Sangrur Video : CM Mann ਦੇ ਪਿੰਡ ਸਤੌਜ ਚ ਹੰਗਾਮਾ, ਪ੍ਰਦਰਸ਼ਨਕਾਰੀਆਂ ਤੇ ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ
Sangrur Video : ਜਾਣਕਾਰੀ ਅਨੁਸਾਰ, ਪ੍ਰਦਰਸ਼ਨਕਾਰੀ ਅੱਜ ਬੱਚਿਆਂ ਸਮੇਤ ਪਿੰਡ ਤੋਲੇਵਾਲ ਵਿਖੇ ਧਰਨਾ ਦੇਣ ਲਈ ਇਕੱਠੇ ਹੋਏ ਸਨ। ਇਸ ਦੌਰਾਨ ਪੁਲਿਸ ਵੱਲੋਂ ਭਾਰੀ ਗਿਣਤੀ ਵਿੱਚ ਤੈਨਾਤੀ ਕੀਤੀ ਗਈ ਸੀ ਅਤੇ ਪਿੰਡ ਸਤੌਜ ਦੇ ਸਾਰੇ ਰਸਤਿਆਂ ਨੂੰ ਬਲਾਕ ਕੀਤਾ ਗਿਆ ਸੀ।
Sangrur Video : ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹੇ ਸੰਗਰੂਰ 'ਚ ਅੱਜ ਉਸ ਸਮੇਂ ਹੰਗਾਮਾ ਮੱਚ ਗਿਆ, ਜਦੋਂ ਪੁਰਾਣੀ ਪੈਨਸ਼ਨ ਸਾਂਝਾ ਫਰੰਟ ਪੰਜਾਬ ਦੇ ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਨੇ ਵਾਟਰ ਕੈਨਨ ਦੀ ਵਰਤੋਂ ਕੀਤੀ। ਇਹ ਪ੍ਰਦਰਸ਼ਨਕਾਰੀ ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਮੁੱਖ ਮੰਤਰੀ (CM Mann) ਦੇ ਪਿੰਡ ਸਤੌਜ ਵੱਲ ਧਰਨਾ ਲਾਉਣ ਲਈ ਜਾ ਰਹੇ ਸਨ, ਪਰ ਪੁਲਿਸ ਨੇ ਰਸਤੇ ਵਿੱਚ ਹੀ ਰੋਕ ਲਿਆ।
ਜਾਣਕਾਰੀ ਅਨੁਸਾਰ, ਪ੍ਰਦਰਸ਼ਨਕਾਰੀ ਅੱਜ ਬੱਚਿਆਂ ਸਮੇਤ ਪਿੰਡ ਤੋਲੇਵਾਲ ਵਿਖੇ ਧਰਨਾ ਦੇਣ ਲਈ ਇਕੱਠੇ ਹੋਏ ਸਨ। ਇਸ ਦੌਰਾਨ ਪੁਲਿਸ ਵੱਲੋਂ ਭਾਰੀ ਗਿਣਤੀ ਵਿੱਚ ਤੈਨਾਤੀ ਕੀਤੀ ਗਈ ਸੀ ਅਤੇ ਪਿੰਡ ਸਤੌਜ ਦੇ ਸਾਰੇ ਰਸਤਿਆਂ ਨੂੰ ਬਲਾਕ ਕੀਤਾ ਗਿਆ ਸੀ। ਪ੍ਰਦਰਸ਼ਨਕਾਰੀਆਂ ਵੱਲੋਂ ਰੋਸ ਪ੍ਰਗਟਾਵਾ ਤੋਂ ਬਾਅਦ ਪਿੰਡ ਸਤੌਜ ਵੱਲ ਜਿਵੇਂ ਹੀ ਚਾਲੇ ਪਾਏ ਗਏ ਤਾਂ ਪੁਲਿਸ ਨੇ ਰਸਤੇ 'ਚ ਬੈਰੀਕੇਡ ਲਾ ਕੇ ਰੋਕ ਲਿਆ।
Bank Holidays : ਇਸ ਹਫਤੇ 5 ਦਿਨ ਬੰਦ ਰਹਿਣਗੇ ਬੈਂਕ; ਚੈੱਕ ਕਰੋ ਕਿਸ-ਕਿਸ ਦਿਨ ਰਹੇਗੀ ਛੁੱਟੀ ?
ਪ੍ਰਦਰਸ਼ਨਕਾਰੀਆਂ ਦੇ ਮਾਰਚ ਨੂੰ ਦੇਖਦਿਆਂ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਪਿੰਡ ਸਤੌਜ ਨੂੰ ਜਾਣ ਵਾਲੇ ਸਾਰੇ ਮੁੱਖ ਰਸਤਿਆਂ 'ਤੇ ਭਾਰੀ ਬਲ ਤੈਨਾਤ ਕਰ ਦਿੱਤਾ ਗਿਆ। ਪ੍ਰਸ਼ਾਸਨ ਨੇ ਸਤੌਜ ਰੋਡ ਨੂੰ ਵੱਡੇ-ਵੱਡੇ ਬੈਰੀਗੇਡ ਲਗਾ ਕੇ ਪੂਰੀ ਤਰ੍ਹਾਂ ਬਲਾਕ ਕਰ ਦਿੱਤਾ ਸੀ ਤਾਂ ਜੋ ਧਰਨਾਕਾਰੀਆਂ ਨੂੰ ਪਿੰਡ ਵਿੱਚ ਦਾਖਲ ਹੋਣ ਤੋਂ ਰੋਕਿਆ ਜਾ ਸਕੇ।
ਬੈਰੀਗੇਡ ਪੁੱਟੇ, ਖੇਤਾਂ ਰਾਹੀਂ ਵਧੇ ਅੱਗੇ; ਪੁਲਿਸ ਨਾਲ ਤਿੱਖੀ ਧੱਕਾਮੁੱਕੀ
ਜਿਵੇਂ ਹੀ ਪ੍ਰਦਰਸ਼ਨਕਾਰੀ ਸਤੌਜ ਵੱਲ ਵਧੇ ਤਾਂ ਉਨ੍ਹਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਬੈਰੀਕੇਡਿੰਗ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡ ਤੋੜ ਦਿੱਤੇ ਅਤੇ ਸਤੌਜ ਵੱਲ ਅੱਗੇ ਵਧ ਗਏ। ਇਸ ਦੌਰਾਨ ਮੌਕੇ ’ਤੇ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਤਣਾਅ ਵਾਲਾ ਮਾਹੌਲ ਬਣ ਗਿਆ।
ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਵੱਲੋਂ ਵਾਟਰ ਕੈਨਨ ਦਾ ਵੀ ਇਸਤੇਮਾਲ ਕੀਤਾ ਗਿਆ। ਪੂਰੇ ਪੰਜਾਬ ਤੋਂ ਪਹੁੰਚੇ ਪ੍ਰਦਰਸ਼ਨਕਾਰੀਆਂ ਉੱਪਰ ਪੁਲਿਸ ਨੇ ਪਾਣੀ ਦੀਆਂ ਬੁਛਾਰਾਂ ਚਲਾਈਆਂ। ਪਾਣੀ ਦੀਆਂ ਤੇਜ਼ ਬੁਛਾਰਾਂ ਦੇ ਬਾਵਜੂਦ ਪ੍ਰਦਰਸ਼ਨਕਾਰੀ ਆਪਣੀ ਮੰਗ ’ਤੇ ਡਟੇ ਰਹੇ ਅਤੇ ਸਤੌਜ ਵੱਲ ਅੱਗੇ ਵਧਣ ਦੀ ਕੋਸ਼ਿਸ਼ ਕਰਦੇ ਰਹੇ।
ਹਜ਼ਾਰਾਂ ਦੀ ਗਿਣਤੀ 'ਚ ਪਹੁੰਚੇ ਪ੍ਰਦਰਸ਼ਨਕਾਰੀ
ਪ੍ਰਦਰਸ਼ਨਕਾਰੀਆਂ ਦੀ ਗਿਣਤੀ ਕਰੀਬ ਪੰਜ ਹਜ਼ਾਰ ਦੇ ਆਸ-ਪਾਸ ਦੱਸੀ ਜਾ ਰਹੀ ਹੈ। ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕੀਤਾ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪੁਰਾਣੀ ਪੈਨਸ਼ਨ ਸਕੀਮ ਉਨ੍ਹਾਂ ਦੇ ਭਵਿੱਖ ਦੀ ਸੁਰੱਖਿਆ ਨਾਲ ਜੁੜਿਆ ਅਹਿਮ ਮੁੱਦਾ ਹੈ ਅਤੇ ਸਰਕਾਰ ਨੂੰ ਇਸ ਸਬੰਧੀ ਆਪਣਾ ਵਾਅਦਾ ਪੂਰਾ ਕਰਨਾ ਚਾਹੀਦਾ ਹੈ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਮੰਗ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਇਸ ਦੌਰਾਨ ਪ੍ਰਦਰਸ਼ਨ ਵਿੱਚ ਮਹਿਲਾ ਮੁਲਾਜ਼ਮਾਂ ਅਤੇ ਬੱਚਿਆਂ ਦੀ ਵੀ ਮੌਜੂਦਗੀ ਦੇਖਣ ਨੂੰ ਮਿਲੀ।
ਦੂਜੇ ਪਾਸੇ, ਪ੍ਰਦਰਸ਼ਨ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਸਤੌਜ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ। ਪੁਲਿਸ ਵੱਲੋਂ ਰਸਤਿਆਂ ਨੂੰ ਬੰਦ ਕਰਨ ਦੇ ਨਾਲ ਵੱਡੀ ਗਿਣਤੀ ਵਿੱਚ ਬਲ ਤਾਇਨਾਤ ਕੀਤਾ ਗਿਆ। ਬੈਰੀਕੇਡ ਤੋੜਨ ਅਤੇ ਵਾਟਰ ਕੈਨਨ ਦੀ ਵਰਤੋਂ ਤੋਂ ਬਾਅਦ ਸਥਿਤੀ ਹੋਰ ਤਣਾਅਪੂਰਨ ਬਣ ਗਈ।
ਪੁਰਾਣੀ ਪੈਨਸ਼ਨ ਸਾਂਝਾ ਫਰੰਟ ਪੰਜਾਬ ਦੇ ਆਗੂਆਂ ਨੇ ਸਪੱਸ਼ਟ ਕੀਤਾ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਅੱਜ ਦੇ ਇਸ ਪ੍ਰਦਰਸ਼ਨ ਦੌਰਾਨ ਤੋਲਾਵਾਲ ਤੋਂ ਸਤੌਜ ਤੱਕ ਦੇ ਰਸਤੇ ’ਤੇ ਪੁਲਿਸ ਅਤੇ ਮੁਲਾਜ਼ਮਾਂ ਵਿਚਕਾਰ ਤਣਾਅ ਦੀ ਸਥਿਤੀ ਨੇ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਦੇ ਮੁੱਦੇ ਨੂੰ ਇੱਕ ਵਾਰ ਫਿਰ ਚਰਚਾ ਵਿੱਚ ਲਿਆ ਦਿੱਤਾ ਹੈ।
ਮੁੱਖ ਮੰਤਰੀ ਨਾਲ ਮੀਟਿੰਗ ਦਾ ਮਿਲਿਆ ਭਰੋਸਾ
ਉਧਰ, ਫਰੰਟ ਦੇ ਤਿੱਖੇ ਪ੍ਰਦਰਸ਼ਨ ਤੋਂ ਬਾਅਦ ਪ੍ਰ਼ਸ਼ਾਸਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਹੈ। ਫਰੰਟ ਦੀ ਮੀਟਿੰਗ 27 ਅਗਸਤ ਨੂੰ ਕਰਵਾਏ ਜਾਣ ਦੀ ਗੱਲ ਕਹੀ ਗਈ ਹੈ, ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਇੱਕ ਵਾਰ ਸੰਘਰਸ਼ ਰੋਕ ਦਿੱਤਾ।