PU ਦੇ ਮੁੱਦੇ ਤੇ ਝੁਕੀ ਕੇਂਦਰ ਸਰਕਾਰ , PU ਦੀ ਸੈਨੇਟ ਨਹੀਂ ਹੋਵੇਗੀ ਭੰਗ, ਕੇਂਦਰ ਸਰਕਾਰ ਨੇ PU ਸੀਨੇਟ ਭੰਗ ਕਰਨ ਦਾ ਨੋਟੀਫਿਕੇਸ਼ਨ ਕੀਤਾ ਰੱਦ

PU Senate Syndicate issue : ਪੰਜਾਬ ਯੂਨੀਵਰਸਿਟੀ ਦੇ ਮੁੱਦੇ 'ਤੇ ਹੁਣ ਕੇਂਦਰ ਸਰਕਾਰ ਨੇ ਯੂਟਰਨ ਲਿਆ ਹੈ। ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦੇ ਆਪਣੇ ਫੈਸਲੇ ਨੂੰ ਵਾਪਸ ਲੈਂਦਿਆਂ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ਨੋਟੀਫਿਕੇਸ਼ਨ ਖਿਲਾਫ਼ ਵਿਦਿਆਰਥੀਆਂ ,ਕਿਸਾਨ ਜਥੇਬੰਦੀਆਂ ,ਸ਼੍ਰੋਮਣੀ ਅਕਾਲੀ ਦਲ ਅਤੇ SGPC ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ,ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ

By  Shanker Badra November 7th 2025 09:19 PM -- Updated: November 7th 2025 09:38 PM

PU Senate Syndicate issue : ਪੰਜਾਬ ਯੂਨੀਵਰਸਿਟੀ ਦੇ ਮੁੱਦੇ 'ਤੇ ਹੁਣ ਕੇਂਦਰ ਸਰਕਾਰ ਨੇ ਯੂਟਰਨ ਲਿਆ ਹੈ। ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦੇ ਆਪਣੇ ਫੈਸਲੇ ਨੂੰ ਵਾਪਸ ਲੈਂਦਿਆਂ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ਨੋਟੀਫਿਕੇਸ਼ਨ ਖਿਲਾਫ਼ ਵਿਦਿਆਰਥੀਆਂ ,ਕਿਸਾਨ ਜਥੇਬੰਦੀਆਂ ,ਸ਼੍ਰੋਮਣੀ ਅਕਾਲੀ ਦਲ ਅਤੇ SGPC ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ,ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।

ਪੰਜਾਬ ਯੂਨੀਵਰਸਿਟੀ ਦੇ ਮੁੱਦੇ 'ਤੇ ਕੇਂਦਰ ਸਰਕਾਰ ਵੱਲੋਂ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਕਿਹਾ ਗਿਆ ਹੈ ਕਿ ਸਿੰਡੀਕੇਟ ਤੇ ਸੈਨੇਟ ਬਰਕਰਾਰ ਰਹਿਣਗੇ ,ਇਹ ਭੰਗ ਨਹੀਂ ਹੋਣਗੇ। ਕੇਂਦਰੀ ਸਿੱਖਿਆ ਮੰਤਰਾਲੇ ਨੇ ਵਿਦਿਆਰਥੀਆਂ ਦੀਆਂ ਮੰਗਾਂ ਮੰਨ ਲਈਆਂ ਹਨ। ਕਈ ਦਿਨਾਂ ਤੋਂ ਸਰਕਾਰ ਦੇ ਇਸ ਫੈਸਲੇ ਦਾ ਵਿਦਿਆਰਥੀ ਯੂਨੀਅਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ। ਹੁਣ ਸਿੱਖਿਆ ਮੰਤਰਾਲੇ ਦੁਆਰਾ ਇਹ ਫੈਸਲਾ ਕੀਤਾ ਗਿਆ ਹੈ ਕਿ ਸੈਨੇਟ ਅਤੇ ਸਿੰਡੀਕੇਟ ਦੇ ਸੰਵਿਧਾਨ ਅਤੇ ਬਣਤਰ ਨੂੰ ਬਦਲਣ ਵਾਲਾ ਉਪਰੋਕਤ ਹੁਕਮ ਰੱਦ ਕਰ ਦਿੱਤਾ ਜਾਵੇਗਾ। ਆਖਿਰਕਾਰ ਸਰਕਾਰ ਨੂੰ ਜਨਤਾ ਦੇ ਅੱਗੇ ਝੁਕਣਾ ਹੀ ਪਿਆ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਪਹਿਲਾਂ ਨੋਟੀਫਿਕੇਸ਼ਨ ਨੰਬਰ 4867(E) ਨੂੰ ਰੱਦ ਕਰ ਦਿੱਤਾ ਸੀ ਅਤੇ ਤੁਰੰਤ ਇੱਕ ਨਵਾਂ ਨੋਟੀਫਿਕੇਸ਼ਨ ਨੰਬਰ 4868(E) ਜਾਰੀ ਕਰ ਦਿੱਤਾ ਸੀ। ਇਸ ਨਵੇਂ ਨੋਟੀਫਿਕੇਸ਼ਨ ਵਿੱਚ ਸਿਰਫ਼ ਇਨਾਂ ਬਦਲਾਅ ਕੀਤਾ ਗਿਆ ਸੀ ਕਿ ਨਵੇਂ ਸੈਨੇਟ ਢਾਂਚੇ ਨੂੰ ਲਾਗੂ ਕਰਨਾ, ਜੋ ਕਿ ਅਸਲ ਵਿੱਚ ਤੁਰੰਤ ਲਾਗੂ ਹੋਣ ਵਾਲਾ ਸੀ, ਹੁਣ ਕੇਂਦਰ ਸਰਕਾਰ ਦੇ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ।

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਸੀ ਬਿਆਨ

ਇਸ ਤੋਂ ਪਹਿਲਾਂ ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇੱਕ ਬਿਆਨ ਦਿੱਤਾ ਸੀ ਕਿ ਪੰਜਾਬ ਯੂਨੀਵਰਸਿਟੀ (ਪੀਯੂ) ਸੈਨੇਟ-ਸਿੰਡੀਕੇਟ ਦਾ ਪੂਰਾ ਸਿਸਟਮ ਪਹਿਲਾਂ ਵਾਂਗ ਕੰਮ ਕਰੇਗਾ। ਇਸ 'ਤੇ ਕੇਂਦਰ ਸਰਕਾਰ ਵੱਲੋਂ ਜਲਦੀ ਹੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।  ਆਪਣੇ ਫੇਸਬੁੱਕ ਅਕਾਊਂਟ 'ਤੇ ਪੋਸਟ ਕੀਤੇ ਲਗਭਗ ਤਿੰਨ ਮਿੰਟ ਦੇ ਵੀਡੀਓ ਵਿੱਚ ਰਵਨੀਤ ਸਿੰਘ ਬਿੱਟੂ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਕਦੇ ਵੀ ਅਜਿਹਾ ਨਹੀਂ ਚਾਹੁੰਦੇ ਕਿ ਪੰਜਾਬ ਨਾਲ ਕਿਸੇ ਵੀ ਤਰ੍ਹਾਂ ਦੀ ਜ਼ਬਰਦਸਤੀ ਹੋਵੇ।

 ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ’ਚ ਪਹੁੰਚੇ MP ਹਰਸਿਮਰਤ ਕੌਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਨੇਤਾ ਤੇ ਬਠਿੰਡਾ ਦੀ ਸਾਂਸਦ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਪਾਰਟੀ ਪੀ.ਯੂ. ਵਿੱਚ ਲੋਕਤੰਤਰ ਨੂੰ ਖਤਮ ਕਰਕੇ ਇਸਨੂੰ ਸਿੱਧੇ ਤੌਰ ‘ਤੇ ਕੇਂਦਰ ਦੇ ਨਿਯੰਤਰਣ ਹੇਠ ਲਿਆਉਣ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਦੇ ਖਿਲਾਫ 10 ਨਵੰਬਰ ਨੂੰ ਹੋਣ ਵਾਲੇ ਸਾਂਝੇ ਰੋਸ ਪ੍ਰਦਰਸ਼ਨ ਦਾ ਪੂਰੇ ਦਿਲੋਂ ਸਮਰਥਨ ਕਰੇਗੀ।

ਪੰਜਾਬ ਯੂਨੀਵਰਸਿਟੀ ਦੇ ਬੁਨਿਆਦੀ ਢਾਂਚੇ ਵਿੱਚ ਤਬਦੀਲੀ ਦੀ ਮੰਗ ਕਰਦੀ ਕੇਂਦਰੀ ਅਧਿਸੂਚਨਾ ਦੇ ਵਿਰੋਧ ‘ਚ ਕੈਂਪਸ ‘ਚ ਧਰਨਾ ਦੇ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਬੀਬੀ ਬਾਦਲ ਨੇ ਕਿਹਾ, “ਇਹ ਅਧਿਸੂਚਨਾ, ਜਿਸਨੂੰ ਹਰ ਪਾਸੇ ਤੋਂ ਵਿਰੋਧ ਹੋਣ ਕਾਰਨ ਅਸਥਾਈ ਤੌਰ ‘ਤੇ ਰੋਕਿਆ ਗਿਆ ਹੈ, ਸਿਰਫ਼ ਯੂਨੀਵਰਸਿਟੀ ਦੇ ਕੰਮਕਾਜ ਵਿਚ ਲੋਕਤੰਤਰ ਖਤਮ ਕਰਨ ਦੀ ਕੋਸ਼ਿਸ਼ ਨਹੀਂ ਹੈ, ਸਗੋਂ ਇਹ ਸੰਸਥਾ ‘ਤੇ ਪੰਜਾਬ ਦੇ ਅਧਿਕਾਰ ਨੂੰ ਹਮੇਸ਼ਾਂ ਲਈ ਕਮਜ਼ੋਰ ਕਰਨ ਦਾ ਪ੍ਰਯਾਸ ਹੈ। ਬੀਬੀ ਬਾਦਲ ਨੇ ਵਿਦਿਆਰਥੀਆਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਕਿਸੇ ਵੀ ਕੀਮਤ ‘ਤੇ ਇਸ ਸਾਜ਼ਿਸ਼ ਨੂੰ ਸਫਲ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ “ਅਸੀਂ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਾਂਗੇ ਤਾਂ ਜੋ ਇਹ ਅਧਿਸੂਚਨਾ ਪੂਰੀ ਤਰ੍ਹਾਂ ਵਾਪਸ ਲਈ ਜਾਵੇ।”


Related Post