PTC News
Search
🔍 Search

ਮੁੱਖ ਮੰਤਰੀ ਦੇ OSD ਰਾਜਬੀਰ ਘੁੰਮਣ 2 ਵਜੇ CBI ਅੱਗੇ ਹੋਏ ਪੇਸ਼, ਅੱਜ ਦੂਜੀ ਵਾਰ ਹੋਵੇਗੀ ਪੁੱਛਗਿੱਛ

ਇਸ ਤੋਂ ਪਹਿਲਾਂ 16 ਅਕਤੂਬਰ ਨੂੰ ਹੋਈ ਸੀ ਪੇਸ਼ੀ

By  Jaswinder Kaur October 19th 2026 03:43 PM

OSD Rajbir Ghuman to appear before CBI :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. (OSD) ਰਾਜਬੀਰ ਘੁੰਮਣ ਅੱਜ ਚੰਡੀਗੜ੍ਹ ਵਿੱਚ ਸੀ.ਬੀ.ਆਈ. ਦਫ਼ਤਰ ਪਹੁੰਚੇ ਹਨ। ਇਹ ਪੁੱਛਗਿੱਛ ਮੁੱਖ ਮੰਤਰੀ ਦਫ਼ਤਰ (CMO) ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਦੇ ਸਿਲਸਿਲੇ ਵਿੱਚ ਕੀਤੀ ਜਾ ਰਹੀ ਹੈ। ਘੁੰਮਣ ਇਸ ਤੋਂ ਪਹਿਲਾਂ ਸ਼ੁੱਕਰਵਾਰ (16 ਅਕਤੂਬਰ) ਨੂੰ ਸੀ.ਬੀ.ਆਈ. ਦੇ ਸਾਹਮਣੇ ਪੇਸ਼ ਹੋਏ ਸਨ, ਜਦੋਂ ਉਨ੍ਹਾਂ ਤੋਂ 6 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਸੀ। ਹੁਣ ਜਾਂਚ ਏਜੰਸੀ ਉਨ੍ਹਾਂ ਤੋਂ ਦੂਜੀ ਵਾਰ ਪੁੱਛਗਿੱਛ ਕਰਨ ਜਾ ਰਹੀ ਹੈ।

ਪਿਛਲੀ ਵਾਰ ਪੇਸ਼ ਹੋਣ ਤੋਂ ਬਾਅਦ ਰਾਜਬੀਰ ਘੁੰਮਣ ਨੇ ਦੱਸਿਆ ਸੀ ਕਿ ਸੀ.ਬੀ.ਆਈ. ਨੇ ਉਨ੍ਹਾਂ ਤੋਂ ਲਗਭਗ 40 ਸਵਾਲ ਪੁੱਛੇ ਸਨ, ਜਿਨ੍ਹਾਂ ਦੇ ਉਨ੍ਹਾਂ ਨੇ ਵਿਸਥਾਰਪੂਰਵਕ ਜਵਾਬ ਦਿੱਤੇ। ਉਨ੍ਹਾਂ ਕਿਹਾ ਕਿ ਜਾਂਚ ਪ੍ਰਕਿਰਿਆ ਸਹੀ ਢੰਗ ਨਾਲ ਚਲਾਈ ਗਈ ਅਤੇ ਪੁੱਛਗਿੱਛ ਦੌਰਾਨ ਮਾਹੌਲ ਸੁਖਾਵਾਂ ਰਿਹਾ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਉਂਕਿ ਸੀ.ਬੀ.ਆਈ. ਆਪਣੀਆਂ ਖਾਸ ਜਾਂਚ ਪ੍ਰਕਿਰਿਆਵਾਂ ਦੀ ਪਾਲਣਾ ਕਰਦੀ ਹੈ, ਇਸ ਲਈ ਉਨ੍ਹਾਂ ਦੇ ਵਕੀਲਾਂ ਨੂੰ ਅੰਦਰ ਮੌਜੂਦ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਅੱਜ ਨਿਰਧਾਰਿਤ ਸਮੇਂ ਅਨੁਸਾਰ ਦੁਪਹਿਰ 2 ਵਜੇ ਕੇਂਦਰੀ ਜਾਂਚ ਬਿਊਰੋ ਸੀਬੀਆਈ ਅੱਗੇ ਪੁੱਛਗਿੱਛ ਲਈ ਪੇਸ਼ ਹੋਏ। 

ਇਹ ਵੀ ਪੜ੍ਹੋ : 

ਮੁੜ ਵਿਵਾਦ 'ਚ ਘਿਰੇ ਵਿਧਾਇਕ ਦੇਵ ਮਾਨ, AAP ਵਿਧਾਇਕ ਵੱਲੋਂ ਨੌਜਵਾਨ ਨਾਲ ਕੁੱਟਮਾਰ ਦੀ ਵੀਡੀਓ ਵਾਇਰਲ

ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਸੀਬੀਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕਿਆ ਹੋਇਆ ਹੈ। ਹਾਲਾਂਕਿ, ਸੁਪਰੀਮ ਕੋਰਟ ਨੇ ਮਾਮਲੇ ਦੀ ਚੱਲ ਰਹੀ ਜਾਂਚ ਅਤੇ ਦਰਜ ਐੱਫ ਆਈ ਆਰ 'ਤੇ ਰੋਕ ਲਗਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ ਅਤੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਸਨ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐੱਸ ਐੱਲ ਪੀ) ਦਾਇਰ ਕਰ ਦਿੱਤੀ ਸੀ।

ਦੱਸਣਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀਬੀਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲੀਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ।ਸੀਬੀਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐੱਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।


Related Post