ਬੱਚਿਆਂ ਨੂੰ Internet ਤੋਂ ਪੂਰੀ ਤਰ੍ਹਾਂ ਦੂਰ ਨਹੀਂ ਰੱਖ ਸਕਦੇ : ਸੁਪਰੀਮ ਕੋਰਟ
ਸੁਰੱਖਿਆ ਲਈ ਸੋਸ਼ਲ ਮੀਡੀਆ 'ਤੇ 'ਚਾਈਲਡ ਮੋਡ' ਲਾਗੂ ਕਰਨ ਦੀ ਸਲਾਹ
Jaswinder Kaur
October 17th 2026 04:45 PM --
Updated:
October 17th 2026 04:46 PM
Children Internet Safety : ਸੁਪਰੀਮ ਕੋਰਟ ਨੇ ਐਲਾਨ ਕੀਤਾ ਕਿ ਇੰਟਰਨੈੱਟ ਤੱਕ ਪਹੁੰਚ ਅਤੇ ਇਸ ਦੀ ਵਰਤੋਂ ਹਰੇਕ ਵਿਅਕਤੀ ਲਈ, ਜਿਸ ਵਿੱਚ ਬੱਚੇ ਵੀ ਸ਼ਾਮਲ ਹਨ, ਇੱਕ ਮੌਲਿਕ ਅਧਿਕਾਰ ਹੈ। ਅਦਾਲਤ ਨੇ ਸੰਵਿਧਾਨ ਦੀਆਂ ਧਾਰਾਵਾਂ 21 ਅਤੇ 19(1)(a) ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਆਜ਼ਾਦੀ ਆਪਸ ਵਿੱਚ ਵਿਰੋਧੀ ਨਹੀਂ ਹਨ। 'ਲਾਈਵ ਲਾਅ' ਦੀ ਇੱਕ ਰਿਪੋਰਟ ਅਨੁਸਾਰ ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਜਸਟਿਸ ਕੇ. ਵਿਨੋਦ ਚੰਦਰਨ 'ਤੇ ਆਧਾਰਿਤ ਬੈਂਚ ਨੇ ਸੁਝਾਅ ਦਿੱਤਾ ਕਿ ਬੱਚਿਆਂ ਨੂੰ ਇੰਟਰਨੈੱਟ ਦੀ ਵਰਤੋਂ ਕਰਨ ਤੋਂ ਪੂਰੀ ਤਰ੍ਹਾਂ ਰੋਕਣ ਦੀ ਬਜਾਏ, ਸੋਸ਼ਲ ਮੀਡੀਆ ਖਾਤਿਆਂ ਲਈ 'ਚਾਈਲਡ ਮੋਡ' ਵਰਗੇ ਉਪਾਵਾਂ ਰਾਹੀਂ ਉਨ੍ਹਾਂ ਦੀ ਆਨਲਾਈਨ ਸੁਰੱਖਿਆ ਨੂੰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ।
ਅਦਾਲਤ ਨੇ ਕਿਹਾ ਕਿ ਇੰਟਰਨੈੱਟ ਬੱਚਿਆਂ ਲਈ ਸਿੱਖਿਆ, ਜਾਣਕਾਰੀ ਅਤੇ ਆਪਣੇ ਵਿਚਾਰ ਪ੍ਰਗਟਾਉਣ ਦਾ ਅਹਿਮ ਸਾਧਨ ਹੈ। ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਰਹਿਣ ਵਾਲੇ ਕਈ ਬੱਚਿਆਂ ਲਈ ਇਹ ਸਿੱਖਣ ਅਤੇ ਜਾਣਕਾਰੀ ਹਾਸਲ ਕਰਨ ਦਾ ਮੁੱਖ ਸਰੋਤ ਹੈ। ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਵੀ ਇੰਟਰਨੈੱਟ ਦੂਜਿਆਂ ਨਾਲ ਜੁੜਨ ਅਤੇ ਆਪਣੇ ਵਰਗੇ ਲੋਕਾਂ ਨਾਲ ਸੰਪਰਕ ਬਣਾਉਣ ਦਾ ਸਾਧਨ ਹੋ ਸਕਦਾ ਹੈ।
ਬੈਂਚ ਨੇ ਕਿਹਾ ਕਿ ਸੋਸ਼ਲ ਮੀਡੀਆ ਕੰਪਨੀਆਂ ਦੀ ਨਾਕਾਮੀ ਲਈ ਬੱਚਿਆਂ ਨੂੰ ਸਜ਼ਾ ਨਹੀਂ ਦਿੱਤੀ ਜਾ ਸਕਦੀ। ਜੇ ਬੱਚਿਆਂ ’ਤੇ ਪੂਰੀ ਪਾਬੰਦੀ ਲਾਈ ਜਾਂਦੀ ਹੈ ਤਾਂ ਉਹ ਅਜਿਹੀਆਂ ਵੈੱਬਸਾਈਟਾਂ ਅਤੇ ਮੰਚਾਂ ਵੱਲ ਜਾ ਸਕਦੇ ਹਨ, ਜਿੱਥੇ ਉਨ੍ਹਾਂ ਦੀ ਸੁਰੱਖਿਆ ਲਈ ਪ੍ਰਬੰਧ ਹੋਰ ਵੀ ਕਮਜ਼ੋਰ ਹੋਣ। ਅਦਾਲਤ ਨੇ ਇਹ ਵੀ ਚਿੰਤਾ ਪ੍ਰਗਟਾਈ ਕਿ ਪਾਬੰਦੀ ਦੇ ਡਰ ਕਾਰਨ ਆਨਲਾਈਨ ਧਮਕੀਆਂ ਜਾਂ ਸ਼ੋਸ਼ਣ ਦਾ ਸਾਹਮਣਾ ਕਰ ਰਹੇ ਬੱਚੇ ਆਪਣੇ ਮਾਪਿਆਂ ਜਾਂ ਭਰੋਸੇਯੋਗ ਵਿਅਕਤੀਆਂ ਨੂੰ ਦੱਸਣ ਤੋਂ ਝਿਜਕ ਸਕਦੇ ਹਨ।
ਇਹ ਵੀ ਪੜ੍ਹੋ :