Harcharan Bhullar Case : ਅਦਾਲਤ ਨੇ ਸਾਬਕਾ ਡੀਆਈਜੀ ਭੁੱਲਰ ਨੂੰ 20 ਨਵੰਬਰ ਤੱਕ ਨਿਆਂਇਕ ਹਿਰਾਸਤ ਚ ਭੇਜਿਆ, ਪੜ੍ਹੋ ਅੱਗੇ ਕੀ

Harcharan Bhullar Case : ਸਾਬਕਾ ਡੀਆਈਜੀ ਦੇ ਵਕੀਲ ਐਚਐਸ ਧਨੋਆ ਨੇ ਬੇਨਤੀ ਕੀਤੀ ਕਿ ਭੁੱਲਰ ਨੂੰ ਜੇਲ੍ਹ ਦੇ ਅੰਦਰ ਡਾਕਟਰੀ ਦੇਖਭਾਲ ਮੁਹੱਈਆ ਕਰਵਾਈ ਜਾਵੇ, ਜਿਸ 'ਤੇ ਜੱਜ ਨੇ ਅਰਜ਼ੀ ਜੇਲ੍ਹ ਵਿੱਚ ਹੀ ਜਮ੍ਹਾਂ ਕਰਵਾਉਣ ਦਾ ਹੁਕਮ ਦਿੱਤਾ।

By  KRISHAN KUMAR SHARMA November 11th 2025 04:40 PM -- Updated: November 11th 2025 04:49 PM

Former DIG Harcharan Bhullar Bribe Case : ਪੰਜਾਬ ਪੁਲਿਸ (Punjab Police) ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਮੰਗਲਵਾਰ (11 ਨਵੰਬਰ) ਨੂੰ ਪੰਜ ਦਿਨਾਂ ਦੀ ਸੀਬੀਆਈ ਰਿਮਾਂਡ ਖਤਮ ਹੋਣ ਤੋਂ ਬਾਅਦ ਚੰਡੀਗੜ੍ਹ ਦੀ ਸੀਬੀਆਈ ਵਿਸ਼ੇਸ਼ ਅਦਾਲਤ (CBI Court Chandigarh) ਵਿੱਚ ਪੇਸ਼ ਕੀਤਾ ਗਿਆ। ਉੱਥੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਹੁਣ ਇਸ ਮਾਮਲੇ ਦੀ ਸੁਣਵਾਈ 20 ਨਵੰਬਰ ਨੂੰ ਹੋਵੇਗੀ। ਡੀਆਈਜੀ ਇਸ ਦਿਨ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣਗੇ।

ਸੁਣਵਾਈ ਦੌਰਾਨ ਸੀਬੀਆਈ ਦੇ ਵਕੀਲ ਨੇ ਅਦਾਲਤ ਵਿੱਚ ਦੱਸਿਆ ਕਿ ਸਾਬਕਾ ਡੀਆਈਜੀ ਭੁੱਲਰ ਪੁੱਛਗਿੱਛ ਦੌਰਾਨ ਸਹਿਯੋਗ ਨਹੀਂ ਕਰ ਰਹੇ ਸਨ ਅਤੇ ਸੀਬੀਆਈ ਦੇ ਸਵਾਲਾਂ ਦੇ ਸਹੀ ਜਵਾਬ ਨਹੀਂ ਦੇ ਰਹੇ ਸਨ। ਇਸ ਦੌਰਾਨ, ਡੀਆਈਜੀ ਦੇ ਵਕੀਲ ਐਚਐਸ ਧਨੋਆ ਨੇ ਬੇਨਤੀ ਕੀਤੀ ਕਿ ਭੁੱਲਰ ਨੂੰ ਜੇਲ੍ਹ ਦੇ ਅੰਦਰ ਡਾਕਟਰੀ ਦੇਖਭਾਲ ਮੁਹੱਈਆ ਕਰਵਾਈ ਜਾਵੇ, ਜਿਸ 'ਤੇ ਜੱਜ ਨੇ ਅਰਜ਼ੀ ਜੇਲ੍ਹ ਵਿੱਚ ਹੀ ਜਮ੍ਹਾਂ ਕਰਵਾਉਣ ਦਾ ਹੁਕਮ ਦਿੱਤਾ।

ਇਸ ਦੌਰਾਨ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀ ਕੇਸ ਦਰਜ ਕਰ ਲਿਆ ਹੈ। ਈਡੀ ਦੀ ਟੀਮ ਸੀਬੀਆਈ ਦਫ਼ਤਰ ਪਹੁੰਚ ਗਈ ਹੈ, ਜਿੱਥੇ ਈਡੀ ਬੇਨਾਮੀ ਜਾਇਦਾਦਾਂ ਹਾਸਲ ਕਰਨ ਦੇ ਦੋਸ਼ੀ ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਦਾ ਰਿਕਾਰਡ ਲਵੇਗੀ। ਜਾਂਚ ਵਿੱਚ ਹੁਣ ਤੱਕ ਪੰਜਾਬ ਦੇ ਲਗਭਗ 50 ਅਧਿਕਾਰੀਆਂ ਦੇ ਨਾਮ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਇਸ ਸਮੇਂ ਫੀਲਡ ਵਿੱਚ ਤਾਇਨਾਤ ਹਨ।

ਸੀਬੀਆਈ ਸੂਤਰਾਂ ਅਨੁਸਾਰ, ਗ੍ਰਿਫ਼ਤਾਰ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਦੇ ਮੋਬਾਈਲ ਫੋਨਾਂ ਅਤੇ ਇਲੈਕਟ੍ਰਾਨਿਕ ਡਿਵਾਈਸਾਂ ਤੋਂ ਭ੍ਰਿਸ਼ਟਾਚਾਰ ਦੇ ਕਈ ਸਬੂਤ ਮਿਲੇ ਹਨ। ਏਜੰਸੀ ਦਾ ਦਾਅਵਾ ਹੈ ਕਿ ਕ੍ਰਿਸ਼ਨੂ ਨੇ ਇਨ੍ਹਾਂ ਅਧਿਕਾਰੀਆਂ ਦੀ ਵਰਤੋਂ ਤਬਾਦਲਿਆਂ ਅਤੇ ਤਾਇਨਾਤੀਆਂ ਦੀ ਸਹੂਲਤ, ਐਫਆਈਆਰ ਰੱਦ ਕਰਨ ਅਤੇ ਮਾਮਲਿਆਂ ਨੂੰ ਪ੍ਰਭਾਵਿਤ ਕਰਨ ਲਈ ਕੀਤੀ। ਹੁਣ, ਈਡੀ ਵੱਲੋਂ ਰਿਕਾਰਡ ਹਾਸਲ ਕਰਨ ਤੋਂ ਬਾਅਦ, ਕਈ ਅਧਿਕਾਰੀਆਂ ਦੇ ਨਾਮ ਜਨਤਕ ਹੋ ਸਕਦੇ ਹਨ।

ਸੀਬੀਆਈ ਦੀ ਜਾਂਚ ਦੇ ਘੇਰੇ 'ਚ ਆ ਸਕਦੇ ਹਨ ਕਈ ਅਫ਼ਸਰ

ਸੀਬੀਆਈ ਨੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦਾ ਪੰਜ ਦਿਨਾਂ ਦਾ ਰਿਮਾਂਡ ਲਿਆ। ਪੁੱਛਗਿੱਛ ਦੌਰਾਨ ਭੁੱਲਰ ਨੇ ਖੁਲਾਸਾ ਕੀਤਾ ਕਿ ਪੰਜਾਬ ਦੇ ਕਈ ਅਧਿਕਾਰੀ ਪਟਿਆਲਾ ਸਥਿਤ ਪ੍ਰਾਪਰਟੀ ਡੀਲਰ ਭੁਪਿੰਦਰ ਸਿੰਘ ਰਾਹੀਂ ਜਾਇਦਾਦ ਵਿੱਚ ਨਿਵੇਸ਼ ਕਰਦੇ ਹਨ। ਇਸ ਜਾਂਚ ਦੌਰਾਨ ਸੀਬੀਆਈ ਨੇ 14 ਅਧਿਕਾਰੀਆਂ ਦੇ ਨਾਮ ਪ੍ਰਾਪਤ ਕੀਤੇ, ਜਿਨ੍ਹਾਂ ਵਿੱਚ 10 ਆਈਪੀਐਸ ਅਤੇ ਚਾਰ ਆਈਏਐਸ ਅਧਿਕਾਰੀ ਸ਼ਾਮਲ ਹਨ।

ਸੀਬੀਆਈ ਜਾਂਚ ਵਿੱਚ ਖੁਲਾਸਾ ਹੋਇਆ ਕਿ ਜਿਨ੍ਹਾਂ 10 ਆਈਪੀਐਸ ਅਧਿਕਾਰੀਆਂ ਦੇ ਨਾਮ ਸਾਹਮਣੇ ਆਏ ਹਨ, ਉਨ੍ਹਾਂ ਵਿੱਚੋਂ ਅੱਠ ਅਜੇ ਵੀ ਸੂਬੇ ਵਿੱਚ ਮਹੱਤਵਪੂਰਨ ਅਹੁਦਿਆਂ 'ਤੇ ਤਾਇਨਾਤ ਹਨ, ਜਦੋਂ ਕਿ ਦੋ ਪੰਜਾਬ ਪੁਲਿਸ ਅਕੈਡਮੀ ਵਿੱਚ ਕੰਮ ਕਰ ਰਹੇ ਹਨ। ਚਾਰ ਆਈਏਐਸ ਅਧਿਕਾਰੀਆਂ ਦੇ ਮੰਡੀ ਗੋਬਿੰਦਗੜ੍ਹ ਨਾਲ ਸਬੰਧ ਪਾਏ ਗਏ।

ਦੱਸ ਦਈਏ ਕਿ ਬੀਤੇ ਸੋਮਵਾਰ ਨੂੰ ਵਿਚੋਲੇ ਕ੍ਰਿਸ਼ਨਾ ਸ਼ਾਰਦਾ ਨੂੰ ਚਾਰ ਦਿਨਾਂ ਦੇ ਪੁਲਿਸ ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸਨੂੰ 20 ਨਵੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।

Related Post