ਦਰਬਾਰ ਸਾਹਿਬ ਬਾਰੇ ਵਿਵਾਦਤ ਬਿਆਨ : ਸਿੱਖ ਜਥੇਬੰਦੀਆਂ ਨੇ SSP ਦਫ਼ਤਰ ਘੇਰਿਆ

By  Ravinder Singh November 15th 2022 04:47 PM

ਗੁਰਦਾਸਪੁਰ : ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਮੀਤ ਪ੍ਰਧਾਨ ਹਰਵਿੰਦਰ ਸੋਨੀ ਵੱਲੋਂ ਸ੍ਰੀ ਦਰਬਾਰ ਸਾਹਿਬ ਬਾਰੇ ਦਿੱਤੇ ਵਿਵਾਦਤ ਬਿਆਨ ਨੂੰ ਲੈ ਕੇ ਸਿੱਖ ਜਥੇਬੰਦੀਆਂ 'ਚ ਗੁੱਸੇ ਦੀ ਲਹਿਰ ਹੈ।  ਹਰਵਿੰਦਰ ਸੋਨੀ ਦੁਬਾਰਾ ਸ੍ਰੀ ਦਰਬਾਰ ਸਾਹਿਬ ਨੂੰ ਲੈ ਕੇ ਦਿੱਤੇ ਗਏ ਗਲਤ ਬਿਆਨ ਦੇ ਵਿਰੋਧ ਵਿਚ ਐਸਐਸਪੀ ਦਫ਼ਤਰ ਗੁਰਦਾਸਪੁਰ ਦੇ ਬਾਹਰ ਇਕੱਠੀਆਂ ਹੋਈਆਂ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼ਿਵ ਸੈਨਾ ਬਾਲ ਠਾਕਰੇ ਦੇ ਨੇਤਾ ਹਰਵਿੰਦਰ ਸੋਨੀ ਉਤੇ ਕਾਰਵਾਈ ਲਈ ਐਸਐਸਪੀ ਗੁਰਦਾਸਪੁਰ ਨੂੰ ਮੰਗ ਪੱਤਰ ਦਿੱਤਾ ਅਤੇ ਕਿਹਾ ਕਿ ਜਲਦ ਸੋਨੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਜਦ ਤੱਕ ਗ੍ਰਿਫ਼ਤਾਰੀ ਨਹੀਂ ਹੁੰਦੀ ਐਸਐਸਪੀ ਦਫ਼ਤਰ ਦੇ ਬਾਹਰ ਮੋਰਚਾ ਜਾਰੀ ਰਹੇਗਾ। 


ਇਸ ਦੌਰਾਨ ਐਸਐਸਪੀ ਦੀਪਕ ਹਿਲੋਰੀ ਨੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰ ਕੇ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਪਰ ਜਥੇਬੰਦੀਆਂ ਦੇ ਨੁਮਾਇੰਦੇ ਸੋਨੀ ਦੀ ਗ੍ਰਿਫ਼ਤਾਰੀ ਦੀ ਮੰਗ ਉਤੇ ਅੜੇ ਹੋਏ ਹਨ। ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਤੂਫ਼ਾਨ ਸਿੰਘ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸੋਨੀ ਨੂੰ ਤੁਰੰਤ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਵੇਲੇ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਧਰਨੇ ਉਤੇ ਬੈਠੇ ਹਨ। ਇਸ ਦੌਰਾਨ ਉਨ੍ਹਾਂ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ : ਸਤੇਂਦਰ ਜੈਨ ਨੂੰ VVIP ਸਹੂਲਤ ਦੇਣ ਦੇ ਮਾਮਲੇ 'ਚ ਤਿਹਾੜ ਜੇਲ ਦੇ ਸੁਪਰਡੈਂਟ ਮੁਅੱਤਲ

ਦੂਜੇ ਪਾਸੇ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਨੇ ਆਪਣੇ ਬਿਆਨ ਲਈ ਸਿੱਖ ਕੌਮ ਤੋਂ ਮੁਆਫੀ ਮੰਗਦਿਆਂ ਕਿਹਾ ਹੈ ਕਿ ਉਹ ਅਜਿਹੀ ਗੱਲ ਨਹੀਂ ਕਹਿਣਾ ਚਾਹੁੰਦੇ ਸਨ, ਇਹ ਸ਼ਬਦ ਉਨ੍ਹਾਂ ਦੇ ਮੂੰਹੋਂ ਨਿਕਲ ਗਏ ਹਨ, ਉਹ ਇਸ ਲਈ ਮੁਆਫੀ ਮੰਗਦੇ ਹਨ।

Related Post