ਮੁੱਖ ਮੰਤਰੀ ਮਾਨ ਨੇ ਮੰਡੀਆਂ 'ਚੋਂ ਕਣਕ ਦੀ ਫਸਲ ਨਾ ਚੁੱਕ ਕੇ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ: ਸੁਖਬੀਰ ਸਿੰਘ ਬਾਦਲ

ਸੁਖਬੀਰ ਸਿੰਘ ਬਾਦਲ ਨੇ ਮਾਹੂਆਣਾ ਤੇ ਮਲੌਟ 'ਚ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਭਰੋਸਾ ਦੁਆਇਆ ਕਿ ਜੇਕਰ ਮੰਡੀਆਂ ਵਿਚ ਕਣਕ ਦੀ ਲਿਫਟਿੰਗ ਸ਼ੁਰੂ ਨਾ ਹੋਈ ਤਾਂ ਅਕਾਲੀ ਦਲ ਉਨ੍ਹਾਂ ਵਾਸਤੇ ਨਿਆਂ ਲੈਣ ਲਈ ਸੰਘਰਸ਼ ਸ਼ੁਰੂ ਕਰੇਗਾ।

By  KRISHAN KUMAR SHARMA April 25th 2024 07:11 PM

ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਨਾਂਹ ਕਰਨ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਹੁਣ ਉਨ੍ਹਾਂ ਦੀ ਸਖ਼ਤ ਮਿਹਨਤ ਨਾਲ ਪੈਦਾ ਕੀਤੀ ਕਣਕ ਦੀ ਫਸਲ ਮੰਡੀਆਂ ਵਿਚੋਂ ਚੁੱਕਣ ਤੋਂ ਇਨਕਾਰੀ ਹੋ ਕੇ ਉਨ੍ਹਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕ ਰਹੇ ਹਨ, ਜਦੋਂ ਕਿ ਸੂਬੇ ਦੀਆਂ ਸਾਰੀਆਂ ਮੰਡੀਆਂ ਵਿਚ ਕਣਕ ਦੇ ਅੰਬਾਰ ਲੱਗ ਗਏ ਹਨ।

ਸੁਖਬੀਰ ਸਿੰਘ ਬਾਦਲ ਨੇ ਮਾਹੂਆਣਾ ਤੇ ਮਲੌਟ ਮੰਡੀਆਂ ਦੇ ਦੌਰੇ ਦੌਰਾਨ ਵੇਖਿਆ ਕਿ ਕਿਸਾਨਾਂ ਨੂੰ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਭਰੋਸਾ ਦੁਆਇਆ ਕਿ ਜੇਕਰ ਮੰਡੀਆਂ ਵਿਚ ਕਣਕ ਦੀ ਲਿਫਟਿੰਗ ਸ਼ੁਰੂ ਨਾ ਹੋਈ ਤਾਂ ਅਕਾਲੀ ਦਲ ਉਨ੍ਹਾਂ ਵਾਸਤੇ ਨਿਆਂ ਲੈਣ ਲਈ ਸੰਘਰਸ਼ ਸ਼ੁਰੂ ਕਰੇਗਾ।

ਮੁੱਖ ਮੰਤਰੀ ਮਾਨ ’ਤੇ ਵਰ੍ਹਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਮੰਡੀਆਂ ਵਿਚ ਕਿਸਾਨ ਖੱਜਲ ਖੁਆਰ ਹੋ ਰਹੇ ਹਨ ਪਰ ਮੁੱਖ ਮੰਤਰੀ ਆਪ ਆਸਾਮ ਤੇ ਗੁਜਰਾਤ ਦੇ ਦੌਰਿਆਂ ਵਿਚ ਰੁੱਝੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਪਿਛਲੇ ਸਾਲ ਕਿਸਾਨਾਂ ਨੂੰ ਹੜ੍ਹਾਂ ਦੀ ਮਾਰ ਪਈ ਸੀ ਪਰ ਮੁੱਖ ਮੰਤਰੀ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਥਾਂ ’ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਲਿਜਾਣ ਵਿਚ ਮਸ਼ਰੂਫ ਰਹੇ।

ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਹੁਣ ਦੂਹਰੀ ਮਾਰ ਪਈ ਹੈ। ਆਪ ਸਰਕਾਰ ਨੇ ਪਿਛਲੇ ਦੋ ਸਾਲਾਂ ਵਿਚ ਸੂਬੇ ਦਾ ਖੇਤੀਬਾੜੀ ਅਰਥਚਾਰ ਤਬਾਹ ਕਰ ਕੇ ਰੱਖ ਦਿੱਤਾ ਹੈ। ਕਿਸਾਨਾਂ ਨੂੰ ਹਾਲੇ ਤੱਕ ਪਿਛਲੇ ਸਮੇਂ ਵਿਚ ਹੋਈ ਗੜ੍ਹੇਮਾਰੀ ਤੇ ਆਏ ਹੜ੍ਹਾਂ ਦਾ ਮੁਆਵਜ਼ਾ ਨਹੀਂ ਮਿਲਿਆ। ਮੁੱਖ ਮੰਤਰੀ ਫਸਲਾਂ ਦੇ ਮੁਆਵਜ਼ੇ ਲਈ 25-25 ਹਜ਼ਾਰ ਰੁਪਏ ਬਗੈਰ ਗਿਰਦਾਵਰੀ ਤੋਂ ਦੇਣ ਦੇ ਆਪਣੇ ਵਾਅਦੇ ਤੋਂ ਭੱਜ ਗਏ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਕਿਸਾਨਾਂ ਦੀ ਮੱਕੀ ਅਤੇ ਦਾਲਾਂ ਦੀ ਫਸਲ ਖਰੀਣ ਵਿਚ ਵੀ ਨਾਕਾਮ ਰਹੀ ਹੈ ਜਦੋਂ ਕਿ ਇਸਨੇ ਵਾਅਦਾ ਕੀਤਾਸੀ  ਕਿ ਸਾਰੀ ਦੀ ਸਾਰੀ ਫਸਲ ਖਰੀਦੀ ਜਾਵੇਗੀ।

ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਵਿਰੋਧੀ ਆਪ ਸਰਕਾਰ ਨੂੰ ਹਰਿਆਣਾ ਦੇ ਨਾਲ ਰਲ ਕੇ ਮੌਜੂਦਾ ਚਲ ਰਹੇ ਕਿਸਾਨ ਸੰਘਰਸ਼ ਨੂੰ ਕੁਚਲਣ ਦੀ ਸਜ਼ਾ ਦਿੱਤੀ ਜਾਵੇ ਅਤੇ ਉਨ੍ਹਾਂ ਕਿਹਾ ਕਿ ਮੈਂ ਸਮੁੱਚੇ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀਆਂ ਵੋਟਾਂ ਨਾਲ ਪੰਜਾਬ ਦੇ ਬਾਰਡਰ ਸੀਲ ਕਰ ਕੇ ਦਿੱਲੀ ਆਧਾਰਿਤ ਪਾਰਟੀਆਂ ਲਈ ਇਹ ਯਕੀਨੀ ਬਣਾਉਣ ਕਿ ਉਹ ਫਿਰ ਤੋਂ ਉਨ੍ਹਾਂ ਦਾ ਫਤਵਾ ਨਾ ਹਾਸਲ ਕਰ ਲੈਣ ਤੇ ਫਿਰ ਤੋਂ ਧੋਖਾ ਨਾ ਕਰਨ।

Related Post