Article 370: ਸੀ.ਜੇ.ਆਈ ਚੰਦਰਚੂੜ ਦਾ ਬਿਆਨ, ਧਾਰਾ 370 ਨੂੰ ਰੱਦ ਕਰਨ ਖ਼ਿਲਾਫ਼ ਪਟੀਸ਼ਨਾਂ ਤੇ ਹੋਵੇਗੀ ਸੁਣਵਾਈ

ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਹਟਾਉਣ ਵਿਰੁੱਧ ਦਰਜ ਪਟੀਸ਼ਨਾਂ 'ਤੇ ਮੰਗਲਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਦੌਰਾਨ ਚੀਫ ਜਸਟਿਸ ਡੀ.ਵਾਈ ਚੰਦਰਚੂੜ ਨੇ ਕਿਹਾ ਕਿ ਉਹ 2 ਅਗਸਤ ਤੋਂ ਪਟੀਸ਼ਨਾਂ 'ਤੇ ਸੁਣਵਾਈ ਸ਼ੁਰੂ ਕਰਨਗੇ।

By  Shameela Khan July 11th 2023 12:42 PM -- Updated: July 11th 2023 02:55 PM

Article 370 abrogation: ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਮੰਗਲਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਸੀ.ਜੇ.ਆਈ ਚੰਦਰਚੂੜ ਨੇ ਕਿਹਾ ਕਿ ਉਹ 2 ਅਗਸਤ ਤੋਂ ਪਟੀਸ਼ਨਾਂ 'ਤੇ ਸੁਣਵਾਈ ਸ਼ੁਰੂ ਕਰਨਗੇ। ਉਨ੍ਹਾਂ ਦੱਸਿਆ ਕਿ ਸੋਮਵਾਰ ਅਤੇ ਸ਼ੁੱਕਰਵਾਰ ਨੂੰ ਛੱਡ ਕੇ ਰੋਜ਼ਾਨਾ ਸਵੇਰੇ 10.30 ਵਜੇ ਤੋਂ ਸੁਣਵਾਈ ਹੋਵੇਗੀ।

ਦੱਸ ਦੇਈਏ ਕਿ 5 ਅਗਸਤ 2019 ਨੂੰ ਕੇਂਦਰ ਸਰਕਾਰ ਨੇ ਇੱਕ ਕਾਨੂੰਨ ਲਿਆ ਕੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਖ਼ਤਮ ਕਰ ਦਿੱਤਾ ਸੀ, ਜਿਸ ਤੋਂ ਬਾਅਦ ਸੁਪਰੀਮ ਕੋਰਟ ਵਿੱਚ 10 ਤੋਂ ਵੱਧ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ।


ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਕੀਤਾ ਹਲਫ਼ਨਾਮਾ ਦਾਇਰ:

ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਵਿੱਚ ਸੁਣਵਾਈ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੋਮਵਾਰ ਨੂੰ ਇੱਕ ਹਲਫ਼ਨਾਮਾ ਦਾਇਰ ਕਰਕੇ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਹਟਾਏ ਜਾਣ ਤੋਂ ਬਾਅਦ ਆਈਆਂ ਤਬਦੀਲੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਧਾਰਾ 370 ਨੂੰ ਖ਼ਤਮ ਕਰਨ ਦੇ ਆਪਣੇ ਫ਼ੈਸਲੇ ਦਾ ਬਚਾਅ ਕੀਤਾ। ਕੇਂਦਰ ਸਰਕਾਰ ਨੇ ਆਪਣੇ ਜਵਾਬ 'ਚ ਕਿਹਾ ਹੈ ਕਿ ਜੰਮੂ-ਕਸ਼ਮੀਰ 'ਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਅੱਤਵਾਦੀ ਅਤੇ ਵੱਖਵਾਦੀ ਨੈੱਟਵਰਕ ਕਾਬੂ 'ਚ ਆ ਗਏ ਹਨ।

ਉਮਰ ਅਬਦੁੱਲਾ ਨੇ ਕਿਹਾ "ਸਾਡਾ ਪੱਖ ਮਜ਼ਬੂਤ ​​ਹੈ"

ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ, 'ਸਾਡਾ ਪੱਖ ਮਜ਼ਬੂਤ ​​ਹੈ। ਅਸੀਂ ਸੁਪਰੀਮ ਕੋਰਟ ਤੋਂ ਉਮੀਦ ਕਰਦੇ ਹਾਂ ਕਿ ਜਲਦੀ ਤੋਂ ਜਲਦੀ ਸੁਣਵਾਈ ਹੋਣੀ ਚਾਹੀਦੀ ਹੈ। 

ਪਟੀਸ਼ਨਾਂ ਵਿੱਚ ਕੀਤੀ ਗਈ ਹੈ ਇਹ ਮੰਗ: 

ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਦੇ ਫੈਸਲੇ ਖ਼ਿਲਾਫ ਸੁਪਰੀਮ ਕੋਰਟ 'ਚ 10 ਤੋਂ ਵੱਧ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ, ਜਿਨ੍ਹਾਂ 'ਚ ਧਾਰਾ 370 ਅਤੇ 35ਏ ਨੂੰ ਬਹਾਲ ਕਰਨ ਤੋਂ ਇਲਾਵਾ ਜੰਮੂ-ਕਸ਼ਮੀਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਉਣ ਦੇ ਫੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸਾਲ 2020 'ਚ 5 ਜੱਜਾਂ ਦੀ ਸੰਵਿਧਾਨਕ ਬੈਂਚ ਨੇ ਇਸ ਮਾਮਲੇ 'ਤੇ ਸੁਣਵਾਈ ਕੀਤੀ ਸੀ ਅਤੇ ਕਿਹਾ ਸੀ ਕਿ ਅਸੀਂ ਇਸ ਮਾਮਲੇ ਨੂੰ ਕਿਸੇ ਵੱਡੀ ਸੰਵਿਧਾਨਕ ਬੈਂਚ ਕੋਲ ਤਬਦੀਲ ਨਹੀਂ ਕਰ ਰਹੇ ਹਾਂ।

Related Post