ਸਰਹੱਦੀ ਪੱਟੀ ਚ ਧਮਾਕੇ ਦਾ ਮਾਮਲਾ : ਪੰਜਾਬ ਪੁਲਿਸ ਚ ਫੇਰਬਦਲ ਤੋਂ ਪਹਿਲਾਂ CM ਮਾਨ ਨੂੰ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦੈ - ਬਾਜਵਾ

Partap Bajwa attack on CM Mann : ਪੰਜਾਬ ਪੁਲਿਸ ਵਿੱਚ ਫੇਰਬਦਲ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੂੰ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਬਾਰੇ ਸੋਚਣਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ ਗ੍ਰਹਿ ਮੰਤਰੀ ਸਮੁੱਚੇ ਤੌਰ 'ਤੇ ਪੰਜਾਬ ਪੁਲਿਸ ਦੇ ਇੰਚਾਰਜ ਹਨ ਤੇ ਪੁਲਿਸ ਅਜਿਹੇ ਹਮਲਿਆਂ ਨੂੰ ਰੋਕਣ ਵਿੱਚ ਬੁਰੀ ਤਰ੍ਹਾਂ ਨਾਲ ਅਸਫਲ ਰਹੀ ਹੈ।

By  KRISHAN KUMAR SHARMA February 18th 2025 09:28 PM

Partap Bajwa attack on CM Mann : ਬਟਾਲਾ ਪੁਲਿਸ ਜ਼ਿਲ੍ਹੇ ਦੇ ਪਿੰਡ ਰਾਏਮਲ ਵਿੱਚ ਇੱਕ ਪੁਲਿਸ ਮੁਲਾਜ਼ਮ ਦੇ ਘਰ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਧਮਾਕੇ ਤੋਂ ਬਾਅਦ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਪੰਜਾਬ ਪੁਲਿਸ 'ਤੇ ਕੀਤੀ ਜਾਣ ਵਾਲੀ  ਕਾਰਵਾਈ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ। 

ਉਨ੍ਹਾਂ ਕਿਹਾ ਕਿ ਸਰਹੱਦੀ ਸੂਬੇ 'ਚ ਵਿਗੜਦੀ ਕਾਨੂੰਨ ਵਿਵਸਥਾ ਲਈ ਜੇਕਰ ਕੋਈ ਜ਼ਿੰਮੇਵਾਰ ਹੈ ਤਾਂ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਨ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ। ਇਸ ਲਈ ਪੰਜਾਬ ਪੁਲਿਸ ਵਿੱਚ ਫੇਰਬਦਲ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੂੰ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਬਾਰੇ ਸੋਚਣਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ ਗ੍ਰਹਿ ਮੰਤਰੀ ਸਮੁੱਚੇ ਤੌਰ 'ਤੇ ਪੰਜਾਬ ਪੁਲਿਸ ਦੇ ਇੰਚਾਰਜ ਹਨ ਤੇ ਪੁਲਿਸ ਅਜਿਹੇ ਹਮਲਿਆਂ ਨੂੰ ਰੋਕਣ ਵਿੱਚ ਬੁਰੀ ਤਰ੍ਹਾਂ ਨਾਲ ਅਸਫਲ ਰਹੀ ਹੈ। 

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਪਿਛਲੇ ਸਾਲ ਨਵੰਬਰ ਦੇ ਅੱਧ ਤੋਂ ਬਾਅਦ ਪੰਜਾਬ ਵਿੱਚ ਇਹ 12ਵੀਂ ਅਜਿਹੀ ਘਟਨਾ ਹੈ। ਕੰਮ ਕਰਨ ਦੇ ਤਰੀਕੇ ਤੋਂ ਇਹ ਸਪਸ਼ਟ ਹੈ ਕਿ ਇਨ੍ਹਾਂ ਧਮਾਕਿਆਂ ਦਾ ਮੁੱਖ ਨਿਸ਼ਾਨਾ ਥਾਣੇ ਅਤੇ ਪੰਜਾਬ ਪੁਲਿਸ ਦੇ ਜਵਾਨ ਸਨ। ਇਸ ਵਿਚ ਇੱਕੋ ਇੱਕ ਸੰਦੇਸ਼ ਦਿੱਤਾ ਗਿਆ ਸੀ ਕਿ ਜੇ ਗ੍ਰਹਿ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਪੁਲਿਸ ਆਪਣੀ ਰੱਖਿਆ ਨਹੀਂ ਕਰ ਸਕਦੀ ਤਾਂ ਉਹ ਆਮ ਜਨਤਾ ਦੀ ਰੱਖਿਆ ਕਿਵੇਂ ਕਰ ਸਕਦੀ ਹੈ? ਮਾਨ ਨੇ ਪੰਜਾਬ ਪੁਲਿਸ ਦਾ ਨਾਮ ਬਦਨਾਮ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਹ ਸਿਰਫ਼ ਸੰਗਠਿਤ ਅਪਰਾਧ ਹੀ ਨਹੀਂ ਹੈ ਜੋ ਪੰਜਾਬੀਆਂ ਅਤੇ ਖ਼ਾਸ ਤੌਰ 'ਤੇ ਕਾਰੋਬਾਰੀ ਭਾਈਚਾਰੇ ਦੀ ਨੀਂਦ ਉਡਾ ਰਿਹਾ ਹੈ, ਬਲਕਿ ਤੇਜ਼ੀ ਨਾਲ ਵੱਧ ਰਹੀ ਨਸ਼ਿਆਂ ਦੀ ਦੁਰਵਰਤੋਂ ਅਤੇ ਨਸ਼ਿਆਂ ਦੀ ਤਸਕਰੀ ਨੇ ਵੀ ਪੰਜਾਬੀ ਪਰਿਵਾਰਾਂ ਨੂੰ ਪਰੇਸ਼ਾਨ ਕੀਤਾ ਹੈ। ਕੀ ਉਹ ਪੰਜਾਬ ਨੂੰ ਮੈਕਸੀਕੋ ਬਣਾਉਣਾ ਚਾਹੁੰਦੇ ਹਨ? 

ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਅਯੋਗ ਗ੍ਰਹਿ ਮੰਤਰੀ ਸਾਬਤ ਹੋ ਚੁੱਕੇ ਹਨ ਅਤੇ ਹੁਣ ਸਮਾਂ ਆ ਗਿਆ ਹੈ ਕਿ ਉਹ ਗ੍ਰਹਿ ਮੰਤਰੀ ਦਾ ਅਹੁਦਾ ਛੱਡ ਦੇਣ।

Related Post