ਸਿਹਤ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਸਿਹਤ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ
ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਵੱਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹਾ ਪਟਿਆਲਾ ਇਕਾਈ ਵੱਲੋਂ ਮਾਤਾ ਕੁਸ਼ਲਿਆ ਹਸਪਤਾਲ, ਪਟਿਆਲਾ ਵਿਖੇ ਪੰਜਾਬ ਦੇ ਸਿਹਤ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ
ਪਟਿਆਲਾ: ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਵੱਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹਾ ਪਟਿਆਲਾ ਇਕਾਈ ਵੱਲੋਂ ਮਾਤਾ ਕੁਸ਼ਲਿਆ ਹਸਪਤਾਲ, ਪਟਿਆਲਾ ਵਿਖੇ ਪੰਜਾਬ ਦੇ ਸਿਹਤ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਆਊਟਸੋਰਸ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਜ਼ਾਹਿਰ ਕੀਤਾ।
ਇਸ ਮੌਕੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਸੂਬਾ ਕਮੇਟੀ ਵੱਲੋਂ ਉਲੀਕੇ ਪ੍ਰੋਗਰਾਮ ਸਬੰਧੀ ਸੂਬਾ ਜਥੇਬੰਦਕ ਸਕੱਤਰ ਹਰਪਾਲ ਸਿੰਘ ਟਿਵਾਣਾ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਸਿਹਤ ਵਿਭਾਗ ਦੇ ਸਮੂਹ ਕੱਚੇ ਮੁਲਾਜ਼ਮਾਂ ਨੂੰ ਵਿਭਾਗ ਅਧੀਨ ਲੈ ਕੇ ਪੱਕਾ ਕਰਨ, ਬਰਾਬਰ ਕੰਮ ਬਰਾਬਰ ਤਨਖ਼ਾਹ, ਤਨਖ਼ਾਹਾਂ ਵਿੱਚ ਵਾਧਾ ਅਤੇ ਬਿੱਲ 2026 ਵਿੱਚ ਸਮੂਹ ਕੈਟਾਗਰੀਆਂ ਨੂੰ ਸ਼ਾਮਲ ਕਰਨ ਦੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ 31 ਅਗਸਤ ਨੂੰ ਪਟਿਆਲਾ ਵਿਖੇ ਸਿਹਤ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਤੋਂ ਬਾਅਦ 2 ਸਤੰਬਰ ਨੂੰ ਸਿਹਤ ਮੰਤਰੀ ਅਤੇ ਸਿਹਤ ਵਿਭਾਗ ਦੇ ਡਾਇਰੈਕਟਰਾਂ ਨਾਲ ਜਥੇਬੰਦੀ ਦੀ ਮੀਟਿੰਗ ਹੋਈ ਸੀ। ਯੂਨੀਅਨ ਆਗੂਆਂ ਅਨੁਸਾਰ ਮੀਟਿੰਗ ਦੌਰਾਨ ਮੰਗਾਂ ਸਬੰਧੀ ਸਹਿਮਤੀ ਨਾ ਬਣਨ ਕਾਰਨ ਮੀਟਿੰਗ ਬੇਸਿੱਟਾ ਰਹੀ, ਜਿਸ ਕਾਰਨ ਆਊਟਸੋਰਸ ਮੁਲਾਜ਼ਮਾਂ ਵਿੱਚ ਰੋਸ ਹੈ।
ਜਨਰਲ ਸਕੱਤਰ ਸਰਬਜੀਤ ਸਿੰਘ ਨੇ ਕਿਹਾ ਕਿ ਲੁਧਿਆਣਾ ਵਿਖੇ ਹੋਈ ਸੂਬਾ ਪੱਧਰੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਗਾਤਾਰ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਤੱਕ ਆਪਣੀਆਂ ਮੰਗਾਂ ਪਹੁੰਚਾਈਆਂ ਜਾਣਗੀਆਂ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਪਟਿਆਲਾ ਵਿਖੇ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ।
ਜ਼ਿਲ੍ਹਾ ਪ੍ਰਧਾਨ ਰਾਜੇਸ਼ ਪਵਾਰ ਨੇ ਕਿਹਾ ਕਿ ਸਿਹਤ ਵਿਭਾਗ ਦੇ ਆਊਟਸੋਰਸ ਮੁਲਾਜ਼ਮ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾ ਰਹੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਨੌਕਰੀ ਦੀ ਸਥਿਰਤਾ ਅਤੇ ਯੋਗ ਤਨਖ਼ਾਹ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਦੀ ਮੁੱਖ ਮੰਗ ਹੈ ਕਿ ਸਿਹਤ ਵਿਭਾਗ ਦੇ ਸਮੂਹ ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਵਿਭਾਗ ਅਧੀਨ ਲੈ ਕੇ ਪੱਕਾ ਕੀਤਾ ਜਾਵੇ ਅਤੇ ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੁਲਾਜ਼ਮ ਆਪਣੀਆਂ ਮੰਗਾਂ ਲਈ ਸ਼ਾਂਤਮਈ ਅਤੇ ਜਥੇਬੰਦਕ ਢੰਗ ਨਾਲ ਸੰਘਰਸ਼ ਕਰ ਰਹੇ ਹਨ।
ਪ੍ਰੈਸ ਸਕੱਤਰ ਹਰਵਿੰਦਰਪਾਲ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦੇ ਆਊਟਸੋਰਸ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਜ਼ਿਲ੍ਹਾ ਪੱਧਰ ’ਤੇ ਲਗਾਤਾਰ ਪ੍ਰੋਗਰਾਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਆਮ ਲੋਕਾਂ ਨੂੰ ਜਾਣਕਾਰੀ ਦੇਣ ਲਈ ਅੱਜ ਲੀਫ਼ਲੈਟ ਵੀ ਵੰਡੇ ਗਏ ਹਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਆਊਟਸੋਰਸ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਕੇ ਗੱਲਬਾਤ ਰਾਹੀਂ ਹੱਲ ਕੱਢਿਆ ਜਾਵੇ।
ਮਹਿਲਾ ਵਿੰਗ ਇੰਚਾਰਜ ਮੇਘਾ ਬਾਂਸਲ ਨੇ ਕਿਹਾ ਕਿ ਸਿਹਤ ਵਿਭਾਗ ਵਿੱਚ ਵੱਡੀ ਗਿਣਤੀ ਵਿੱਚ ਮਹਿਲਾ ਮੁਲਾਜ਼ਮ ਵੀ ਆਊਟਸੋਰਸ ਪ੍ਰਣਾਲੀ ਅਧੀਨ ਆਪਣੀਆਂ ਸੇਵਾਵਾਂ ਨਿਭਾਅ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਹਿਲਾ ਮੁਲਾਜ਼ਮ ਵੀ ਆਪਣੀਆਂ ਡਿਊਟੀਆਂ ਪੂਰੀ ਜ਼ਿੰਮੇਵਾਰੀ ਨਾਲ ਨਿਭਾ ਰਹੀਆਂ ਹਨ, ਪਰ ਨੌਕਰੀ ਦੀ ਸਥਿਰਤਾ ਅਤੇ ਤਨਖ਼ਾਹ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਿਲਾ ਮੁਲਾਜ਼ਮ ਜਥੇਬੰਦੀ ਦੇ ਸੰਘਰਸ਼ ਵਿੱਚ ਪੂਰੀ ਤਰ੍ਹਾਂ ਨਾਲ ਖੜ੍ਹੀਆਂ ਹਨ ਅਤੇ ਆਪਣੀਆਂ ਜਾਇਜ਼ ਮੰਗਾਂ ਦੇ ਹੱਲ ਲਈ ਸੰਘਰਸ਼ ਜਾਰੀ ਰੱਖਣਗੀਆਂ।
ਇਸ ਮੌਕੇ ਯੂਨੀਅਨ ਵੱਲੋਂ ਆਮ ਲੋਕਾਂ ਅਤੇ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਅਤੇ ਸਰਕਾਰ ਨਾਲ ਹੋਈਆਂ ਮੀਟਿੰਗਾਂ ਸਬੰਧੀ ਜਾਣਕਾਰੀ ਦੇਣ ਲਈ ਲੀਫ਼ਲੈਟ ਵੀ ਵੰਡੇ ਗਏ।
ਇਸ ਮੌਕੇ ਉਪ ਪ੍ਰਧਾਨ ਗੁਰਪ੍ਰੀਤ, ਸੁਖਵਿੰਦਰ ਕੌਰ ਕੈਸ਼ੀਅਰ, ਅਤਿੰਦਰ ਸਿੰਘ, ਆਰਗੇਨਾਈਜਰ,ਪ੍ਰੋਮਿਲਾ ਅਤੇ ਗੁਰਿੰਦਰ ਕੌਰ ਅਤੇ ਗੁਰਧਿਆਨ ਸਿੰਘ ਮੁੱਖ ਸਲਾਹਕਾਰ, ਰੀਣਾ ਰਾਣੀ ਸਲਾਹਕਾਰ, ਅਡੀਟਰ ਰਾਹੁਲ ਕੁਮਾਰ ਅਤੇ ਬਿਕਰਮਜੀਤ ਸਿੰਘ , ਅਤੇ ਜ਼ਿਲ੍ਹਾ ਕਮੇਟੀ ਮੈਂਬਰ , ਮਨਦੀਪ ਕੌਰ,ਕਿਰਨ ਮਹਿਰਾ, ਅਨਿਲ ਕੁਮਾਰ, ਲਾਲ ਦੀਨ, ਮਨਦੀਪ ਸਿੰਘ ਝੰਡੀ, ਰਾਹੁਲ ਸਿੰਘ, ਜਸਵੀਰ ਸਿੰਘ, ਕਰਮਜੀਤ ਕੌਰ, ਸਿਮਰਨ ਕੌਰ, ਮਨਦੀਪ ਸਿੰਘ, ਮਾਡਲ ਟਾਊਨ, ਕਿਰਨ, ਹਰਪ੍ਰੀਤ ਸਿੰਘ, ਸਵੀਤਾ, ਅਮਨਦੀਪ ਕੌਰ, ਸਿੰਘ ਸਮੇਤ ਹੋਰ ਆਗੂ ਅਤੇ ਮੁਲਾਜ਼ਮ ਹਾਜ਼ਰ ਸਨ।
ਅੰਤ ਵਿੱਚ ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੋਈ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕਰਨ ਸਬੰਧੀ ਅਗਲਾ ਫੈਸਲਾ ਸੂਬਾ ਕਮੇਟੀ ਵੱਲੋਂ ਲਿਆ ਜਾਵੇਗਾ।