Punjab Board Exam : 8th, 10th, 12th ਦੀਆਂ ਪ੍ਰੀਖਿਆਵਾਂ ਲਈ ਕੰਟਰੋਲ ਰੂਮ ਸਥਾਪਤ, ਜਾਣੋ ਕੀ ਹਨ ਤਿਆਰੀਆਂ
Punjab Board Exam News : 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਬੋਰਡ ਪ੍ਰੀਖਿਆਵਾਂ (Punjab Board Exam) ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਇਨ੍ਹਾਂ ਪ੍ਰੀਖਿਆਵਾਂ ਵਿੱਚ 8.82 ਲੱਖ ਤੋਂ ਵੱਧ ਵਿਦਿਆਰਥੀ ਬੈਠਣਗੇ।
8th, 10th, 12th Exam News : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਬੋਰਡ ਪ੍ਰੀਖਿਆਵਾਂ (Punjab Board Exam) ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਇਨ੍ਹਾਂ ਪ੍ਰੀਖਿਆਵਾਂ ਵਿੱਚ 8.82 ਲੱਖ ਤੋਂ ਵੱਧ ਵਿਦਿਆਰਥੀ ਬੈਠਣਗੇ। ਸੁਚਾਰੂ ਪ੍ਰਬੰਧ ਨੂੰ ਯਕੀਨੀ ਬਣਾਉਂਦਿਆਂ ਬੋਰਡ ਨੇ ਇਨ੍ਹਾਂ ਇਮਤਿਹਾਨਾਂ ਲਈ ਸੂਬੇ ਭਰ ਵਿੱਚ 2579 ਪ੍ਰੀਖਿਆ ਕੇਂਦਰ (Exam Center) ਸਥਾਪਤ ਕੀਤੇ ਗਏ ਹਨ।
ਬੈਂਸ ਨੇ ਦੱਸਿਆ ਕਿ 8ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਬੁੱਧਵਾਰ (19 ਫ਼ਰਵਰੀ), 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 24 ਫ਼ਰਵਰੀ ਅਤੇ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮਾਰਚ ਵਿੱਚ ਸ਼ੁਰੂ ਹੋਣਗੀਆਂ।
ਉਨ੍ਹਾਂ ਦੱਸਿਆ ਕਿ 8ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਵਿੱਚ ਕੁੱਲ 3,02,189 ਵਿਦਿਆਰਥੀ ਬੈਠਣਗੇ, ਜਦੋਂਕਿ 10ਵੀਂ ਜਮਾਤ ਦੀ ਪ੍ਰੀਖਿਆ 2,84,658 ਵਿਦਿਆਰਥੀ ਦੇਣਗੇ। ਇਸ ਤੋਂ ਇਲਾਵਾ 9,877 ਵਿਦਿਆਰਥੀ ਮੈਟ੍ਰਿਕ ਓਪਨ ਪ੍ਰੀਖਿਆ ਦੇਣਗੇ। 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚ ਕੁੱਲ 2,72,105 ਵਿਦਿਆਰਥੀ ਸ਼ਾਮਲ ਹੋਣਗੇ ਅਤੇ 13,363 ਵਿਦਿਆਰਥੀ ਸੀਨੀਅਰ ਸੈਕੰਡਰੀ ਓਪਨ ਪ੍ਰੀਖਿਆ ਵਿੱਚ ਬੈਠਣਗੇ।
ਉਨ੍ਹਾਂ ਦੱਸਿਆ ਕਿ ਬੋਰਡ ਪ੍ਰੀਖਿਆਵਾਂ ਲਈ ਸੂਬੇ ਭਰ ਵਿੱਚ ਕੁੱਲ 2579 ਪ੍ਰੀਖਿਆ ਕੇਂਦਰ ਬਣਾਏ ਗਏ ਹਨ ਅਤੇ ਪ੍ਰੀਖਿਆਵਾਂ ਦੇ ਸੁਚਾਰੂ ਅਤੇ ਨਿਰਪੱਖ ਸੰਚਾਲਨ ਨੂੰ ਯਕੀਨੀ ਬਣਾਉਣ ਲਈ 2579 ਸੁਪਰਡੈਂਟ ਅਤੇ 3269 ਡਿਪਟੀ ਸੁਪਰਡੈਂਟ ਤਾਇਨਾਤ ਕੀਤੇ ਗਏ ਹਨ। ਬੋਰਡ ਪ੍ਰੀਖਿਆਵਾਂ ਦੀ ਨਿਗਰਾਨੀ ਲਈ ਮੁੱਖ ਦਫ਼ਤਰ ਵਿਖੇ ਇੱਕ ਕੰਟਰੋਲ ਰੂਮ (0172-5227136, 137, 138) ਵੀ ਸਥਾਪਤ ਕੀਤਾ ਗਿਆ ਹੈ।