ਆਮਦਨ ਤੋਂ ਵੱਧ ਜਾਇਦਾਦ ਮਾਮਲਾ : ਬਿਕਰਮ ਸਿੰਘ ਮਜੀਠੀਆ ਵੱਲੋਂ ਰਿਮਾਂਡ ਆਰਡਰ ਖਿਲਾਫ਼ ਨਵੇਂ ਸਿਰ੍ਹੇ ਤੋਂ ਦਾਖਲ ਕੀਤੀ ਜਾਵੇਗੀ ਪਟੀਸ਼ਨ
Bikram Singh Majithia Case : ਦੱਸ ਦੇਈਏ ਕਿ 25 ਜੂਨ ਨੂੰ ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਸੀ ਅਤੇ ਪਹਿਲਾਂ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ 'ਤੇ ਛਾਪਾ ਮਾਰਿਆ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।
Bikram Singh Majithia Case : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਰਿਮਾਂਡ ਖਿਲਾਫ਼ ਦਾਖਲ ਪਟੀਸ਼ਨ ਨੂੰ ਅੱਜ ਵਾਪਸ ਲੈ ਲਿਆ ਗਿਆ ਹੈ। ਇਸ ਸਬੰਧੀ ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਜਾਣਕਾਰੀ ਦਿੱਤੀ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਿਮਾਂਡ ਖਤਮ ਹੋ ਗਿਆ ਹੈ ਅਤੇ ਹੁਣ ਇਸ ਮਾਮਲੇ ਵਿੱਚ ਚਲਾਨ ਵੀ ਦਾਇਰ ਕੀਤਾ ਗਿਆ ਹੈ। ਇਸ ਲਈ ਹੁਣ ਇਸ ਪਟੀਸ਼ਨ ਨੂੰ ਵਾਪਸ ਲੈਣ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਉਹ ਪੂਰੇ ਵੇਰਵਿਆਂ ਦੇ ਨਾਲ ਇੱਕ ਨਵੀਂ ਪਟੀਸ਼ਨ ਦਾਇਰ ਕਰ ਸਕਣ। ਹਾਈ ਕੋਰਟ ਨੇ ਮਜੀਠੀਆ ਦੇ ਵਕੀਲ ਨੂੰ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਦੇ ਕੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।
ਦੱਸ ਦੇਈਏ ਕਿ 25 ਜੂਨ ਨੂੰ ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਸੀ ਅਤੇ ਪਹਿਲਾਂ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ 'ਤੇ ਛਾਪਾ ਮਾਰਿਆ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। 26 ਜੂਨ ਨੂੰ ਮਜੀਠੀਆ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਉਨ੍ਹਾਂ ਦਾ ਰਿਮਾਂਡ ਲਿਆ ਗਿਆ ਸੀ।
ਮਜੀਠੀਆ ਨੇ ਇਸ ਰਿਮਾਂਡ ਵਿਰੁੱਧ ਫਿਰ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਅੱਜ ਪਟੀਸ਼ਨ ਵਾਪਸ ਲੈ ਲਈ ਗਈ ਹੈ। ਜਲਦੀ ਹੀ ਪੂਰੇ ਵੇਰਵਿਆਂ ਦੇ ਨਾਲ ਇੱਕ ਨਵੀਂ ਪਟੀਸ਼ਨ ਦਾਇਰ ਕੀਤੀ ਜਾਵੇਗੀ, ਜਿਸ ਵਿੱਚ ਰਿਮਾਂਡ ਆਰਡਰ ਨੂੰ ਚੁਣੌਤੀ ਦਿੱਤੀ ਜਾਵੇਗੀ ਅਤੇ ਜ਼ਮਾਨਤ ਵੀ ਮੰਗੀ ਜਾਵੇਗੀ।