ਭਾਜਪਾ-ਅਕਾਲੀ ਦਲ ਗਠਜੋੜ ਪੰਜਾਬ ਦੇ ਲੋਕਾਂ ਅਤੇ ਵਰਕਰਾਂ ਦੀਆਂ ਭਾਵਨਾਵਾਂ ਦੀ ਜਿੱਤ: ਰਵਨੀਤ ਸਿੰਘ ਬਿੱਟੂ
ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਇਹ ਫੈਸਲਾ ਪੰਜਾਬ ਦੇ ਲੋਕਾਂ, ਵੋਟਰਾਂ ਅਤੇ ਦੋਵਾਂ ਪਾਰਟੀਆਂ ਦੇ ਜ਼ਮੀਨੀ ਵਰਕਰਾਂ ਦੀਆਂ ਭਾਵਨਾਵਾਂ ਦੇ ਅਨੁਸਾਰ ਲਿਆ ਗਿਆ ਹੈ।
BJP Akali Dal alliance : ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ ਦਰਮਿਆਨ ਹੋਏ ਇਤਿਹਾਸਕ ਗਠਜੋੜ ਦਾ ਸਵਾਗਤ ਕਰਦਿਆਂ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਇਹ ਫੈਸਲਾ ਪੰਜਾਬ ਦੇ ਲੋਕਾਂ, ਵੋਟਰਾਂ ਅਤੇ ਦੋਵਾਂ ਪਾਰਟੀਆਂ ਦੇ ਜ਼ਮੀਨੀ ਵਰਕਰਾਂ ਦੀਆਂ ਭਾਵਨਾਵਾਂ ਦੇ ਅਨੁਸਾਰ ਲਿਆ ਗਿਆ ਹੈ।
ਬਿੱਟੂ ਨੇ ਦੱਸਿਆ ਕਿ ਭਾਵੇਂ ਭਾਜਪਾ ਪਹਿਲਾਂ ਇਕੱਲਿਆਂ ਚੋਣ ਲੜਨ ਦੀ ਤਿਆਰੀ ਕਰ ਰਹੀ ਸੀ, ਪਰ ਪਿਛਲੇ ਤਿੰਨ ਮਹੀਨਿਆਂ ਤੋਂ ਜ਼ਮੀਨੀ ਪੱਧਰ 'ਤੇ ਕੀਤੇ ਗਏ ਸਰਵੇਖਣਾਂ ਅਤੇ ਯਾਤਰਾਵਾਂ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਪੰਜਾਬ ਦੇ ਲੋਕ ਅਤੇ ਵਰਕਰ ਸੂਬੇ ਵਿੱਚ ਸਥਿਰਤਾ ਅਤੇ ਵਿਕਾਸ ਲਈ "ਡਬਲ ਇੰਜਣ" ਸਰਕਾਰ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਦੀ ਇਸ ਆਵਾਜ਼ ਨੂੰ ਸੁਣਦਿਆਂ ਗੁਰਪੁਰਬ ਦੇ ਪਵਿੱਤਰ ਦਿਹਾੜੇ 'ਤੇ ਸਭ ਤੋਂ ਪੁਰਾਣੇ ਗਠਜੋੜ ਨੂੰ ਮੁੜ ਸੁਰਜੀਤ ਕਰਨ ਦਾ ਫੈਸਲਾ ਲਿਆ ਹੈ।
ਪੰਜਾਬ ਦੇ ਹਿੱਤ ਸਭ ਤੋਂ ਉੱਪਰ
ਮੁੱਖ ਮੰਤਰੀ ਦੇ ਚਿਹਰੇ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਬਿੱਟੂ ਨੇ ਸਪੱਸ਼ਟ ਕੀਤਾ ਕਿ ਇਸ ਵੇਲੇ ਅਹੁਦਿਆਂ ਦੀ ਕੋਈ ਲੜਾਈ ਨਹੀਂ ਹੈ, ਸਗੋਂ ਸਭ ਤੋਂ ਵੱਡਾ ਮੁੱਦਾ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਹੈ।
ਕਿਸਾਨੀ ਅਤੇ ਐਮ.ਐਸ.ਪੀ. (MSP) ਦੀ ਗਾਰੰਟੀ
ਕਿਸਾਨਾਂ ਦੇ ਮੁੱਦਿਆਂ 'ਤੇ ਬੋਲਦਿਆਂ ਉਨ੍ਹਾਂ ਭਰੋਸਾ ਦਿਵਾਇਆ ਕਿ ਗਠਜੋੜ ਸਰਕਾਰ ਬਣਨ 'ਤੇ ਕੇਂਦਰ ਤੋਂ ਫੰਡ ਲਿਆ ਕੇ ਝੋਨੇ ਅਤੇ ਕਣਕ ਤੋਂ ਇਲਾਵਾ ਬਾਕੀ ਸਾਰੀਆਂ 23 ਫਸਲਾਂ 'ਤੇ ਵੀ ਐਮ.ਐਸ.ਪੀ. (MSP) ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਰਹਿਣਗੀਆਂ।
ਬੰਦੀ ਸਿੰਘਾਂ ਦੀ ਰਿਹਾਈ
ਬੰਦੀ ਸਿੰਘਾਂ ਦੇ ਮਾਮਲੇ 'ਤੇ ਬਿੱਟੂ ਨੇ ਕਿਹਾ ਕਿ ਉਹ ਪਰਿਵਾਰਕ ਤੌਰ 'ਤੇ ਪਹਿਲਾਂ ਹੀ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਮਿਲ ਕੇ ਆਪਣਾ ਪੱਖ ਸਪੱਸ਼ਟ ਕਰ ਚੁੱਕੇ ਹਨ ਕਿ ਕਾਨੂੰਨ ਦੇ ਦਾਇਰੇ ਵਿੱਚ ਰਹਿੰਦਿਆਂ ਪਰਿਵਾਰਾਂ ਦੀਆਂ ਭਾਵਨਾਵਾਂ ਅਨੁਸਾਰ ਉਨ੍ਹਾਂ ਨੂੰ ਬਣਦੀ ਰਾਹਤ ਮਿਲਣੀ ਚਾਹੀਦੀ ਹੈ ਅਤੇ ਇਸ ਵਿੱਚ ਉਨ੍ਹਾਂ ਵੱਲੋਂ ਕੋਈ ਅੜਿੱਕਾ ਨਹੀਂ ਹੈ।
ਅੰਤ ਵਿੱਚ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਇਸ ਗਠਜੋੜ ਦੇ ਹੱਕ ਵਿੱਚ ਇੱਕਜੁੱਟ ਹੈ ਅਤੇ ਇਹ ਗਠਜੋੜ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ 'ਤੇ ਲੈ ਕੇ ਜਾਵੇਗਾ।