਲਾਜ਼ਮ ਤੋਂ ਸਰਕਾਰੀ ਹਥਿਆਰ ਖੋਹ ਕੇ ਫਾਇਰਿੰਗ ਕਰਨ ਦੀ ਕੋਸ਼ਿਸ਼ ਕੀਤੀ।

ਪਰ ਪੁਲਿਸ ਮੁਲਾਜ਼ਮ ਨੇ ਮੌਕੇ 'ਤੇ ਸੂਝ-ਬੂਝ ਦਿਖਾਉਂਦਿਆਂ ਹਥਿਆਰ ਦੀ ਨਲੀ ਹੇਠਾਂ ਕਰ ਦਿੱਤੀ, ਜਿਸ ਦੌਰਾਨ ਚੱਲੀ ਗੋਲੀ ਜਸ਼ਨਪ੍ਰੀਤ ਦੀ ਲੱਤ ਵਿੱਚ ਲੱਗੀ। ਜ਼ਖ਼ਮੀ ਮੁਲਜ਼ਮ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜਿਆ ਗਿਆ।

ਭੁੱਲਰ ਨੇ ਕਿਹਾ ਕਿ ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਜਸ਼ਨਪ੍ਰੀਤ ਨਾਬਾਲਗ ਹੋਣ ਸਮੇਂ ਜੁਵੇਨਾਈਲ ਹੋਮ ਵਿੱਚ ਰਹਿੰਦਿਆਂ ਕੁਝ ਅਪਰਾਧੀਆਂ ਦੇ ਸੰਪਰਕ ਵਿੱਚ ਆਇਆ ਸੀ। ਬਾਅਦ ਵਿੱਚ ਉਹ ਸਰਹੱਦੀ ਇਲਾਕੇ ਦੇ ਕੁਝ ਹੋਰ ਵਿਅਕਤੀਆਂ ਅਤੇ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਨਾਲ ਜੁੜ ਗਿਆ ਅਤੇ ਪੈਸਿਆਂ ਦੇ ਲਾਲਚ ਵਿੱਚ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਲੱਗਾ।

ਗੈਂਗਸਟਰਾਂ ਨਾਲ ਲਿੰਕ ਹੋਣ ਦਾ ਵੀ ਖਦਸ਼ਾ

ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਮੈਡੀਕਲ ਇਲਾਜ ਤੋਂ ਬਾਅਦ ਵਿਸਥਾਰ ਨਾਲ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਨੂੰ ਉਮੀਦ ਹੈ ਕਿ ਇਸ ਮਾਮਲੇ ਵਿੱਚ ਸਰਹੱਦੀ ਖੇਤਰਾਂ ਅਤੇ ਵਿਦੇਸ਼ਾਂ ਵਿੱਚ ਸਰਗਰਮ ਗੈਂਗਸਟਰਾਂ ਨਾਲ ਜੁੜੇ ਹੋਰ ਅਹਿਮ ਲਿੰਕ ਵੀ ਸਾਹਮਣੇ ਆਉਣਗੇ। ਧਮਕੀ ਭਰੀਆਂ ਕਾਲਾਂ ਵਰਚੁਅਲ ਨੰਬਰਾਂ ਅਤੇ ਵੀਪੀਐਨ ਰਾਹੀਂ ਕੀਤੀਆਂ ਗਈਆਂ ਸਨ, ਜਿਸ ਕਾਰਨ ਜਾਂਚ ਵਿੱਚ ਤਕਨੀਕੀ ਚੁਣੌਤੀਆਂ ਵੀ ਆ ਰਹੀਆਂ ਹਨ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਅੰਮ੍ਰਿਤਸਰ ਕਮਿਸ਼ਨਰੇਟ ਅਜਿਹੇ ਮਾਮਲਿਆਂ ਨੂੰ ਬਹੁਤ ਗੰਭੀਰਤਾ ਨਾਲ ਲੈਂਦੀ ਹੈ ਅਤੇ ਹਰ ਕੇਸ ਨੂੰ ਪਹਿਲ ਦੇ ਆਧਾਰ 'ਤੇ ਸੁਲਝਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੁਝ ਅਪਰਾਧੀ ਆਪਣੇ ਆਪ ਨੂੰ ਵੱਡੇ ਗੈਂਗਸਟਰਾਂ ਦੇ ਨਾਮ ਨਾਲ ਜੋੜ ਕੇ ਲੋਕਾਂ ਵਿੱਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕਰਦੇ ਹਨ, ਪਰ ਅਸਲ ਵਿੱਚ ਇਹ ਛੋਟੇ ਪੱਧਰ ਦੇ ਅਪਰਾਧੀ ਹਨ ਅਤੇ ਪੁਲਿਸ ਉਨ੍ਹਾਂ ਨਾਲ ਕਾਨੂੰਨ ਅਨੁਸਾਰ ਸਖ਼ਤੀ ਨਾਲ ਨਜਿੱਠੇਗੀ।

ਇਹ ਵੀ ਪੜ੍ਹੋ  : ਚੰਨੀ ਧੜਾ ਹੋਇਆ ਬਾਗੀ ! ਭੁਪੇਸ਼ ਬਘੇਲ ਦੇ ਦੌਰੇ ਤੋਂ ਪਹਿਲਾਂ ਰਾਜਾ ਵੜਿੰਗ ਵਿਰੁੱਧ ਸੀਨੀਅਰ ਆਗੂ ਇੱਕਜੁੱਟ

Related Post