ਸ੍ਰੀ ਅਕਾਲ ਤਖਤ ਸਾਹਿਬ ਨੂੰ ਚੁਣੌਤੀ ਦੇਣ ਤੇ ਬਿਕਰਮ ਸਿੰਘ ਮਜੀਠੀਆ ਆਪ ਨੂੰ ਘੇਰਿਆ

Bikram Singh Majithia : ਮਜੀਠੀਆ ਨੇ ਭਗਵੰਤ ਮਾਨ ਸਰਕਾਰ, ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ 'ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਅਪਣਾਏ ਜਾ ਰਹੇ ਰਵੱਈਏ ਦੇ ਖ਼ਿਲਾਫ਼ ਸਿੱਖ ਸੰਗਤ ਨੂੰ ਇਕਜੁੱਟ ਹੋਣਾ ਚਾਹੀਦਾ ਹੈ।

By  KRISHAN KUMAR SHARMA June 21st 2026 01:27 PM -- Updated: June 21st 2026 01:30 PM

Bikram Singh Majithia : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਅਹਿਮੀਅਤ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਪੰਥ ਦੀ ਸ਼ਾਨ ਅਤੇ ਸਰਵੋਚ ਧਾਰਮਿਕ ਸੰਸਥਾ ਹੈ, ਜਿਸ ਦਾ ਮੁਕਾਬਲਾ ਕਿਸੇ ਵੀ ਸਰਕਾਰੀ ਪ੍ਰਚਾਰ ਮਸ਼ੀਨ ਜਾਂ ਆਈਟੀ ਸੈੱਲ ਨਾਲ ਨਹੀਂ ਕੀਤਾ ਜਾ ਸਕਦਾ।

ਮਜੀਠੀਆ ਨੇ ਕਿਹਾ ਕਿ ਜਿਸ ਤਖ਼ਤ ਅੱਗੇ ਬਾਦਸ਼ਾਹ ਝੁਕਦੇ ਰਹੇ ਅਤੇ ਜਿਸ ਦੀ ਰੱਖਿਆ ਲਈ ਸਿੱਖਾਂ ਨੇ ਆਪਣੇ ਸੀਸ ਕੁਰਬਾਨ ਕਰ ਦਿੱਤੇ, ਉਸ ਦੀ ਮਰਿਆਦਾ ਨੂੰ ਕੋਈ ਸਰਕਾਰ ਚੁਣੌਤੀ ਨਹੀਂ ਦੇ ਸਕਦੀ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਉਮਰ ਪੰਜ ਸਾਲ ਹੁੰਦੀ ਹੈ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਰੰਪਰਾ ਅਤੇ ਮਰਿਆਦਾ ਸਦੀਆਂ ਤੋਂ ਕਾਇਮ ਹੈ ਅਤੇ ਅੱਗੇ ਵੀ ਕਾਇਮ ਰਹੇਗੀ।

ਅਕਾਲੀ ਆਗੂ ਨੇ ਦੋਸ਼ ਲਗਾਇਆ ਕਿ ਪੰਜਾਬ ਦੇ ਸਿੱਖਿਆ, ਸਮਾਜਿਕ ਸੁਰੱਖਿਆ, ਪੀਐਸਪੀਸੀਐਲ ਅਤੇ ਟੂਰਿਜ਼ਮ ਵਰਗੇ ਵਿਭਾਗਾਂ ਵਿੱਚ ਬਣਾਏ ਗਏ ਸੋਸ਼ਲ ਮੀਡੀਆ ਸੈੱਲਾਂ ਲਈ ਕਥਿਤ ਤੌਰ 'ਤੇ ਕਰੋੜਾਂ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਇਹ ਸਰਕਾਰੀ ਧਨ ਲੋਕ ਭਲਾਈ ਲਈ ਖਰਚਿਆ ਜਾ ਰਿਹਾ ਹੈ ਜਾਂ ਫਿਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲਿਆਂ ਖ਼ਿਲਾਫ਼ ਮਾਹੌਲ ਬਣਾਉਣ ਲਈ ਵਰਤਿਆ ਜਾ ਰਿਹਾ ਹੈ ? ਮਜੀਠੀਆ ਨੇ ਇਹ ਵੀ ਦਾਅਵਾ ਕੀਤਾ ਕਿ ਇਹ ਕੰਮ ਦਿੱਲੀ ਨਾਲ ਸੰਬੰਧਿਤ ਕੁਝ ਪਸੰਦੀਦਾ ਕੰਪਨੀਆਂ ਨੂੰ ਸੌਂਪਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਕੋਈ ਸਿਆਸੀ ਮੰਚ ਨਹੀਂ, ਸਗੋਂ ਉਹ ਤਖ਼ਤ ਹੈ ਜਿੱਥੋਂ ਹਮੇਸ਼ਾ ਜ਼ੁਲਮ ਖ਼ਿਲਾਫ਼ ਆਵਾਜ਼ ਉੱਠੀ ਅਤੇ ਸਿੱਖ ਕੌਮ ਨੂੰ ਦਿਸ਼ਾ-ਨਿਰਦੇਸ਼ ਮਿਲੇ। ਉਨ੍ਹਾਂ ਦਾਅਵਾ ਕੀਤਾ ਕਿ ਇਤਿਹਾਸ ਗਵਾਹ ਹੈ ਕਿ ਕਈ ਸਰਕਾਰਾਂ ਅਤੇ ਸ਼ਾਸਕ ਆਏ ਤੇ ਚਲੇ ਗਏ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅੱਜ ਵੀ ਅਟੁੱਟ ਹੈ।

ਮਜੀਠੀਆ ਨੇ ਭਗਵੰਤ ਮਾਨ ਸਰਕਾਰ, ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ 'ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਅਪਣਾਏ ਜਾ ਰਹੇ ਰਵੱਈਏ ਦੇ ਖ਼ਿਲਾਫ਼ ਸਿੱਖ ਸੰਗਤ ਨੂੰ ਇਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਕਤ ਕਿਸੇ ਸਰਕਾਰ ਵੱਲੋਂ ਨਹੀਂ ਬਣਾਈ ਗਈ, ਸਗੋਂ ਇਹ ਲੱਖਾਂ ਸ਼ਹੀਦਾਂ ਦੀਆਂ ਕੁਰਬਾਨੀਆਂ, ਕੌਮ ਦੀ ਸ਼ਰਧਾ ਅਤੇ ਗੁਰੂ ਘਰ ਪ੍ਰਤੀ ਅਟੁੱਟ ਵਿਸ਼ਵਾਸ ਦਾ ਨਤੀਜਾ ਹੈ।

Related Post