PSEB ਦੀ 10ਵੀਂ ਦੀ ਪ੍ਰੀਖਿਆ 'ਚ ਮੋਹਰੀ ਵਿਦਿਆਰਥਣਾਂ ਨੂੰ CM ਮਾਨ ਨੇ ਦਿੱਤੀ ਵਧਾਈ

ਮਾਨ ਨੇ ਕਿਹਾ ਕਿ ਇਹ 'ਧੀਆਂ ਦਾ ਯੁੱਗ' ਹੈ ਕਿਉਂਕਿ ਵਿਦਿਆਰਥਣਾਂ ਆਪਣੇ ਨਿਵੇਕਲੇ ਪ੍ਰਦਰਸ਼ਨ ਨਾਲ ਸਾਰਿਆਂ ਦਾ ਮਾਣ ਵਧਾ ਰਹੀਆਂ ਹਨ

By  Amritpal Singh May 26th 2023 06:17 PM -- Updated: May 26th 2023 06:22 PM

Punjab News: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸ਼ੁੱਕਰਵਾਰ ਨੂੰ ਐਲਾਨੀ ਗਈ ਦਸਵੀਂ ਜਮਾਤ ਦੀ ਪ੍ਰੀਖਿਆ 'ਚ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ 'ਧੀਆਂ ਦਾ ਯੁੱਗ' ਹੈ ਕਿਉਂਕਿ ਵਿਦਿਆਰਥਣਾਂ ਆਪਣੇ ਨਿਵੇਕਲੇ ਪ੍ਰਦਰਸ਼ਨ ਨਾਲ ਸਾਰਿਆਂ ਦਾ ਮਾਣ ਵਧਾ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਦਸਵੀਂ ਜਮਾਤ ਦੇ ਨਤੀਜੇ ਵਿੱਚ ਲੜਕੀਆਂ ਨੇ ਇਕ ਵਾਰ ਫਿਰ ਲੜਕਿਆਂ ਨੂੰ ਪਛਾੜ ਦਿੱਤਾ ਹੈ ਅਤੇ ਸੂਬਾ ਸਰਕਾਰ ਵੱਲੋਂ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਜਲਦੀ ਹੀ 51,000 ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਕੋਨੇ-ਕੋਨੇ ਵਿੱਚ ਮਿਆਰੀ ਸਿੱਖਿਆ ਦਾ ਚਾਨਣ ਫੈਲਾਉਣ ਲਈ ਕੀਤੇ ਜਾ ਰਹੇ ਠੋਸ ਉਪਰਾਲਿਆਂ ਦਾ ਨਤੀਜਾ ਹੈ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਡੇ ਉਪਰਾਲਿਆਂ ਦਾ ਜਿੱਥੇ ਲੜਕੀਆਂ ਨੂੰ ਬਹੁਤ ਲਾਭ ਹੋਇਆ ਹੈ, ਉੱਥੇ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰ ਕੇ ਉਨ੍ਹਾਂ ਨੂੰ ਵੱਧ ਅਖ਼ਤਿਆਰ ਦੇਣ ਦਾ ਰਾਹ ਪੱਧਰਾ ਹੋ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਸਾਰਿਆਂ ਲਈ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਅੱਠਵੀਂ, ਬਾਰ੍ਹਵੀਂ ਅਤੇ ਹੁਣ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਲੜਕੀਆਂ ਨੇ ਲੜਕਿਆਂ ਨੂੰ ਪਛਾੜ ਦਿੱਤਾ ਹੈ। ਇਸ ਪ੍ਰੀਖਿਆ ਨੂੰ ਸ਼ਾਨਦਾਰ ਢੰਗ ਨਾਲ ਪਾਸ ਕਰਨ ਵਾਲੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਵਿਦਿਆਰਥਣਾਂ ਨੇ ਇਨ੍ਹਾਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ।


Related Post