Barnala Lathicharge Video : ਬਰਨਾਲਾ ਚ ਪੁਲਿਸ ਨੇ ਸਫਾਈ ਮੁਲਾਜ਼ਮਾਂ ਤੇ ਕੀਤਾ ਲਾਠੀਚਾਰਜ, ਔਰਤਾਂ ਨੂੰ ਵੀ ਨਹੀਂ ਬਖਸ਼ਿਆ, ਵੇਖੋ ਵੀਡੀਓ
Barnala Lathicharge : ਜਾਣਕਾਰੀ ਅਨੁਸਾਰ, ਐਸਡੀ ਕਾਲਜ ਦੇ ਸਾਹਮਣੇ ਸਥਿਤੀ ਉਦੋਂ ਤਣਾਅਪੂਰਨ ਹੋ ਗਈ, ਜਦੋਂ ਪੁਲਿਸ ਨੇ ਪ੍ਰਦਰਸ਼ਨਕਾਰੀ ਸਫਾਈ ਕਰਮਚਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਦੋਵਾਂ ਧਿਰਾਂ ਵਿਚਕਾਰ ਝੜਪ ਹੋ ਗਈ। ਪ੍ਰਦਰਸ਼ਨਕਾਰੀ ਕਰਮਚਾਰੀਆਂ ਨੇ ਦੋਸ਼ ਲਗਾਇਆ ਕਿ ਪੁਲਿਸ ਨੇ ਉਨ੍ਹਾਂ 'ਤੇ ਹਮਲਾ ਕੀਤਾ।
Barnala Lathicharge News : ਬਰਨਾਲਾ 'ਚ ਬੁੱਧਵਾਰ ਸਫਾਈ ਕਰਮਚਾਰੀਆਂ (Sanitation Worker Lathicharge) ਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ ਹੋਈ, ਜਿਸ ਦੌਰਾਨ ਪੁਲਿਸ ਨੇ ਮਜ਼ਦੂਰਾਂ 'ਤੇ ਜੰਮ ਕੇ ਲਾਠੀਚਾਰਜ ਕੀਤਾ। ਲਾਠੀਚਾਰਜ ਦੌਰਾਨ ਕਈ ਮਜ਼ਦੂਰ ਗੰਭੀਰ ਜ਼ਖਮੀ ਹੋ ਗਏ, ਜਿਸ ਕਾਰਨ ਇੱਕ ਔਰਤ ਖੂਨ ਨਾਲ ਵੀ ਲਥਪਥ ਹੋ ਗਈ। (Police Lathicharge Video in Barnala)
ਝੜਪ ਤੱਕ ਕਿਉਂ ਪਹੁੰਚੀ ਸਥਿਤੀ ?
ਜਾਣਕਾਰੀ ਅਨੁਸਾਰ, ਐਸਡੀ ਕਾਲਜ ਦੇ ਸਾਹਮਣੇ ਸਥਿਤੀ ਉਦੋਂ ਤਣਾਅਪੂਰਨ ਹੋ ਗਈ, ਜਦੋਂ ਪੁਲਿਸ ਨੇ ਪ੍ਰਦਰਸ਼ਨਕਾਰੀ ਸਫਾਈ ਕਰਮਚਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਦੋਵਾਂ ਧਿਰਾਂ ਵਿਚਕਾਰ ਝੜਪ ਹੋ ਗਈ। ਪ੍ਰਦਰਸ਼ਨਕਾਰੀ ਕਰਮਚਾਰੀਆਂ ਨੇ ਦੋਸ਼ ਲਗਾਇਆ ਕਿ ਪੁਲਿਸ ਨੇ ਉਨ੍ਹਾਂ 'ਤੇ ਹਮਲਾ ਕੀਤਾ ਅਤੇ ਲਾਠੀਚਾਰਜ ਕੀਤਾ, ਜਿਸ ਨਾਲ ਕੁਝ ਮਜ਼ਦੂਰ ਜ਼ਖਮੀ ਹੋ ਗਏ। ਇਸ ਦੌਰਾਨ ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਨੇ ਸੁਰੱਖਿਆ ਤਾਇਨਾਤ ਕੀਤੀ।
ਮੁਲਾਜ਼ਮਾਂ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ
ਸਫਾਈ ਕਰਮਚਾਰੀਆਂ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ, ਜਿਨ੍ਹਾਂ ਵਿੱਚ ਰੈਗੂਲਰ ਕਰਨਾ ਸ਼ਾਮਲ ਹੈ, ਲੰਬੇ ਸਮੇਂ ਤੋਂ ਲਟਕ ਰਹੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ, ਉਹ ਸਫਾਈ ਦਾ ਕੰਮ ਦੁਬਾਰਾ ਸ਼ੁਰੂ ਨਹੀਂ ਕਰਨਗੇ। ਵਿਰੋਧ ਪ੍ਰਦਰਸ਼ਨ ਦੌਰਾਨ ਕੁਝ ਕਰਮਚਾਰੀਆਂ ਨੇ 2027 ਦੀਆਂ ਚੋਣਾਂ ਨੂੰ ਲੈ ਕੇ ਸਰਕਾਰ ਵਿਰੁੱਧ ਰਾਜਨੀਤਿਕ ਨਾਰਾਜ਼ਗੀ ਵੀ ਪ੍ਰਗਟ ਕੀਤੀ।
ਨਿਗਮ ਅਧਿਕਾਰੀਆਂ ਨੇ ਸਫਾਈ ਕਰਮਚਾਰੀਆਂ 'ਤੇ ਲਾਇਆ ਇਲਜ਼ਾਮ
ਨਗਰ ਨਿਗਮ ਦੇ ਅਧਿਕਾਰੀਆਂ ਨੇ ਕਿਹਾ ਕਿ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਸ਼ਹਿਰ ਦੀ ਸਫਾਈ ਮੁਹਿੰਮ ਸ਼ੁਰੂ ਕੀਤੀ ਗਈ ਸੀ, ਪਰ ਹੜਤਾਲੀ ਕਰਮਚਾਰੀ ਸਫਾਈ ਦੇ ਕੰਮ ਵਿੱਚ ਰੁਕਾਵਟ ਪਾ ਰਹੇ ਸਨ। ਇਸ ਦੌਰਾਨ, ਬਰਨਾਲਾ ਦੇ ਮੇਅਰ ਹਸਨਪ੍ਰੀਤ ਭਾਰਦਵਾਜ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀਆਂ ਜ਼ਿਆਦਾਤਰ ਮੰਗਾਂ ਪੂਰੀਆਂ ਕਰ ਲਈਆਂ ਗਈਆਂ ਹਨ, ਜਦੋਂ ਕਿ ਕੁਝ ਅਦਾਲਤ ਵਿੱਚ ਵਿਚਾਰ ਅਧੀਨ ਹਨ ਅਤੇ ਤੁਰੰਤ ਪੂਰੀਆਂ ਨਹੀਂ ਕੀਤੀਆਂ ਜਾ ਸਕਦੀਆਂ। ਉਨ੍ਹਾਂ ਨੇ ਸਾਰੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਜਨਤਕ ਹਿੱਤ ਵਿੱਚ ਅਤੇ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਸਫਾਈ ਮੁਹਿੰਮ ਵਿੱਚ ਸਹਿਯੋਗ ਕਰਨ।
ਪੁਲਿਸ ਦੀ ਤਰਜੀਹ ਕਾਨੂੰਨ ਵਿਵਸਥਾ ਕਾਇਮ ਰੱਖਣਾ : ਡੀਐਸਪੀ
ਡੀਐਸਪੀ ਬਰਨਾਲਾ ਸਤਬੀਰ ਸਿੰਘ ਨੇ ਕਿਹਾ ਕਿ ਪੁਲਿਸ ਦੀ ਤਰਜੀਹ ਕਾਨੂੰਨ ਵਿਵਸਥਾ ਬਣਾਈ ਰੱਖਣਾ ਅਤੇ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਸ਼ਹਿਰ ਦੀ ਸਫਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਗੰਦਗੀ ਕਾਰਨ ਬਿਮਾਰੀਆਂ ਦਾ ਖ਼ਤਰਾ ਵੱਧ ਸਕਦਾ ਹੈ, ਜਿਸ ਕਾਰਨ ਸਫਾਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਪੁਲਿਸ, ਪ੍ਰਦਰਸ਼ਨਕਾਰੀਆਂ ਨੂੰ ਕਿਸੇ ਵੀ ਟਕਰਾਅ ਤੋਂ ਬਚਣ ਲਈ ਮਨਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਸੀ।
ਰਾਸ਼ਟਰੀ ਸਫਾਈ ਕਮਿਸ਼ਨ ਨੇ ਪੰਜਾਬ ਸਰਕਾਰ ਤੋਂ 7 ਦਿਨਾਂ 'ਚ ਤਲਬ ਕੀਤੀ ਰਿਪੋਰਟ
ਉਧਰ, ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਨੇ ਬਰਨਾਲਾ ਵਿੱਚ ਚੱਲ ਰਹੇ ਸਫਾਈ ਕਰਮਚਾਰੀਆਂ ਦੇ ਸੰਘਰਸ਼ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀ ਕਰਮਚਾਰੀਆਂ ਵਿਚਾਲੇ ਹੋਏ ਕਥਿਤ ਟਕਰਾਅ ਅਤੇ ਬਲ ਪ੍ਰਯੋਗ ਸਬੰਧੀ ਮੀਡੀਆ ਰਿਪੋਰਟਾਂ ਦਾ ਸੂ ਮੋਟੋ ਨੋਟਿਸ ਲਿਆ ਹੈ। ਕਮਿਸ਼ਨ ਦੇ ਉਪ ਚੇਅਰਪਰਸਨ ਹਰਦੀਪ ਸਿੰਘ ਗਿੱਲ ਨੇ ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ (ਆਈ.ਏ.ਐੱਸ.) ਨੂੰ ਪੱਤਰ ਲਿਖ ਕੇ ਮਾਮਲੇ ਦੀ ਤੁਰੰਤ, ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਉਣ ਅਤੇ 7 ਦਿਨਾਂ ਦੇ ਅੰਦਰ ਤੱਥਾਂ ਅਧਾਰਿਤ ਵਿਸਥਾਰਪੂਰਵਕ ਰਿਪੋਰਟ ਕਮਿਸ਼ਨ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਹਨ।
ਆਪਣੇ ਪੱਤਰ ਵਿੱਚ ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਕਮਿਸ਼ਨ ਦੇ ਧਿਆਨ ਵਿੱਚ ਵੱਖ-ਵੱਖ ਮੀਡੀਆ ਰਿਪੋਰਟਾਂ ਰਾਹੀਂ ਇਹ ਮਾਮਲਾ ਆਇਆ ਹੈ, ਜਿਨ੍ਹਾਂ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਬਰਨਾਲਾ ਵਿੱਚ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ਨੂੰ ਖਦੇੜਨ ਲਈ ਪੁਲਿਸ ਵੱਲੋਂ ਬਲ ਦੀ ਵਰਤੋਂ ਕੀਤੀ ਗਈ। ਕਮਿਸ਼ਨ ਨੇ ਇਸ ਘਟਨਾ ਨੂੰ ਬੇਹੱਦ ਗੰਭੀਰ ਕਰਾਰ ਦਿੰਦਿਆਂ ਕਿਹਾ ਕਿ ਸਫਾਈ ਕਰਮਚਾਰੀ ਸਮਾਜ ਦੇ ਸਭ ਤੋਂ ਵੱਧ ਸੰਵੇਦਨਸ਼ੀਲ ਅਤੇ ਵੰਚਿਤ ਵਰਗਾਂ ਵਿੱਚ ਸ਼ਾਮਲ ਹਨ ਅਤੇ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਯਕੀਨੀ ਬਣਾਉਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਸੰਵਿਧਾਨਕ ਜ਼ਿੰਮੇਵਾਰੀ ਹੈ।
ਕਮਿਸ਼ਨ ਨੇ ਆਪਣੇ ਪੱਤਰ ਵਿੱਚ ਇਹ ਵੀ ਕਿਹਾ ਹੈ ਕਿ ਬਰਨਾਲਾ ਦੇ ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ.) ਸਮੇਤ ਜ਼ਿਲ੍ਹਾ ਪੁਲਿਸ ਦੀ ਭੂਮਿਕਾ ਦੀ ਵੀ ਆਪਣੇ ਅਧਿਕਾਰ ਖੇਤਰ ਅਧੀਨ ਜਾਂਚ ਕੀਤੀ ਜਾਵੇਗੀ। ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਪੰਜਾਬ ਦੇ ਪੁਲਿਸ ਮਹਾਨਿਰਦੇਸ਼ਕ (ਡੀ.ਜੀ.ਪੀ.) ਨੂੰ ਕਥਿਤ ਬਲ ਪ੍ਰਯੋਗ, ਘਟਨਾ ਦੇ ਹਾਲਾਤ ਅਤੇ ਇਸ ਨਾਲ ਜੁੜੇ ਸਮੂਹ ਤੱਥਾਂ ਸਬੰਧੀ 7 ਦਿਨਾਂ ਦੇ ਅੰਦਰ ਵਿਸਥਾਰਪੂਰਵਕ ਰਿਪੋਰਟ ਭੇਜਣ ਲਈ ਕਹਿਣ।