PTC News
Search
🔍 Search

Mohali Firing : ਜ਼ੀਰਕਪੁਰ ਚ ਤਾੜ-ਤਾੜ ਚੱਲੀਆਂ ਗੋਲੀਆਂ ! ਫਾਰਚੂਨਰ ਡਰਾਈਵਰ ਸਮੇਤ ਵਾਲ-ਵਾਲ ਬਚੇ ਮਾਂ-ਪੁੱਤ, ਇਲਾਕੇ ਚ ਦਹਿਸ਼ਤ

Mohali News : ਪੁਲਿਸ ਅਧਿਕਾਰੀਆਂ ਨੇ ਤਸਦੀਕ ਕੀਤੀ ਹੈ ਕਿ ਇਸ ਖੌਫਨਾਕ ਹਮਲੇ ਦੌਰਾਨ ਗੱਡੀ ਵਿੱਚ ਸਵਾਰ ਤਿੰਨੇ ਵਿਅਕਤੀਆਂ ਅਤੇ ਡਰਾਈਵਰ ਦਾ ਬਚਾਅ ਹੋ ਗਿਆ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ, ਸਾਰੇ ਸੁਰੱਖਿਅਤ ਹਨ।

By  KRISHAN KUMAR SHARMA November 18th 2026 08:23 AM -- Updated: November 18th 2026 08:45 AM

Mohali News : ਜ਼ੀਰਕਪੁਰ ਦੇ ਸਤਾਬਗੜ੍ਹ ਰੋਡ 'ਤੇ ਬੀਤੀ ਰਾਤ ਇੱਕ ਫਾਰਚੂਨਰ ਗੱਡੀ ਉੱਤੇ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਵੱਲੋਂ ਫਾਇਰਿੰਗ ਕੀਤੇ ਜਾਣ ਦਾ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਚੰਡੀਗੜ੍ਹ ਦੇ ਰਹਿਣ ਵਾਲੇ ਕੁਝ ਵਿਅਕਤੀ ਆਪਣੀ ਫਾਰਚੂਨਰ ਗੱਡੀ ਵਿੱਚ ਸਵਾਰ ਹੋ ਕੇ ਜਾ ਰਹੇ ਸਨ।

ਜ਼ੀਰਕਪੁਰ ਥਾਣਾ ਮੁਖੀ ਇੰਸਪੈਕਟਰ ਸੁਖਵਿੰਦਰ ਸਿੰਘ ਗਿੱਲ ਨੇ ਮਾਮਲੇ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਢਲੀ ਪੜਤਾਲ ਤੋਂ ਇਹ ਸਾਹਮਣੇ ਆਇਆ ਹੈ ਕਿ ਪੀੜਤ ਵਿਅਕਤੀ ਸਤਾਬਗੜ੍ਹ ਰੋਡ ਉੱਤੇ ਮੈਕਡੋਨਲਡ ਵਾਲੀ ਸਾਈਡ ਤੋਂ ਆ ਕੇ ਮੁਹਾਲੀ ਵੱਲ ਜਾ ਰਹੇ ਸਨ। ਜਦੋਂ ਉਹ ਨਿਰਧਾਰਤ ਸਥਾਨ 'ਤੇ ਖੜ੍ਹੇ ਸਨ, ਤਾਂ ਉਸੇ ਦੌਰਾਨ ਮੋਟਰਸਾਈਕਲ ਉੱਤੇ ਸਵਾਰ ਹੋ ਕੇ ਆਏ ਦੋ ਵਿਅਕਤੀਆਂ ਨੇ ਉਨ੍ਹਾਂ ਦੀ ਗੱਡੀ ਉੱਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਦੌਰਾਨ ਗੱਡੀ ਉੱਤੇ ਦੋ ਫਾਇਰ ਕੀਤੇ ਜਾਣ ਦੀ ਪੁਸ਼ਟੀ ਹੋਈ ਹੈ।

ਮੌਕੇ 'ਤੇ ਪਹੁੰਚੀ ਪੁਲਿਸ, ਜਾਨੀ ਨੁਕਸਾਨ ਤੋਂ ਰਿਹਾ ਬਚਾਅ (Zirakpur Firing)

​ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਪ੍ਰਸ਼ਾਸਨ ਅਤੇ ਥਾਣਾ ਮੁਖੀ ਤੁਰੰਤ ਮੌਕੇ ਉੱਤੇ ਪਹੁੰਚ ਗਏ ਅਤੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਨੇ ਤਸਦੀਕ ਕੀਤੀ ਹੈ ਕਿ ਇਸ ਖੌਫਨਾਕ ਹਮਲੇ ਦੌਰਾਨ ਗੱਡੀ ਵਿੱਚ ਸਵਾਰ ਤਿੰਨੇ ਵਿਅਕਤੀਆਂ ਅਤੇ ਡਰਾਈਵਰ ਦਾ ਬਚਾਅ ਹੋ ਗਿਆ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ, ਸਾਰੇ ਸੁਰੱਖਿਅਤ ਹਨ।

ਪੁਲਿਸ ਦਾ ਦਾਅਵਾ - ਗੈਂਗਵਾਰ ਨਹੀਂ

​ਪੁਲਿਸ ਵੱਲੋਂ ਜਦੋਂ ਮੌਜੂਦਾ ਹਾਲਾਤ ਅਤੇ ਗੈਂਗਵਾਰ ਸੰਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਮੁੱਢਲੀ ਜਾਂਚ ਵਿੱਚ ਇਹ ਮਾਮਲਾ ਕਿਸੇ ਗੈਂਗਵਾਰ ਨਾਲ ਨਹੀਂ ਜੁੜਿਆ ਹੋਇਆ, ਸਗੋਂ ਇਹ ਮੁੱਢਲੇ ਤੌਰ 'ਤੇ ਕਿਸੇ ਧਿਰ ਨਾਲ ਪ੍ਰਾਪਰਟੀ ਦੇ ਪੁਰਾਣੇ ਵਿਵਾਦ ਦਾ ਨਤੀਜਾ ਜਾਪਦਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ।​ਇਸ ਘਟਨਾ ਤੋਂ ਬਾਅਦ ਮੋਟਰਸਾਈਕਲ ਸਵਾਰ ਹਮਲਾਵਰ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ, ਜਿਨ੍ਹਾਂ ਦੀ ਭਾਲ ਲਈ ਪੁਲਿਸ ਵੱਲੋਂ ਆਸ-ਪਾਸ ਦੇ ਇਲਾਕਿਆਂ ਵਿੱਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਪੁਲਿਸ ਟੀਮਾਂ ਵੱਲੋਂ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਹਮਲਾਵਰ ਕਿਹੜੀ ਦਿਸ਼ਾ ਵੱਲੋਂ ਆਏ ਸਨ ਅਤੇ ਵਾਰਦਾਤ ਨੂੰ ਅੰਜਾਮ ਦੇਣ ਉਪਰੰਤ ਕਿਸ ਰਸਤੇ ਤੋਂ ਫਰਾਰ ਹੋਏ ਹਨ। ​ਪੁਲਿਸ ਪ੍ਰਸ਼ਾਸਨ ਦਾ ਮੰਨਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ ਅਤੇ ਜਾਂਚ ਮੁਕੰਮਲ ਹੋਣ ਤੋਂ ਬਾਅਦ ਇਸ ਘਟਨਾ ਦੇ ਅਸਲ ਕਾਰਨਾਂ ਅਤੇ ਪਿੱਛੇ ਛੁਪੇ ਅਸਲ ਦੋਸ਼ੀਆਂ ਬਾਰੇ ਹੋਰ ਅਹਿਮ ਖੁਲਾਸੇ ਸਾਹਮਣੇ ਆਉਣਗੇ। ਇਲਾਕੇ ਵਿੱਚ ਇਸ ਵਾਰਦਾਤ ਕਾਰਨ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ, ਜਦਕਿ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ... ਦਿੱਲੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਸਿੱਖ ਸੰਗਤ ਨੇ ਤਿਲਕ ਨਗਰ ਥਾਣੇ ਦੇ ਬਾਹਰ ਲਾਇਆ ਜਾਮ

Related Post